
ਚੰਦੂਮਾਜਰਾ ਤੇ ਬਰਾੜ ਵੱਲੋਂ ਅਕਾਲੀ ਉਮੀਦਵਾਰਾਂ ਦੇ ਚੋਣ ਦਫ਼ਤਰਾਂ ਦਾ ਉਦਘਾਟਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜਨਵਰੀ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੇ ਸਿਆਸੀ ਸਲਾਹਕਾਰ ਚਰਨਜੀਤ ਸਿੰਘ ਬਰਾੜ ਅਤੇ ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ ਨੇ ਇੱਥੋਂ ਦੇ ਵਾਰਡ ਨੰਬਰ-41 ਤੋਂ ਅਕਾਲੀ ਦਲ ਦੀ ਉਮੀਦਵਾਰ ਬੀਬੀ ਰਣਜੀਤ ਕੌਰ ਬਰਾੜ ਅਤੇ ਵਾਰਡ ਨੰਬਰ-49 ਤੋਂ ਉਮੀਦਵਾਰ ਜੈਸਮੀਨ ਕੌਰ ਦੇ ਚੋਣ ਦਫ਼ਤਰਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਸੱਤਾ ਵਿੱਚ ਰਹਿੰਦਿਆਂ ਆਨੰਦ ਮਾਣਿਆ ਅਤੇ ਅੱਜ ਪਾਰਟੀ ਨੂੰ ਅਲਵਿਦਾ ਆਖ ਕੇ ਕਾਰਪੋਰੇਟ ਘਰਾਣੇ ਨਾਲ ਹੱਥ ਮਿਲਾ ਲਿਆ ਹੈ। ਮੁਹਾਲੀ ਦੇ ਲੋਕ ਉਨ੍ਹਾਂ ਨੂੰ ਨਗਰ ਨਿਗਮ ਚੋਣਾਂ ਵਿੱਚ ਸਬਕ ਸਿਖਾਉਣ ਦਾ ਮਨ ਬਣਾਈ ਬੈਠੇ ਹਨ। ਉਨ੍ਹਾਂ ਮੁੜ ਦੁਹਰਾਇਆ ਕਿ ਅਕਾਲੀ ਦਲ ਦੇ ਸਾਰੇ ਉਮੀਦਵਾਰ ਪਾਰਟੀ ਦੇ ਚੋਣ ਨਿਸ਼ਾਨ ‘ਤੱਕੜੀ’ ’ਤੇ ਹੀ ਚੋਣ ਲੜਨਗੇ ਅਤੇ ਜਿੱਤ ਹਾਸਲ ਕਰਨਗੇ। ਇਸ ਮੌਕੇ ਹਰਪਾਲ ਸਿੰਘ ਬਰਾੜ, ਨਰਿੰਦਰ ਸਿੰਘ ਧਾਲੀਵਾਲ, ਹਰਪ੍ਰੀਤ ਸਿੰਘ, ਨਰਿੰਦਰ ਕੌਰ ਅੌਜਲਾ ਵੀ ਹਾਜ਼ਰ ਸਨ।
ਸਬੰਧਤ ਤਸਵੀਰ: 1, ਅਕਾਲੀ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਚਰਨਜੀਤ ਬਰਾੜ ਤੇ ਹੋਰ ਆਗੂ।