
ਬੀਬੀਆਂ ਨੇ ਸੰਭਾਲਿਆ ਅਕਾਲੀ ਦਲ ਦੇ ਉਮੀਦਵਾਰ ਪਰਵਿੰਦਰ ਬੈਦਵਾਨ ਦੀ ਚੋਣ ਮੁਹਿੰਮ ਦਾ ਮੋਰਚਾ
ਮਹਿਲਾ ਅਕਾਲੀ ਆਗੂਆਂ ਨੇ ਸ਼ਹਿਰੀ ਖੇਤਰ ਤੇ ਪਿੰਡਾਂ ਵਿੱਚ ਕੀਤੀਆਂ ਨੁੱਕੜ ਮੀਟਿੰਗਾਂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਫਰਵਰੀ:
ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਬੈਦਵਾਨ ਦੀ ਚੋਣ ਮੁਹਿੰਮ ਦਾ ਮੋਰਚਾ ਬੀਬੀਆਂ ਨੇ ਸੰਭਾਲ ਲਿਆ ਹੈ। ਬੈਦਵਾਨ ਦੀ ਪਤਨੀ ਤੇ ਕੌਂਸਲਰ ਹਰਜਿੰਦਰ ਕੌਰ ਸੋਹਾਣਾ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਕੰਗ, ਬੀਬੀ ਕਸ਼ਮੀਰ ਕੌਰ ਨੇ ਇੱਥੋਂ ਦੇ ਫੇਜ਼-11 ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ਵਿਕਾਸ ਦੇ ਨਾਂ ’ਤੇ ਵੋਟ ਮੰਗੇ।
ਇਸ ਮੌਕੇ ਬੀਬੀ ਹਰਜਿੰਦਰ ਕੌਰ ਅਤੇ ਬੀਬੀ ਕੁਲਦੀਪ ਕੌਰ ਕੰਗ ਨੇ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਮੁਹਾਲੀ ਹਲਕੇ ਵਿੱਚ ਵਿਕਾਸ ਕੰਮਾਂ ਵਿੱਚ ਵੱਡੀ ਖੜੋਤ ਆਈ ਹੈ ਕਿਉਂਕਿ ਵਿਧਾਇਕ ਬਲਬੀਰ ਸਿੱਧੂ ਨੇ ਇਲਾਕੇ ਦੀ ਤਰੱਕੀ ਵੱਲ ਤਵੱਜੋ ਦੇਣ ਦੀ ਥਾਂ ਸਿਰਫ਼ ਆਪਣੇ ਪਰਿਵਾਰ ਨੂੰ ਤਰਜ਼ੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲੱਗਣ ਤੋਂ ਮਹੀਨਾ ਸਿੱਧੂ ਵੱਲੋਂ ਧੜਾਧੜ ਵਿਕਾਸ ਕੰਮਾਂ ਦੇ ਨੀਂਹ ਪੱਥਰ ਰੱਖੇ ਗਏ ਪ੍ਰੰਤੂ ਹੁਣ ਤੱਕ ਕਿਸੇ ਇਕ ਵੀ ਪ੍ਰਾਜੈਕਟ ਦਾ ਕੰਮ ਸ਼ੁਰੂ ਹੋਇਆ। ਆਈਟੀ ਸਿਟੀ ਮੁਹਾਲੀ ਵਿੱਚ ਬੱਸ ਅੱਡਾ ਅਤੇ ਸਿਟੀ ਬੱਸ ਦੀ ਸਹੂਲਤ ਨਾ ਹੋਣ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਧਰ, ਪਿੰਡ ਸੋਹਾਣਾ ਦੀ ਸਾਬਕਾ ਸਰਪੰਚ ਮਨਜੀਤ ਕੌਰ, ਦਲਬੀਰ ਕੌਰ ਨੇ ਪਿੰਡ ਗੀਗੇਮਾਜਰਾ, ਮੋਟੇਮਾਜਰਾ ਅਤੇ ਮਿੱਢੇਮਾਜਰਾ ਸਮੇਤ ਹੋਰ ਨੇੜਲੇ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਇੰਜ ਹੀ ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਦੀ ਅਗਵਾਈ ਹੇਠ ਬੀਬੀਆਂ ਨੇ ਪਿੰਡ ਚੱਪੜਚਿੜੀ, ਕੈਲੋਂ, ਲਾਂਡਰਾਂ, ਸਫ਼ੀਪੁਰ ਅਤੇ ਲਖਨੌਰ ਨੁੱਕੜ ਮੀਟਿੰਗਾਂ ਕਰਕੇ ਚੋਣ ਪ੍ਰਚਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।