
ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਵੱਲੋਂ ਚਾਰ ਪ੍ਰੀਖਿਆ ਕੇਂਦਰਾਂ ਦੀ ਅਚਨਚੇਤ ਚੈਕਿੰਗ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਨਵੰਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਜਾ ਰਹੀਆਂ ਪ੍ਰੀਖਿਆਵਾਂ ਤਹਿਤ ਅੱਜ ਦਸਵੀਂ ਸ਼੍ਰੇਣੀ ਦੀ ਪੰਜਾਬੀ ‘ਏ’ ਅਤੇ ਪੰਜਾਬ ਦਾ ਇਤਿਹਾਸ ਅਤੇ ਸਭਿਆਚਾਰ ‘ਏ’ ਅਤੇ ਬਾਰ੍ਹਵੀਂ ਸ਼੍ਰੇਣੀ ਦੇ ਜਨਰਲ ਪੰਜਾਬੀ ਅਤੇ ਪੰਜਾਬ ਹਿਸਟਰੀ ਐਂਡ ਕਲਚਰ ਵਿਸ਼ਿਆਂ ਦੀ ਪ੍ਰੀਖਿਆ ਹੋਈ। ਇਸ ਦੌਰਾਨ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ-ਕਮ-ਸਕੱਤਰ ਡਾ. ਵਰਿੰਦਰ ਭਾਟੀਆ ਵੱਲੋਂ ਸਿੱਖਿਆ ਮੰਤਰੀ ਪ੍ਰਗਟ ਸਿੰਘ ਵੱਲੋਂ ਨਕਲ ਨੂੰ ਨਕੇਲ ਪਾਉਣ ਦੀ ਦਿਲੀ ਇੱਛਾ ਨੂੰ ਧਿਆਨ ਵਿੱਚ ਰੱਖਦਿਆਂ ਮੁਹਾਲੀ ਜ਼ਿਲ੍ਹੇ ਦੇ ਚਾਰ ਪ੍ਰੀਖਿਆ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਡਾ. ਭਾਟੀਆ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਾਰੇ ਪ੍ਰੀਖਿਆ ਕੇਂਦਰਾਂ ਵਿੱਚ ਸਰਕਾਰ ਵੱਲੋਂ ਕੋਵਿਡ-19 ਸਬੰਧੀ ਸਮੇਂ-ਸਮੇਂ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਦੇ ਹੋਏ ਪ੍ਰੀਖਿਆਰਥੀਆਂ ਦੀ ਸੁਵਿਧਾ ਲਈ ਪ੍ਰੀਖਿਆਵਾਂ ਦੇਣ ਸਬੰਧੀ ਇੰਤਜ਼ਾਮ ਵਧੀਆ ਤਰੀਕੇ ਨਾਲ ਕੀਤੇ ਗਏ ਹਨ। ਡਾ. ਭਾਟੀਆ ਨੇ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਡਰ ਭੈਅ ਤੋਂ ਪ੍ਰੀਖਿਆਵਾਂ ਦੇਣ ਦੀ ਅਪੀਲ ਕੀਤੀ। ਪ੍ਰੀਖਿਆਰਥੀਆਂ ਵੱਲੋਂ ਵੀ ਕੋਵਿਡ-19 ਦੀਆਂ ਹਦਾਇਤਾਂ ਅਨੁਸਾਰ ਸਕੂਲ ਬੋਰਡ ਵੱਲੋਂ ਕੀਤੇ ਇੰਤਜ਼ਾਮਾਤ ਸਬੰਧੀ ਤਸੱਲੀ ਪ੍ਰਗਟਾਈ ਗਈ ਅਤੇ ਸ਼ਾਂਤਮਈ ਢੰਗ ਨਾਲ ਆਪਣੀ ਪ੍ਰੀਖਿਆ ਮੁਕੰਮਲ ਕੀਤੀ ਗਈ।
ਡਾ. ਵਰਿੰਦਰ ਭਾਟੀਆ ਵੱਲੋਂ ਮੁਹਾਲੀ ਜ਼ਿਲ੍ਹੇ ਦੇ ਪ੍ਰੀਖਿਆ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸੂਚਨਾ ਪ੍ਰਾਪਤ ਨਹੀਂ ਹੋਈ। ਅੰਤਿਮ ਸੂਚਨਾ ਪ੍ਰਾਪਤ ਹੋਣ ਤੱਕ ਸੂਬੇ ਦੇ ਬਾਕੀ ਪ੍ਰੀਖਿਆ ਕੇਂਦਰਾਂ ’ਚੋਂ ਵੀ ਕਿਤੇ ਨਕਲ ਕੇਸ ਜਾਂ ਅਣਸੁਖਾਵੀਂ ਘਟਨਾ ਦੀ ਕੋਈ ਖ਼ਬਰ ਨਹੀਂ ਸੀ।