ਮੁਹਾਲੀ ਜ਼ਿਲ੍ਹੇ ਵਿੱਚ ਉੱਚ ਮਿਆਰ ਦੇ ਬੀਜਾਂ ਨੂੰ ਯਕੀਨੀ ਬਣਾਉਣ ਲਈ ਚੈਕਿੰਗ

ਬਲਾਕ ਖੇਤੀਬਾੜੀ ਅਫ਼ਸਰਾਂ ਤੇ ਹੋਰ ਖੇਤੀਬਾੜੀ ਅਫ਼ਸਰਾਂ ਤੇ ਕਰਮਚਾਰੀਆਂ ਦੀਆਂ ਟੀਮਾਂ ਦਾ ਗਠਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਈ:
ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਵੱਲੋਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਸਾਉਣੀ 2020 ਲਈ ਲੋੜੀਂਦੇ ਝੋਨਾ, ਬਾਸਮਤੀ, ਮੱਕੀ, ਦਾਲਾਂ ਆਦਿ ਦੇ ਬੀਜਾਂ ਦੀ ਕਿਸਾਨਾਂ ਨੂੰ ਬਿਨਾਂ ਕਿਸੇ ਮੁਸ਼ਕਲ ਦੇ ਨਿਰੰਤਰ ਸਪਲਾਈ ਅਤੇ ਉੱਚ ਮਿਆਰ ਦੇ ਬੀਜਾਂ ਦੀ ਵਿਕਰੀ ਨੂੰ ਯਕੀਨੀ ਬਣਾਉਣ ਲਈ ਬਲਾਕ ਖੇਤੀਬਾੜੀ ਅਫ਼ਸਰਾਂ ਅਤੇ ਹੋਰ ਖੇਤੀਬਾੜੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਸਮੁੱਚੇ ਜ਼ਿਲ੍ਹੇ ਅੰਦਰ ਬੀਜ ਵੇਚਣ ਵਾਲੇ ਡੀਲਰਾਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਅੱਜ ਵੀ ਕਈ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਸਬੰਧਤ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਮੁਹਾਲੀ ਜ਼ਿਲ੍ਹੇ ਵਿੱਚ ਹੁਣ ਤੱਕ ਕਿਸੇ ਪਾਸਿਓਂ ਕੋਈ ਨਕਲੀ ਬੀਜ ਦੀ ਵਿਕਰੀ ਦਾ ਮਾਮਲਾ ਸਾਹਮਣੇ ਨਹੀਂ ਆਇਆ ਹੈ। ਬੀਜ ਡੀਲਰਾਂ ਤੋਂ ਸੀਡ ਐਕਟ ਅਧੀਨ ਵੱਖ-ਵੱਖ ਬੀਜਾਂ ਦੇ 27 ਸੈਂਪਲ ਕੁਆਲਿਟੀ ਚੈਕਿੰਗ ਲਈ ਭਰੇ ਗਏ ਹਨ ਅਤੇ ਇਨ੍ਹਾਂ ਨੂੰ ਟੈੱਸਟ ਕਰਾਉਣ ਲਈ ਸਬੰਧਤ ਬੀਜ ਪਰਖ ਪ੍ਰਯੋਗਸ਼ਾਲਾ ਨੂੰ ਭੇਜਿਆ ਗਿਆ ਹੈ।
ਡੀਸੀ ਨੇ ਦੱਸਿਆ ਕਿ ਇਨ੍ਹਾਂ ਸੈਂਪਲਾਂ ਦੇ ਨਤੀਜੇ ਛੇਤੀ ਹੀ ਪ੍ਰਾਪਤ ਹੋ ਜਾਣਗੇ। ਕਿਸਾਨਾਂ ਵੱਲੋਂ ਪੀ.ਆਰ ਕਿਸਮਾਂ ਦਾ ਬੀਜ ਆਪਣੇ ਪੱਧਰ ’ਤੇ ਵੀ ਰੱਖਿਆ ਜਾਂਦਾ ਹੈ ਅਤੇ ਅਜਿਹੇ ਬੀਜਾਂ ਦੇ ਵੀ 29 ਸੈਂਪਲ ਲੈ ਕੇ ਮਿਆਰ ਚੈਕ ਕਰਨ ਲਈ ਵਿਭਾਗ ਵੱਲੋਂ ਆਪਣੇ ਖਰਚੇ ਤੇ ਸਬੰਧਤ ਬੀਜ ਪਰਖ ਪ੍ਰਯੋਗਸ਼ਾਲਾ ਨੂੰ ਭੇਜੇ ਗਏ ਹਨ। ਇਸ ਤੋਂ ਇਲਾਵਾ ਡੀਲਰਾਂ ਦੇ ਸਟਾਕ ਰਜਿਸਟਰ , ਸੇਲ ਤੇ ਪ੍ਰਾਪਤੀ ਬਿੱਲ ਆਦਿ ਵੀ ਚੈਕ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਤਰਾਂ ਦਾ ਮਾਲੀ ਨੁਕਸਾਨ ਨਾ ਹੋਵੇ।
ਮੁੱਖ ਖੇਤੀਬਾੜੀ ਅਫ਼ਸਰ ਰਣਜੀਤ ਸਿੰਘ ਬੈਂਸ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਉਚਿੱਤ ਮਾਤਰਾ ਵਿੱਚ ਬੀਜ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਡੀਲਰਾਂ ਦੀ ਚੈਕਿੰਗ ਕੀਤੀ ਗਈ ਹੈ, ਜਿਸ ਅਨੁਸਾਰ ਬੀਜਾਂ ਦੀ ਕੋਈ ਘਾਟ ਨਹੀਂ ਹੈ ਅਤੇ ਲੋੜੀਂਦੀ ਮਾਤਰਾ ਵਿੱਚ ਬੀਜ ਵਾਜਬ ਰੇਟਾਂ ਤੇ ਉਪਲਬਧ ਹਨ। ਜਿੱਥੋਂ ਤੱਕ ਧਾਨ ਦੀਆਂ ਕਿਸਮਾਂ ਪੀਆਰ-128 ਅਤੇ ਪੀਆਰ-129 ਦਾ ਸਬੰਧ ਹੈ ਬਾਰੇ ਉਨ੍ਹਾਂ ਕਿਹਾ ਕਿ ਇਹ ਇਸ ਸਾਲ ਪੀ.ਏ.ਯੂ. ਲੁਧਿਆਣਾ ਵੱਲੋਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਕਿਸਮਾਂ ਦੇ ਬੀਜ ਜ਼ਿਲ੍ਹੇ ਵਿੱਚ ਕਿਸੇ ਵੀ ਡੀਲਰ ਕੋਲ ਉਪਲਬਧ ਨਹੀਂ ਹਨ ਅਤੇ ਕਿਸਾਨਾਂ ਵੱਲੋਂ ਕ੍ਰਿਸੀ ਵਿਗਿਆਨ ਕੇਂਦਰ ਫਤਹਿਗੜ੍ਹ ਸਾਹਿਬ, ਰੂਪਨਗਰ, ਨਾਰਾਇਣਗੜ੍ਹ ਅਤੇ ਪੀ.ਏ.ਯੂ. ਲੁਧਿਆਣਾ ਪਾਸੋਂ ਇਸ ਬੀਜ ਦੀ ਖਰੀਦ ਕਰਕੇ ਇਨ੍ਹਾਂ ਕਿਸਮਾਂ ਦੀ ਤਜਰਬੇ ਦੇ ਤੌਰ ‘ਤੇ ਕਾਸ਼ਤ ਕੀਤੀ ਜਾ ਰਹੀ ਹੈ। ਮੁਹਾਲੀ ਜ਼ਿਲ੍ਹੇ ਵਿੱਚ ਪਰਮਲ ਝੋਨੇ ਦਾ ਰਕਬਾ ਕਰੀਬ 28 ਹਜ਼ਾਰ ਹੈਕਟੇਅਰ ਹੈ ਅਤੇ ਬਾਸਮਤੀ ਦਾ ਰਕਬਾ 1200 ਹੈਕਟੇਅਰ ਹੈ। ਇਸ ਰਕਬੇ ਲਈ ਲਗਭਗ 6 ਹਜ਼ਾਰ ਕੁਇੰਟਲ ਬੀਜ ਲੋੜੀਂਦਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਨਕਲੀ ਬੀਜਾਂ ਦੀ ਵਿਕਰੀ ਨੂੰ ਲੈ ਕੇ ਸਿਆਸੀ ਮਾਹੌਲ ਭਖਿਆ ਹੋਇਆ ਹੈ। ਜਿੱਥੇ ਕਿਸਾਨਾਂ ਨੂੰ ਮਹਿੰਗੇ ਭਾਅ ’ਤੇ ਬੀਜ ਵੇਚੇ ਜਾ ਰਹੇ ਹਨ, ਉਹ ਇਹ ਬੀਜ ਗੈਰ ਮਿਆਰੀ ਹੋਣ ਕਾਰਨ ਕਿਸਾਨਾਂ ਨੂੰ ਦੋਹਰੀ ਮਾਰ ਪੈ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…