ਮੁੱਖ ਮੰਤਰੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਅਮਨ-ਸ਼ਾਂਤੀ ਬਣਾਈ ਰੱਖਣ ਦੀ ਅਪੀਲ

ਗੜਬੜੀ ਰੋਕਣ ਲਈ ਲਗਾਤਾਰ ਚੌਕਸੀ ਰੱਖਣ ਦਾ ਭਰੋਸਾ, ਲੋੜ ਪੈਣ ਤੱਕ ਕਰਫਿਊ ਜਾਰੀ ਰਹੇਗਾ

ਮੰਗਲਵਾਰ ਨੂੰ ਹਾਲਾਤ ਦਾ ਮੁੜ ਜਾਇਜ਼ਾ ਲਿਆ ਜਾਵੇਗਾ, ਮੁੱਖ ਮੰਤਰੀ ਨੇ ਰਾਜਪਾਲ ਬਦਨੌਰ ਨਾਲ ਕੀਤੀ ਮੁਲਾਕਾਤ

ਨੁਕਸਾਨੀ ਸੰਪਤੀ ਤੋਂ ਇਲਾਵਾ ਕੇਂਦਰੀ ਹਥਿਆਰਬੰਦ ਸੈਨਾਵਾਂ ਦਾ ਖਰਚਾ ਵੀ ਡੇਰੇ ਕੋਲੋਂ ਵਸੂਲਣ ਦਾ ਦਾਅਵਾ ਕਰੇਗੀ ਸਰਕਾਰ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 28 ਅਗਸਤ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਰਾਮ ਰਹੀਮ ਨੂੰ 10 ਸਾਲਾਂ ਦੀ ਸਖ਼ਤ ਸਜ਼ਾ ਦੇਣ ਬਾਰੇ ਅਦਾਲਤ ਦੇ ਫੈਸਲੇ ਨੂੰ ਪ੍ਰਵਾਨ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਦੀ ਸਰਕਾਰ ਵੱਲੋਂ ਸੂਬੇ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਚੌਕਸੀ ਵਰਤਣ ਦਾ ਭਰੋਸਾ ਦਿੱਤਾ। ਨਾਲ ਹੀ ਉਨ੍ਹਾਂ ਕਿਹਾ ਕਿ ਲੋੜ ਪੈਣ ਤੱਕ ਕਰਫਿਊ ਜਾਰੀ ਰਹੇਗਾ। ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਅਦਾਲਤ ਵੱਲੋਂ ਦੋਸ਼ੀ ਠਹਿਰਾਉਣ ਤੋਂ ਬਾਅਦ ਸੂਬੇ ਵਿੱਚ ਅਮਨ-ਕਾਨੂੰਨ ਦੀ ਕਾਇਮੀ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਚੁੱਕੇ ਕਦਮਾਂ ਬਾਰੇ ਜਾਣੰੂ ਕਰਵਾਉਣ ਤੋਂ ਬਾਅਦ ਮੁੱਖ ਮੰਤਰੀ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਨੁਕਸਾਨੀ ਗਈ ਜਾਇਦਾਦ ਦੀ ਸੂਚੀ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਕੇਂਦਰੀ ਸੁਰੱਖਿਆ ਫੋਰਸਾਂ ਦਾ ਖਰਚਾ ਵੀ ਡੇਰੇ ਪਾਸੋਂ ਵਸੂਲਣ ਦਾ ਦਾਅਵਾ ਹਾਈ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੁਰੱਖਿਆ ਫੋਰਸਾਂ ਬਾਰੇ ਖਰਚੇ ਦਾ ਬਿੱਲ ਕੇਂਦਰ ਸਰਕਾਰ ਸੂਬੇ ਨੂੰ ਭੇਜੇਗੀ ਜੋ ਲੋੜੀਂਦੀ ਕਾਰਵਾਈ ਲਈ ਹਾਈ ਕੋਰਟ ਵਿੱਚ ਪੇਸ਼ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਬੰਧਤ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਵੱਲੋਂ ਇੱਕਾ-ਦੁੱਕਾ ਹਿੰਸਕ ਘਟਨਾਵਾਂ ਵਿੱਚ ਨੁਕਸਾਨੀ ਗਈ ਜਾਇਦਾਦ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ। ਕਰਫਿਊ ਦੀ ਲਗਾਤਾਰਤਾ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਹਤਿਆਤੀ ਕਦਮਾਂ ਵਜੋਂ ਕੁਝ ਇਲਾਕਿਆਂ ਵਿੱਚ ਲਾਏ ਕਰਫਿਊ ਨੂੰ ਹਟਾਉਣ ਦਾ ਫੈਸਲਾ ਲੈਣ ਤੋਂ ਪਹਿਲਾਂ ਮੰਗਲਵਾਰ ਨੂੰ ਹਾਲਾਤ ਦਾ ਮੁੜ ਜਾਇਜ਼ਾ ਲਿਆ ਜਾਵੇਗਾ। ਹੁਣ ਤੱਕ ਜਿਨ੍ਹਾਂ 10 ਜ਼ਿਲ੍ਹਿਆਂ ਵਿੱਚ ਕਰਫਿਊ ਲਾਇਆ ਗਿਆ ਸੀ, ਉਨ੍ਹਾਂ ਵਿੱਚੋਂ ਪੰਜ ਜ਼ਿਲ੍ਹਿਆਂ ਵਿੱਚੋਂ ਪੂਰੀ ਤਰ੍ਹਾਂ ਹਟਾ ਦਿੱਤਾ ਗਿਆ ਹੈ। ਮਾਨਸਾ, ਬਠਿੰਡਾ, ਫਰੀਦਕੋਟ, ਬਰਨਾਲਾ ਅਤੇ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਤੇ ਪਾਤੜ੍ਹਾਂ ਵਿੱਚ ਰਾਤ ਦੇ ਸਮੇਂ ਦਾ ਕਰਫਿਊ ਹਾਲ ਦੀ ਘੜੀ ਜਾਰੀ ਰਹੇਗਾ। ਇਹਤਿਆਤ ਵਜੋਂ ਦੋ ਜ਼ਿਲ੍ਹਿਆਂ ਮਾਨਸਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਕਸਬੇ ਵਿੱਚ ਫੌਜ ਤਾਇਨਾਤ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਪੰਜਾਬ ਰਾਜ ਭਵਨ ਵਿੱਚ ਰਾਜਪਾਲ ਨੂੰ ਮਿਲਣ ਤੋਂ ਪਹਿਲਾਂ ਆਪਣੀ ਰਿਹਾਇਸ਼ ’ਤੇ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀਆਂ ਦੀ ਉਚ ਪੱਧਰੀ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਮੋਬਾਈਲ ਡਾਟਾ ਸੇਵਾਵਾਂ ਭਲਕੇ 29 ਅਗਸਤ ਨੂੰ ਬਹਾਲ ਕਰ ਦਿੱਤੀਆਂ ਜਾਣਗੀਆਂ ਜਦਕਿ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਸਕੂਲ-ਕਾਲਜ ਖੋਲ੍ਹਣ ਦਾ ਫੈਸਲਾ ਸਬੰਧਤ ਡਿਪਟੀ ਕਮਿਸ਼ਨਰਾਂ ’ਤੇ ਛੱਡਿਆ ਗਿਆ ਹੈ। ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਮ ਰਹੀਮ ਨੂੰ 10 ਵਰ੍ਹਿਆਂ ਦੀ ਸਜ਼ਾ ਸੁਣਾਉਣ ਦੇ ਅਦਾਲਤੀ ਫੈਸਲੇ ਦਾ ਸੁਆਗਤ ਜਾਂ ਰੱਦ ਕਰਨ ਵਾਲੀ ਕੋਈ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਨਿਆਂਇਕ ਫੈਸਲਾ ਹੈ ਜਿਸ ਨੂੰ ਹਰ ਇਕ ਨੇ ਪ੍ਰਵਾਨ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਦਿਲਚਸਪੀ ਸਿਰਫ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਯਕੀਨੀ ਬਣਾਉਣ ਵਿੱਚ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਨੇ ਅਮਨ-ਕਾਨੂੰਨ ਦੀ ਸਥਿਤੀ ਬਾਰੇ ਜਾਣੰੂ ਕਰਵਾਉਂਦਿਆਂ ਦੱਸਿਆ ਕਿ ਸ਼ੁੱਕਰਵਾਰ ਨੂੰ ਵਾਪਰੀਆਂ ਇੱਕਾ-ਦੁੱਕਾ ਘਟਨਾਵਾਂ ਤੋਂ ਬਾਅਦ ਹਿੰਸਾ ਦੀ ਕੋਈ ਘਟਨਾ ਸਾਹਮਣੇ ਨਹੀਂ ਆਈ। ਇਕ ਹੋਰ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਹਰਿਆਣਾ ਸਰਕਾਰ ਨੂੰ ਕਦੇ ਵੀ ਨਾਕਾਮ ਨਹੀਂ ਆਖਿਆ ਸਗੋਂ ਉਨ੍ਹਾਂ ਨੇ ਇਹ ਜ਼ਰੂਰ ਕਿਹਾ ਸੀ ਕਿ ਏਨੀ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਇਕ ਥਾਂ ’ਤੇ ਇਕੱਠੇ ਹੋਣ ਦੇਣਾ ਗਲਤੀ ਹੈ। ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਨੂੰ ਫੈਸਲੇ ਤੋਂ ਪਹਿਲਾਂ ਬੱਚਿਆਂ, ਅੌਰਤਾਂ ਅਤੇ ਹੋਰ ਵਿਅਕਤੀਆਂ ਦੇ ਅਜਿਹੇ ਇਕੱਠ ਨੂੰ ਰੋਕਣ ਲਈ ਇਹਤਿਆਤੀ ਕਦਮ ਅਸਰਦਾਰ ਢੰਗ ਨਾਲ ਚੱੁਕੇ ਜਾਣੇ ਚਾਹੀਦੇ ਸਨ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਅਦਾਲਤ ਦੇ ਫੈਸਲੇ ਤੋਂ ਬਾਅਦ ਪੰਜਾਬ ਵਿੱਚ ਪੈਦਾ ਹੋਈ ਸਥਿਤੀ ਬਾਰੇ ਇਕ ਵਿਸਥਾਰਤ ਰਿਪੋਰਟ ਰਾਜਪਾਲ ਨੂੰ ਸੌਂਪੀ।
ਮੁੱਖ ਮੰਤਰੀ ਨੇ ਰਾਜਪਾਲ ਨੂੰ ਦੱਸਿਆ ਕਿ ਸੂਬੇ ਵਿੱਚ ਅਮਨ-ਸ਼ਾਂਤੀ ਬਰਕਰਾਰ ਹੈ ਪਰ ਉਨ੍ਹਾਂ ਦੀ ਸਰਕਾਰ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਨਾ ਲੈਣ ਦੇਣ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਨਿਗਰਾਨੀ ਅਤੇ ਚੌਕਸੀ ਵਰਤ ਰਹੀ ਹੈ। ਆਪਣੇ ਪੱਤਰ ਵਿੱਚ ਮੁੱਖ ਮੰਤਰੀ ਨੇ ਰਾਜਪਾਲ ਨੂੰ ਜਾਣੰੂ ਕਰਵਾਇਆ ਕਿ 25 ਅਗਸਤ ਨੂੰ ਪੰਚਕੂਲਾ ਵਿੱਚ ਹੋਈ ਪੁਲੀਸ ਗੋਲੀਬਾਰੀ ਨਾਲ ਮਾਰੇ ਗਏ 32 ਵਿਅਕਤੀਆਂ ਵਿੱਚੋਂ 12 ਵਿਅਕਤੀ ਪੰਜਾਬ ਤੋਂ ਸਨ। ਉਨ੍ਹਾਂ ਅੱਗੇ ਦੱਸਿਆ ਕਿ ਸ਼ਨਾਖ਼ਤ ਕੀਤੇ ਮ੍ਰਿਤਕ ਵਿਅਕਤੀਆਂ ਨੂੰ ਉਨ੍ਹਾਂ ਦੇ ਪਿੰਡਾਂ ਵਿੱਚ ਸੁਰੱਖਿਅਤ ਪਹੁੰਚਾ ਦਿੱਤਾ ਗਿਆ ਹੈ। ਆਪਣੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਾ ਤਾਂ ਗੋਲੀਬਾਰੀ ਤੇ ਲਾਠੀਚਾਰਜ ਹੋਇਆ ਅਤੇ ਨਾ ਹੀ ਅੱਗਜ਼ਨੀ ਤੇ ਲੁੱਟ ਕੋਈ ਹੋਰ ਵੱਡੀ ਘਟਨਾ ਵਾਪਰੀ। ਹਾਲਾਂਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਅੱਗਜ਼ਨੀ ਅਤੇ ਲੁੱਟ ਦੀਆਂ 52 ਮਾਮੂਲੀ ਘਟਨਾਵਾਂ ਸਾਹਮਣੇ ਆਈਆਂ ਹਨ ਪਰ ਇਨ੍ਹਾਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਸ਼ਰਾਰਤੀ ਅਨਸਰਾਂ ਵਿੱਚੋਂ ਬਹੁਤਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਵਿੱਚ ਇਹਤਿਆਤ ਵਜੋਂ 60 ਵਿਅਕਤੀ ਹਿਰਾਸਤ ਵਿੱਚ ਲਏ ਹਨ। ਪੰਚਕੂਲਾ ਦੀ ਅਦਾਲਤ ਦੇ ਫੈਸਲੇ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਰਾਖੀ ਅਤੇ ਸਥਿਤੀ ਨੂੰ ਕਾਬੂ ਹੇਠ ਰੱਖਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਚੁੱਕੇ ਕਦਮਾਂ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਵਧਾਨੀ ਵਜੋਂ ਦੱਖਣੀ ਪੰਜਾਬ ਦੇ 10 ਸ਼ਹਿਰਾਂ ਵਿੱਚ 25 ਅਗਸਤ ਦੀ ਦੁਪਹਿਰ ਨੂੰ ਕਰਫਿਊ ਲਾ ਦਿੱਤਾ ਗਿਆ ਸੀ ਜਿੱਥੇ ਡੇਰਾ ਪ੍ਰੇਮੀਆਂ ਦੀ ਵੱਡੀ ਗਿਣਤੀ ਹੈ। ਉਨ੍ਹਾਂ ਦੱਸਿਆ ਕਿ ਲਗਪਗ ਸਾਰੇ ਸ਼ਹਿਰਾਂ ਵਿੱਚੋਂ ਕਰਫਿਊ ਹਟਾ ਦਿੱਤਾ ਗਿਆ ਭਾਵੇਂ ਕਿ ਸਥਿਤੀ ’ਤੇ ਨਿਰੰਤਰ ਨਜ਼ਰ ਰੱਖੀ ਜਾ ਰਹੀ ਹੈ। ਮੁੱਖ ਮੰਤਰੀ ਨੇ ਰਾਜਪਾਲ ਨੂੰ ਦੱਸਿਆ ਕਿ ਫੌਜ ਨੂੰ 25 ਅਗਸਤ ਦੀ ਰਾਤ ਨੂੰ ਸੱਦਿਆ ਗਿਆ ਜਿਸ ਨੇ ਸਿਵਲ ਪ੍ਰਸ਼ਾਸਨ ਨੂੰ ਕਰਫਿਊ ਲਾਗੂ ਵਿੱਚ ਮਦਦ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਨਿੱਜੀ ਤੌਰ ’ਤੇ ਜ਼ੀਰਕਪੁਰ, ਬਨੂੜ, ਮੁਹਾਲੀ, ਖਰੜ, ਮਾਨਸਾ, ਮੌੜ, ਬਠਿੰਡਾ, ਬੱਲੂਆਣਾ ਅਤੇ ਮਲੋਟ ਸਮੇਤ ਨਾਜ਼ੁਕ ਥਾਵਾਂ ਦਾ ਖੁਦ ਦੌਰਾ ਕਰਕੇ ਨਾ ਸਿਰਫ ਆਮ ਲੋਕਾਂ ਨਾਲ ਮੁਲਾਕਾਤ ਕੀਤੀ ਸਗੋਂ ਇਨ੍ਹਾਂ ਥਾਵਾਂ ’ਤੇ ਤਾਇਨਾਤ ਪੰਜਾਬ ਪੁਲੀਸ ਅਤੇ ਨੀਮ ਫੌਜੀ ਦਸਤਿਆਂ ਨੂੰ ਵੀ ਮਿਲੇ।
ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਤੇ ਅਰਧ ਸੈਨਿਕ ਬਲਾਂ ਨੇ ਸੂਬੇ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣ ਵਿੱਚ ਸ਼ਲਾਘਾਯੋਗ ਜ਼ਿੰਮੇਵਾਰੀ ਨਿਭਾਈ ਹੈ। ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 25 ਅਗਸਤ ਦੀ ਦੁਪਹਿਰ ਨੂੰ ਪੰਚਕੂਲਾ ਵਿੱਚ ਭੀੜ ਦੇ ਖਿੰਡ ਜਾਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਨੇ ਪੰਜਾਬ ਦੇ ਡੇਰੇ ਸਮਰਥਕਾਂ ਨੂੰ ਸੜਕਾਂ ’ਤੇ ਕੋਈ ਸਮੱਸਿਆ ਪੈਦਾ ਕਰਨ ਦੇ ਬਿਨਾਂ ਘਰਾਂ ਵਿੱਚ ਸੁਰੱਖਿਅਤ ਪਹੁੰਚਾਉਣ ਨੂੰ ਯਕੀਨੀ ਬਣਾਇਆ। ਉਨ੍ਹਾਂ ਨੇ ਰਾਜਪਾਲ ਨੂੰ ਦੱਸਿਆ,‘‘ਅਸੀਂ ਪੁਲੀਸ ਦੇ ਪਹਿਰੇ ਹੇਠ 600 ਟਰੱਕਾਂ ਤੇ ਬੱਸਾਂ ਵਿੱਚ ਇਨ੍ਹਾਂ ਲੋਕਾਂ ਨੂੰ ਲਿਜਾਣ ਦੇ ਵੱਡੇ ਕਾਰਜ ਨੂੰ ਅੰਜ਼ਾਮ ਦਿੱਤਾ।’’ ਉਨ੍ਹਾਂ ਕਿਹਾ ਕਿ ਇਹ ਕਾਰਜ 26 ਅਗਸਤ ਨੂੰ ਸਵੇਰੇ 4 ਵਜੇ ਤੱਕ ਖਤਮ ਹੋਇਆ ਅਤੇ ਅਜਿਹੀ ਕਾਰਵਾਈ ਹੀ ਉਨ੍ਹਾਂ ਲੋਕਾਂ ਲਈ 28 ਅਗਸਤ ਨੂੰ ਸ਼ੁਰੂ ਕੀਤੀ ਗਈ ਹੈ ਜੋ ਹਰਿਆਣਾ-ਪੰਜਾਬ ਦੀ ਸਰਹੱਦ ’ਤੇ ਸਥਿਤ ਸਿਰਸਾ ਤੋਂ ਬਠਿੰਡਾ ਆਏ ਹਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…