ਚੱਪੜਚਿੜੀ ਜੰਗੀ ਯਾਦਗਾਰ ਖੇਤਰ ਨੂੰ ਨਗਰ ਨਿਗਮ ਅਧੀਨ ਲਿਆ ਕੇ ਕੀਤਾ ਜਾਵੇਗਾ ਬਹੁਪੱਖੀ ਵਿਕਾਸ: ਸਿੱਧੂ

ਮੁਹਾਲੀ ਕੌਮਾਂਤਰੀ ਏਅਰਪੋਰਟ ਦਾ ਨਾਂ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ ਉੱਤੇ ਰੱਖਿਆ ਜਾਵੇ: ਬਾਵਾ

ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ ਸਿਹਤ ਮੰਤਰੀ ਬਲਬੀਰ ਸਿੱਧੂ ਤੇ ਹੋਰਨਾਂ ਸ਼ਖ਼ਸੀਅਤਾਂ ਦਾ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਈ:
ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਚੱਪੜਚਿੜੀ ਨੂੰ ਨਗਰ ਨਿਗਮ ਅਧੀਨ ਲਿਆ ਕੇ ਇਸ ਖੇਤਰ ਦਾ ਬਹੁਪੱਖੀ ਵਿਕਾਸ ਕਰਵਾਇਆ ਜਾਵੇਗਾ। ਜਿਸ ਨਾਲ ਇਹ ਇਤਿਹਾਸਕ ਥਾਂ ਵਿਸ਼ਵ ਪੱਧਰ ਉੱਤੇ ਉੱਭਰ ਕੇ ਸਾਹਮਣੇ ਆਵੇਗੀ ਤੇ ਨੌਜਵਾਨ ਪੀੜ੍ਹੀ ਆਪਣੀ ਅਮੀਰ ਵਿਰਾਸਤ ਨਾਲ ਜੁੜੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਜੰਗੀ ਯਾਦਗਾਰ ਚੱਪੜਚਿੜੀ ਵਿਖੇ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੂੰ ਅਕੀਦਤ ਭੇਟ ਕਰਨ ਮੌਕੇ ਕੀਤਾ।
ਇਸ ਮੌਕੇ ਬੋਲਦਿਆਂ ਬਲਬੀਰ ਸਿੱਧੂ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਜ਼ਾਲਮ ਹਕੂਮਤ ਨਾਲ ਵੱਖ-ਵੱਖ ਲੜਾਈਆਂ ਬਹੁਤ ਹੀ ਦਲੇਰੀ ਨਾਲ ਲੜ ਕੇ ਜ਼ੁਲਮ ਰਾਜ ਦੀ ਜੜ੍ਹ ਪੁੱਟੀ ਅਤੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਲਿਆ। ਉਨ੍ਹਾਂ ਕਿਹਾ ਕਿ ਅੱਜ ਜੇ ਭਾਰਤ ਸੁਰੱਖਿਅਤ ਹੈ ਤਾਂ ਇਹ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਮੁਗਲ ਰਾਜ ਦੀ ਇੱਟ ਨਾਲ ਇੱਟ ਖੜਕਾਉਣ ਸਦਕਾ ਹੀ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਦੇਸ਼ ’ਤੇ ਭੀੜ ਪਈ ਤਾਂ ਹਮੇਸ਼ਾ ਸਿੱਖਾਂ ਖ਼ਾਸ ਕਰਕੇ ਪੰਜਾਬੀਆਂ ਨੇ ਮੂਹਰੇ ਹੋ ਕੇ ਲੜਾਈ ਲੜੀ ਹੈ। ਇਸੇ ਤਰ੍ਹਾਂ ਹੁਣ ਕਰੋਨਾ ਮਹਾਮਾਰੀ ਦੇ ਸੰਕਟ ਵਿੱਚ ਵੀ ਪੰਜਾਬੀ ਅਤੇ ਸਿੱਖ ਫਰੰਟ ਲਾਈਨ ਯੋਧੇ ਵਾਂਗ ਕੰਮ ਕਰ ਰਹੇ ਹਨ।
ਇਸ ਤੋਂ ਪਹਿਲਾਂ ਫਾਊਂਡੇਸ਼ਨ ਦੇ ਪ੍ਰਧਾਨ ਅਤੇ ਪੰਜਾਬ ਰਾਜ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਸਰਹਿੰਦ ਫਤਹਿ ਦਿਵਸ ਦੀਆਂ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਦੇ ਦਿਨ ਬਾਬਾ ਬੰਦਾ ਸਿੰਘ ਬਹਾਦਰ ਨੇ ਚੱਪੜਚਿੜੀ ਦੇ ਮੈਦਾਨ ਵਿੱਚ ਸੂਬਾ ਸਰਹਿੰਦ ਦਾ ਖ਼ਾਤਮਾ ਕਰਕੇ ਪਹਿਲੇ ਸਿੱਖ ਰਾਜ ਦੀ ਸਥਾਪਨਾ ਕੀਤੀ ਅਤੇ ਮੁਖ਼ਲਸਗੜ੍ਹ (ਲੋਹਗੜ੍ਹ) ਨੂੰ ਸਿੱਖ ਰਾਜ ਦੀ ਰਾਜਧਾਨੀ ਬਣਾਇਆ। ਉਨ੍ਹਾਂ ਮੰਗ ਕੀਤੀ ਕਿ ਮੁਹਾਲੀ ਕੌਮਾਂਤਰੀ ਏਅਰਪੋਰਟ ਦਾ ਨਾਂ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ ਉੱਤੇ ਰੱਖਿਆ ਜਾਵੇ।
ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਵੱਲੋਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਅਤੇ ਸਾਬਕਾ ਸਰਪੰਚ ਜੋਰਾ ਸਿੰਘ ਭੁੱਲਰ ਸਮੇਤ ਹੋਰਨਾਂ ਉੱਘੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਿਆਰਾ ਸਿੰਘ ਸਰਪੰਚ ਚੱਪੜਚਿੜੀ ਕਲਾਂ, ਰਾਜਵੀਰ ਕੌਰ ਸਰਪੰਚ ਚੱਪੜਚਿੜੀ ਖੁਰਦ, ਸੁਰਜੀਤ ਸਿੰਘ ਸਾਬਕਾ ਸਰਪੰਚ ਚੱਪੜਚਿੜੀ ਖੁਰਦ, ਗੁਰਦੇਵ ਸਿੰਘ, ਅਮਰਜੀਤ ਸਿੰਘ ਕੈਲੋਂ, ਗੁਰਦੇਵ ਸਿੰਘ, ਅਮਰਜੀਤ ਸਿੰਘ ਪਹਿਲਵਾਨ ਲਖਨੌਰ, ਹਰਿੰਦਰ ਸਿੰਘ ਹੰਸ, ਕੁਲਵਿੰਦਰ ਸਿੰਘ ਚਾਨੇ, ਅਮਨਦੀਪ ਬਾਵਾ ਤੇ ਲਲਿਤ ਸ਼ਰਮਾ ਨੇ ਵੀ ਬਾਬਾ ਬੰਦਾ ਸਿੰਘ ਬਹਾਦਰ ਨੂੰ ਅਕੀਦਤ ਭੇਟ ਕੀਤੀ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …