
ਚੰਦੂਮਾਜਰਾ ਦੇ ਭਾਣਜੇ ਹਰਵਿੰਦਰ ਸਿੰਘ ਹਰਪਾਲਪੁਰ ਨੇ ਅਕਾਲੀ ਦਲ ਨੂੰ ਆਖਰੀ ਫਤਿਹ ਬੁਲਾਈ
ਸੰਯੁਕਤ ਸਮਾਜ ਮੋਰਚੇ ਵਿੱਚ ਬਲਬੀਰ ਰਾਜੇਵਾਲ ਨੇ ਕੀਤਾ ਨਿੱਘਾ ਸਵਾਗਤ
ਨਬਜ਼-ਏ-ਪੰਜਾਬ ਬਿਊਰੋ, ਘਨੌਰ\ਰਾਜਪੁਰਾ, 17 ਜਨਵਰੀ:
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਘਨੌਰ ਹਲਕੇ ਤੋਂ ਸਾਂਝੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਭਾਣਜੇ ਅਤੇ ਮਾਰਕੀਟ ਕਮੇਟੀ ਪਟਿਆਲਾ ਦੇ ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ ਨੇ ਆਪਣੀ ਚੁੱਪੀ ਤੋੜਦਿਆਂ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਅਲਵਿਦਾ ਆਖਦਿਆਂ ਸੰਯੁਕਤ ਸਮਾਜ ਮੋਰਚੇ ਦੇ ਹਰੇ ਝੰਡੇ ਦੀ ਸ਼ਰਨ ਵਿੱਚ ਆ ਗਏ ਹਨ। ਖੇਤੀ ਕਾਨੂੰਨਾਂ ਖ਼ਿਲਾਫ਼ ਸਾਲ ਭਰ ਚੱਲੇ ਕਿਸਾਨ ਅੰਦੋਲਨ ਦੌਰਾਨ ਵੀ ਹਰਵਿੰਦਰ ਸਿੰਘ ਪੂਰੀ ਤਰ੍ਹਾਂ ਸਰਗਰਮ ਰਹੇ ਹਨ। ਅੱਜ ਘਨੌਰ ਵਿਖੇ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਕਾਮਰੇਡ ਪ੍ਰੇਮ ਸਿੰਘ ਭੰਗੂ ਦੇ ਚੋਣ ਦਫ਼ਤਰ ਦੇ ਉਦਘਾਟਨ ਕਰਨ ਪੁੱਜੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਅਤੇ ਸੰਯੁਕਤ ਸਮਾਜ ਮੋਰਚੇ ਦੇ ਪ੍ਰਮੁੱਖ ਆਗੂ ਬਲਵੀਰ ਸਿੰਘ ਰਾਜੇਵਾਲ ਦੀ ਮੌਜੂਦਗੀ ਵਿੱਚ ਹਰਵਿੰਦਰ ਸਿੰਘ ਹਰਪਾਲਪੁਰ ਨੇ ਜੈਕਾਰਾਂ ਛੱਡ ਕੇ ਅਕਾਲੀ ਦਲ ਨੂੰ ਆਖਰੀ ਫਤਿਹ ਬੁਲਾ ਕੇ ਸੰਯੁਕਤ ਸਮਾਜ ਮੋਰਚੇ ਨੂੰ ਸਮਰਪਿਤ ਹੋ ਗਏ ਹਨ।
ਹਰਵਿੰਦਰ ਸਿੰਘ ਵਿਦਿਆਰਥੀ ਜੀਵਨ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮੋਹਰੀ ਕਤਾਰ ਵਿੱਚ ਡਟ ਕੇ ਕੰਮ ਕਰਨ ਵਾਲੇ ਨਿਧੱੜਕ ਆਗੂ ਵਜੋਂ ਜਾਣੇ ਜਾਂਦੇ ਹਨ। ਉਨ੍ਹਾਂ ਵੱਲੋਂ ਚੋਣਾਂ ਦੇ ਐਨ ਮੌਕੇ ਪਾਰਟੀ ਛੱਡਣ ਨਾਲ ਜਿੱਥੇ ਅਕਾਲੀ ਦਲ ਅਤੇ ਉਨ੍ਹਾਂ ਦੇ ਮਾਮੇ ਚੰਦੂਮਾਜਰਾ ਦੀ ਚੋਣ ਮੁਹਿੰਮ ਨੂੰ ਬਹੁਤ ਵੱਡਾ ਘਾਟਾ ਪਵੇਗਾ। ਉੱਥੇ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ। ਉਹ ਕਾਫ਼ੀ ਸਮੇਂ ਤੋਂ ਆਪਣੇ ਮਾਮੇ ਚੰਦੂਮਾਜਰਾ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਸਖ਼ਤ ਨਾਰਾਜ਼ ਚੱਲ ਰਹੇ ਸਨ।