
ਚੰਦੂਮਾਜਰਾ ਵੱਲੋਂ ਸਾਰੇ ਰੁਝੇਵੇਂ ਛੱਡ ਦਿੱਲੀ ਕਿਸਾਨ ਪਰੇਡ ਵਿੱਚ ਸ਼ਾਮਲ ਹੋਣ ਦਾ ਐਲਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜਨਵਰੀ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਉਹ 25 ਤੋਂ 27 ਜਨਵਰੀ ਨੂੰ ਆਪਣੇ ਸਾਰੇ ਸਿਆਸੀ, ਸਮਾਜਿਕ ਅਤੇ ਘਰੇਲੂ ਰੁਝੇਵੇਂ ਛੱਡ ਦਿੱਲੀ ਕਿਸਾਨ ਪਰੇਡ ਵਿੱਚ ਸ਼ਾਮਲ ਹੋਣਗੇ। ਅੱਜ ਇੱਥੇ ਉਨ੍ਹਾਂ ਕਿਹਾ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚ ਰਹੇ ਟਰੈਕਟਰ ਅਤੇ ਟਰਾਲੀਆਂ ਦਾ ਕਾਫ਼ਲਾ ਕੇਂਦਰ ਸਰਕਾਰ ਨੂੰ ਝੁੱਕਣ ਲਈ ਮਜਬੂਰ ਕਰ ਦੇਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਕਿਸਾਨ ਪਰੇਡ ਦੀ ਪੂਰਨ ਹਮਾਇਤ ਕਰਦਿਆਂ ਆਪਣੇ ਵਰਕਰਾਂ ਨੂੰ ਵੱਧ ਚੜ੍ਹ ਕੇ ਕਿਸਾਨ ਪਰੇਡ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਰਾਹੀ ਮੁੱਠੀ ਭਰ ਕਾਰਪੋਰੇਟ ਘਰਾਣਿਆਂ ਨੂੰ ਵਿੱਤੀ ਲਾਭ ਦੇਣ ਲਈ ਦੇਸ਼ ਦੇ ਅੰਨਦਾਤੇ ਦਾ ਗਲਾ ਘੁੱਟ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਆਪਣੀ ਜ਼ਿੱਦ ਛੱਡ ਕੇ ਕਿਸਾਨਾਂ ਦੀ ਮੰਗ ਵੱਲ ਧਿਆਨ ਦਿੰਦੇ ਹੋਏ ਤਿੰਨੇ ਕਾਨੂੰਨ ਮੁੱਢੋਂ ਰੱਦ ਕਰਨੇ ਚਾਹੀਦਾ ਹੈ। ਚੰਦੂਮਾਜਰਾ ਨੇ ਕਿਹਾ ਕੇਂਦਰ ਸਰਕਾਰ ਵੱਲੋਂ ਕਿਸਾਨ ਪਰੇਡ ਨੂੰ ਢਾਹ ਲਾਉਣ ਲਈ ਤਰ੍ਹਾਂ-ਤਰ੍ਹਾਂ ਦੇ ਹੱਥ ਕੰਡੇ ਵਰਤੇ ਜਾ ਰਹੇ ਹਨ, ਜੋ ਮੰਦਭਾਗਾ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰੇਡ ਵਿੱਚ ਸ਼ਾਮਲ ਹੋਣ ਲਈ ਸਰਕਾਰ ਵੱਲੋਂ ਸਾਰੇ ਬੈਰੀਕੇਡ ਹਟਾ ਕੇ ਰਸਤੇ ਸਾਫ਼ ਕਰਨੇ ਚਾਹੀਦੇ ਹਨ।