ਸਿੱਧੂ ਮੂਸੇਵਾਲਾ ਦੇ ਸ਼ੂਟਰਾਂ ਨੂੰ ਪਨਾਹ ਦੇਣ ਵਾਲਾ, ਛੋਟਾ ਮਨੀ ਤੇ ਸਾਥੀ ਗ੍ਰਿਫ਼ਤਾਰ

ਮੁਲਜ਼ਮਾਂ ਦੇ ਕਬਜ਼ੇ ’ਚੋਂ ਦੋ ਪਿਸਤੌਲ ਅਤੇ ਗੋਲੀ ਸਿੱਕਾ ਬਰਾਮਦ, ਮੁਹਾਲੀ ’ਚ ਕੇਸ ਦਰਜ

ਛੋਟਾ ਮਨੀ ਨੇ 2017 ਵਿੱਚ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਵਿੱਚ ਵੀ ਕੀਤੀ ਸੀ ਮਦਦ: ਡੀਜੀਪੀ

ਨਬਜ਼-ਏ-ਪੰਜਾਬ, ਮੁਹਾਲੀ, 3 ਫਰਵਰੀ:
ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ਼) ਨੇ ਅਪਰਾਧਿਕ ਨੈੱਟਵਰਕ ਨੂੰ ਤਬਾਹ ਕਰਨ ਲਈ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਮਨਦੀਪ ਸਿੰਘ ਉਰਫ਼ ਛੋਟਾ ਮਨੀ ਵਾਸੀ ਚੰਡੀਗੜ੍ਹ ਅਤੇ ਉਸ ਦੇ ਸਾਥੀ ਜਤਿੰਦਰ ਸਿੰਘ ਵਾਸੀ ਮੁਹੱਲਾ ਗੋਬਿੰਦਪੁਰਾ, ਮਨੀਮਾਜਰਾ ਨੂੰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਮੁਹਾਲੀ ਸਥਿਤ ਪੰਜਾਬ ਪੁਲੀਸ ਕਰਾਈਮ ਵਿੰਗ ਥਾਣੇ ਵਿੱਚ ਅਸਲਾ ਐਕਟ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ਮੁਲਜ਼ਮ ਛੋਟਾ ਮਨੀ ’ਤੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਸ਼ੂਟਰਾਂ ਨੂੰ ਛੁਪਣਗਾਹਾਂ ਮੁਹੱਈਆ ਕਰਵਾਉਣ ਦਾ ਦੋਸ਼ ਹੈ। ਮੁਲਜ਼ਮ ਨੇ ਗੈਂਗਸਟਰ ਦੀਪਕ ਟੀਨੂੰ ਦੀ ਭੱਜਣ ਵਿੱਚ ਮਦਦ ਕੀਤੀ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਛੋਟਾ ਮਨੀ ਅਤੇ ਜਤਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ .32 ਬੋਰ ਦੇ ਦੋ ਪਿਸਤੌਲ ਅਤੇ ਦਰਜਨ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਜ਼ੀਰਕਪੁਰ ਖੇਤਰ ਵਿੱਚ ਛੋਟਾ ਮਨੀ ਦੀ ਮੌਜੂਦਗੀ ਬਾਰੇ ਭਰੋਸੇਯੋਗ ਸੂਤਰਾਂ ਤੋਂ ਜਾਣਕਾਰੀ ਮਿਲੀ ਸੀ। ਉਪਰੰਤ ਏਡੀਜੀਪੀ ਪ੍ਰਮੋਦ ਬਾਨ ਅਤੇ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਕਮਾਨ ਹੇਠ ਪੁਲੀਸ ਨੇ ਮੁਲਜ਼ਮਾਂ ਦੇ ਟਿਕਾਣੇ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਡੀਜੀਪੀ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਲਈ ਸਰਗਰਮੀ ਨਾਲ ਕੰਮ ਕਰ ਰਹੇ ਸਨ ਅਤੇ ਦੋਵੇਂ ਅਪਰਾਧਿਕ ਪਿਛੋਕੜ ਵਾਲੇ ਹਨ, ਜਿਨ੍ਹਾਂ ਵਿਰੁੱਧ ਇਰਾਦਾ-ਏ-ਕਤਲ, ਜਬਰਨ ਵਸੂਲੀ, ਡਕੈਤੀ ਅਤੇ ਅਸਲਾ ਐਕਟ ਤਹਿਤ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਕਈ ਅਪਰਾਧਿਕ ਪਰਚੇ ਦਰਜ ਹਨ। ਮੁੱਢਲੀ ਜਾਂਚ ਵਿੱਚ ਇਹ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਵੱਲੋਂ ਵਿਰੋਧੀ ਗੈਂਗਸਟਰਾਂ ਦੀ ਮਿੱਥ ਕੇ ਕਤਲ ਕਰਨ ਸਬੰਧੀ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ।
ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਸਾਲ 2022 ਵਿੱਚ ਛੋਟਾ ਮਨੀ ਨੂੰ ਉਸਦੇ ਹੋਰ ਸਾਥੀਆਂ ਸਚਿਨ ਥਾਪਨ, ਦੀਪਕ ਮੁੰਡੀ ਅਤੇ ਜੋਗਿੰਦਰ ਜੋਗਾ ਸਾਰੇ ਸ਼ੂਟਰ ਅਤੇ ਸਿੱਧੂ ਮੂਸੇਵਾਲਾ ਕਤਲ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਵਿਦੇਸ਼ੀ ਹੈਂਡਲਰਾਂ ਦੇ ਕਹਿਣ ਮੁਤਾਬਕ ਅਯੁੱਧਿਆ ਆਧਾਰਿਤ ਰਾਜਨੇਤਾ ਵਿਕਾਸ ਸਿੰਘ ਦੇ ਇਸ਼ਾਰੇ ’ਤੇ ਸਨਸਨੀਖ਼ੇਜ਼ ਅਪਰਾਧ ਕਰਨ ਲਈ ਕਿਹਾ ਗਿਆ ਸੀ। ਜ਼ਿਕਰਯੋਗ ਹੈ ਕਿ ਬਾਅਦ ਵਿੱਚ ਵਿਕਾਸ ਸਿੰਘ ਨੂੰ ਨਵੰਬਰ 2023 ਵਿੱਚ ਕੌਮੀ ਜਾਂਚ ਏਜੰਸੀ (ਐਨਆਈਏ) ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਲਾਰੈਂਸ ਬਿਸ਼ਨੋਈ ਛੋਟਾ ਮਨੀ ਨੂੰ ਵਿਦੇਸ਼ ਵਿੱਚ ਵਸਾਉਣਾ ਚਾਹੁੰਦਾ ਸੀ ਅਤੇ ਉਸ ਨੂੰ ਯੂਰਪ ਵਿੱਚ ਸੁਰੱਖਿਅਤ ਪ੍ਰਵੇਸ਼ ਲਈ ਤਿੰਨ ਵਾਰ ਦੁਬਈ ਵੀ ਭੇਜਿਆ ਗਿਆ ਪਰ ਅਸਫਲ ਰਹਿਣ ਕਾਰਨ ਬਾਅਦ ਵਿੱਚ ਉਸ ਨੂੰ ਵਾਪਸ ਭਾਰਤ ਪਰਤਣਾ ਪਿਆ।

Load More Related Articles
Load More By Nabaz-e-Punjab
Load More In General News

Check Also

ਵਿਕਾਸ ਪ੍ਰਾਜੈਕਟਾਂ ਦਾ ਸਮੇਂ-ਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ ਅਧਿਕਾਰੀ: ਮੁੰਡੀਆਂ

ਵਿਕਾਸ ਪ੍ਰਾਜੈਕਟਾਂ ਦਾ ਸਮੇਂ-ਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ ਅਧਿਕਾਰੀ: ਮੁੰਡੀਆਂ ਕੈਬਨਿਟ ਮੰਤਰੀ…