ਘੁਬਾਇਆ ਦੇ ਬੇਟੇ ਨੂੰ ਜਲਾਲਾਬਾਦ ਤੋਂ ਫਾਜਿਲਕਾ ਬਦਲਣ ਲਈ ਸੁਖਬੀਰ ਨੇ ਕੈਪਟਨ ਨਾਲ ਕੀਤਾ ਗੁਪਤ ਸਮਝੌਤਾ: ਆਪ

ਰਾਏ ਸਿੱਖ ਭਾਈਚਾਰੇ ਦੀ ਸਖ਼ਤ ਵਿਰੋਧਤਾ ਦੇ ਡਰ ਕਾਰਨ ਸੁਖਬੀਰ ਨੇ ਆਪਣੀ ਸੀਟ ਐਲਾਨਣ ਵਿੱਚ ਦੇਰੀ ਕੀਤੀ: ਵੜੈਚ ਤੇ ਮਾਨ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 2 ਜਨਵਰੀ:
ਆਮ ਆਦਮੀ ਪਾਰਟੀ (ਆਪ) ਦੇ ਸੂਬਾਈ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਆਪਣੇ ਜੱਦੀ ਹਲਕੇ ਜਲਾਲਾਬਾਦ ਤੋਂ ਚੋਣ ਲੜਨਾ ਸੁਰੱਖਿਅਤ ਨਹੀਂ ਸਮਝਦੇ ਹਨ ਕਿਉਂਕਿ ਉਨ੍ਹਾਂ ਨੂੰ ਡਰ ਹੈ ਕਿ ਬਾਦਲ ਪਰਿਵਾਰ ਖ਼ਿਲਾਫ਼ ਰਾਏ ਸਿੱਖ ਭਾਈਚਾਰੇ ਦੇ ਸਖ਼ਤ ਵਿਰੋਧ ਕਾਰਨ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ
ਸੁਖਬੀਰ ਸਿੰਘ ਬਾਦਲ, ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨਾਲ ਅੰਦਰਖਾਤੇ ਸਮਝੌਤਾ ਕਰਕੇ ਆਪਣੀ ਸੀਟ ਨੂੰ ਸੁਰੱਖਿਅਤ ਕਰਨਾ ਚਾਹੁੰਦੇ ਹਨ।
ਆਪ ਆਗੂਆਂ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਕੋਲ ਗੁਪਤ ਤਰੀਕੇ ਨਾਲ ਪਹੁੰਚ ਕੀਤੀ ਹੈ ਕਿ ਕਾਂਗਰਸ ਵੱਲੋਂ ਉਸ ਦੇ ਖਿਲਾਫ ਚੋਣ ਮੈਦਾਨ ਵਿੱਚ ਉਤਾਰੇ ਗਏ ਸ਼ੇਰ ਸਿੰਘ ਘੁਬਾਇਆ ਦੇ ਬੇਟੇ ਦਵਿੰਦਰ ਸਿੰਘ ਘੁਬਾਇਆ ਨੂੰ ਉਥੋਂ ਬਦਲਿਆ ਜਾਵੇ। ਉਨ੍ਹਾਂ ਕਿਹਾ ਕਿ ਆਪ ਦੇ ਧਿਆਨ ਵਿੱਚ ਆਇਆ ਹੈ ਕਿ ਸੁਖਬੀਰ ਸਿੰਘ ਬਾਦਲ ਦਵਿੰਦਰ ਗਰਚਾ ਨੂੰ ਜਲਾਲਾਬਾਦ ਤੋਂ ਫਾਜ਼ਿਲਕਾ ਸ਼ਿਫ਼ਟ ਕਰਵਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਨੂੰ ਮਿਲੀ ਸਿਆਸੀ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਉਥੋਂ ਜਿੱਤਣਾ ਸੰਭਵ ਨਹੀਂ ਹੈ ਕਿਉਂਕਿ ਆਪ ਨੇ ਉਥੇ ਬਾਦਲ ਪਰਿਵਾਰ ਨੂੰ ਚੁਣੌਤੀ ਦਿੱਤੀ ਹੋਈ ਹੈ। ਆਗੂਆਂ ਨੇ ਕਿਹਾ ਕਿ ਸ਼ੁਰੂ ਵਿੱਚ ਤਾਂ ਸੁਖਬੀਰ ਬਾਦਲ ਨੇ ਘੁਬਾਇਆ ਦੇ ਪਰਿਵਾਲ ਵੱਲੋਂ ਚਲਾਏ ਜਾਂਦੇ ਕਾਲਜ ਉੱਤੇ ਛਾਪਾ ਮਾਰ ਕੇ ਉਸ ਦੀ ਬਾਂਹ ਮਰੋੜਨ ਦੀ ਵੀ ਕੋਸ਼ਿਸ਼ ਕੀਤੀ ਸੀ। ਇਸ ਤੋਂ ਇਲਾਵਾ ਹਰਸਿਮਰਤ ਕੌਰ ਬਾਦਲ ਵੱਲੋਂ ਘੁਬਾਇਆ ਨੂੰ ‘ਨਾਸੁਕਰੇ ਵਿਅਕਤੀ’ ਦੱਸ ਕੇ ਉਨ੍ਹਾਂ ਦਾ ਅਪਮਾਨ ਕੀਤਾ ਗਿਆ ਅਤੇ ਨਾਲ ਹੀ ਪਾਰਟੀ ਛੱਡਣ ਲਈ ਵੀ ਕਿਹਾ ਗਿਆ ਸੀ।
ਆਪ ਆਗੂਆਂ ਨੇ ਕਿਹਾ ਕਿ ਜਲਾਲਾਬਾਦ ਹਲਕੇ ਵਿੱਚ ਰਾਏ ਸਿੱਖ ਭਾਈਚਾਰੇ ਦੀ ਬਹੁਗਿਣਤੀ ਹੈ ਅਤੇ ਉਹ ਸ਼ੇਰ ਸਿੰਘ ਘੁਬਾਇਆ ਦੇ ਅਕਾਲੀ ਦਲ ਲਈ ਪ੍ਰਚਾਰ ਦੇ ਐਲਾਨ ਮਗਰੋਂ ਕਦੇ ਵੀ ਅਕਾਲੀ ਦਲ ਨੂੰ ਵੋਟ ਨਹੀਂ ਪਾਉਣਗੇ। ਆਪ ਆਗੂਆਂ ਨੇ ਕਿਹਾ ਕਿ ਜਲਾਲਾਬਾਦ ਹਲਕੇ ਵਿੱਚ ਰਾਏ ਸਿੱਖ ਭਾਈਚਾਰੇ ਦਾ ਕਾਫੀ ਸਿਆਸੀ ਆਧਾਰ ਹੈ ਅਤੇ ਉਨਾਂ ਖੁਦ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਠੱਗਿਆ ਹੋਇਆ ਮਹਿਸੂਸ ਕਰਦੇ ਹਨ। ਆਪ ਆਗੂਆਂ ਨੇ ਕਿਹਾ ਕਿ ਲੋਕਾਂ ਦੇ ਅਕਾਲੀ-ਭਾਜਪਾ ਸਰਕਾਰ ਖਿਲਾਫ ਗੁੱਸੇ ਅਤੇ ਰਾਏ ਸਿੱਖ ਭਾਈਚਾਰੇ ਦੇ ਆਮ ਆਦਮੀ ਪਾਰਟੀ ਨੂੰ ਸਮਰਥਨ ਕਾਰਨ ਬਾਦਲਾਂ ਨੇ ਇਹ ਸਹੀ ਅੰਦਾਜਾ ਲਗਾਇਆ ਹੈ ਕਿ ਜਲਾਲਾਬਾਦ ਵਿੱਚ ਉਨਾਂ ਦੀ ਹਾਰ ਯਕੀਨੀ ਹੈ। ਉਨਾਂ ਕਿਹਾ ਕਿ ਰਾਏ ਸਿੱਖ ਭਾਈਚਾਰੇ ਵੱਲੋਂ ਆਮ ਆਦਮੀ ਪਾਰਟੀ ਨੂੰ ਭਰਵਾਂ ਸਮਰਥਨ ਦਿੱਤਾ ਜਾ ਰਿਹਾ ਹੈ ਕਿਉਂਕਿ ਉਹ ਕਾਂਗਰਸ ਦੀਆਂ ਸਿੱਖ ਵਿਰੋਧੀ ਨੀਤੀਆਂ ਕਾਰਨ ਕਾਂਗਰਸ ਨੂੰ ਕਦੇ ਵੀ ਵੋਟ ਨਹੀਂ ਪਾਉਣਗੇ। ਆਪ ਆਗੂਆਂ ਨੇ ਇੱਕ ਵਾਰ ਫਿਰ ਤੋਂ ਸੁਖਬੀਰ ਬਾਦਲ ਨੂੰ ਇੱਕ ਵਾਰ ਫਿਰ ਚੁਣੌਤੀ ਦਿੱਤੀ ਹੈ ਕਿ ਉਹ ਜਲਾਲਾਬਾਦ ਤੋਂ ਹੀ ਚੋਣ ਲੜਨ, ਨਾ ਕਿ ਸਿਆਸੀ ਸਰਪ੍ਰਸਤੀ ਲੈਣ ਲਈ ਕੈਪਟਨ ਅਮਰਿੰਦਰ ਸਿੰਘ ਦੇ ਪਿੱਛੇ ਭੱਜਣ। ਉਨਾਂ ਕਿਹਾ ਕਿ ਜੇਕਰ ਕਾਂਗਰਸ ਵੱਲੋਂ ਅਜਿਹਾ ਕੀਤਾ ਜਾਂਦਾ ਹੈ ਤਾਂ ਇਹ ਆਮ ਆਦਮੀ ਪਾਰਟੀ ਦੇ ਸਟੈਂਡ ਨੂੰ ਪ੍ਰਮਾਣਿਤ ਕਰੇਗਾ ਕਿ ਸੁਖਬੀਰ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਇੱਕ ਦੂਜੇ ਨਾਲ ਮਿਲ ਕੇ ਆਮ ਆਦਮੀ ਪਾਰਟੀ ਦੇ ਖਿਲਾਫ ਅਸੈਂਬਲੀ ਚੋਣਾਂ ਲੜੀਆਂ ਜਾ ਰਹੀਆਂ ਹਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…