
ਚੱਪੜਚਿੜੀ ਜੋੜ ਮੇਲਾ: ਸ਼੍ਰੋਮਣੀ ਕਮੇਟੀ ਵੱਲੋਂ 12 ਮਈ ਨੂੰ ਕੱਢਿਆ ਜਾਵੇਗਾ ਸਰਹਿੰਦ ਫਤਿਹ ਮਾਰਚ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਮਈ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਫਤਹਿ-ਏ-ਜੰਗ ਸਾਹਿਬ ਚੱਪੜਚਿੜੀ ਕਲਾਂ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਰਹਿੰਦ ਫਤਿਹ ਕਰਨ ਦੀ ਯਾਦ ਵਿੱਚ 12 ਮਈ ਨੂੰ ਸਾਲਾਨਾ ਜੋੜ ਮੇਲਾ ਮਨਾਉਣ ਲਈ ਅੱਜ ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਗੁਰਦੁਆਰਾ ਤਾਲਮੇਲ ਅਤੇ ਹੋਰਨਾਂ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ 10 ਮਈ ਨੂੰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾਣਗੇ ਅਤੇ 12 ਮਈ ਨੂੰ ਸਵੇਰੇ 9 ਵਜੇ ਭੋਗ ਪਾਏ ਜਾਣਗੇ। ਉਪਰੰਤ ਫਤਹਿਗੜ੍ਹ ਸਾਹਿਬ ਤੱਕ ਅਲੌਕਿਕ ਫਤਿਹ ਮਾਰਚ ਕੱਢਿਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਅਤੇ ਹੋਰ ਆਗੂ ਵੀ ਹਾਜ਼ਰ ਸਨ। ਉਨ੍ਹਾਂ ਨੇ ਸਮੂਹ ਤਾਲਮੇਲ ਕਮੇਟੀ ਮੈਂਬਰਾਂ, ਸਮਾਜਿਕ ਜਥੇਬੰਦੀਆਂ ਦੇ ਮੁਖੀਆਂ ਅਤੇ ਅਕਾਲੀ ਵਰਕਰਾਂ ਨੂੰ ਸਮਾਗਮ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ।
ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਆਪਣੇ ਵਿਚਾਰ ਪੇਸ਼ ਕੀਤੇ ਅਤੇ ਸੰਸਥਾ ਵੱਲੋਂ ਹਰ ਪੱਖੋਂ ਸਹਿਯੋਗ ਦੇਣ ਦਾ ਭਰੋਸਾ ਦਿੱਤ। ਇਸ ਮੌਕੇ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਕੰਵਲਜੀਤ ਸਿੰਘ ਰੂਬੀ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਅਵਤਾਰ ਸਿੰਘ ਸੈਂਪਲਾ, ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੈਨੇਜਰ ਨੱਥਾ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਨੌਜਵਾਨ ਸਭਾ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਵੱਲੋਂ 11 ਮਈ ਨੂੰ ਦਸਤਾਰ ਕੈਂਪ ਲਗਾਉਣ ਬਾਰੇ ਜਾਣਕਾਰੀ ਦਿੱਤੀ। ਅਖੀਰ ਵਿੱਚ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੇ ਮੈਨੇਜਰ ਭਾਈ ਰਜਿੰਦਰ ਸਿੰਘ ਟੌਹੜਾ ਨੇ ਵਿਚਾਰ ਪੇਸ਼ ਕੀਤੇ ਅਤੇ ਸਾਰਿਆਂ ਦਾ ਧੰਨਵਾਦ ਕੀਤਾ।