nabaz-e-punjab.com

ਮੁੱਖ ਮੰਤਰੀ ਵੱਲੋਂ ਨਿਆਂਪਾਲਿਕਾ ’ਤੇ ਬੋਝ ਘਟਾਉਣ ਲਈ ਕਾਰਜਪਾਲਿਕਾ ਨੂੰ ਆਪਣਾ ਕੰਮਕਾਜ ਸੁਧਾਰਨ ਦੀ ਨਸੀਹਤ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 18 ਅਗਸਤ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਦੇ ਕਾਰਜਕਾਰੀ ਵਿੰਗ ਨੂੰ ਆਪਣੀ ਕਮਰ ਕੱਸਣ ਅਤੇ ਆਪਣੇ ਕੰਮ ਕਾਜ ਵਿੱਚ ਸੁਧਾਰ ਲਿਆਉਣ ਦਾ ਸੱਦਾ ਦਿੱਤਾ ਹੈ ਤਾਂ ਜੋ ਨਿਆਂਪਾਲਿਕਾ ’ਤੇ ਬੋਝ ਨੂੰ ਘੱਟ ਤੋਂ ਘੱਟ ਕੀਤਾ ਜਾ ਸਕੇ। ਪੰਜਾਬ ਅਤੇ ਹਰਿਆਣਾ ਬਾਰ ਐਸੋਸ਼ੀਏਸ਼ਨ ਦੇ ਪ੍ਰਧਾਨ ਅਨਮੋਲ ਰਤਨ ਸਿੱਧੂ ਦੀ ਪ੍ਰਧਾਨਗੀ ਵਿੱਚ ਐਸੋਸ਼ੀਏਸ਼ਨ ਦੇ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਛੋਟੇ-ਛੋਟੇ ਮੁੱਦਿਆਂ ’ਤੇ ਲੋਕਾਂ ਨੂੰ ਨਿਆਂ ਲਈ ਨਿਆਂਪਾਲਿਕਾ ਤੱਕ ਨਹੀਂ ਭੱਜਾਉਣਾ ਚਾਹੀਦਾ। ਇਸ ਮੌਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਐਸ.ਜੇ. ਵਜ਼ੀਫਦਾਰ ਅਤੇ ਹੋਰ ਸੀਨੀਅਰ ਜੱਜ ਵੀ ਮੌਜੂਦ ਸਨ।
ਲੋਕਾਂ ਦੀ ਭਲਾਈ ਲਈ ਨਿਆਂਪਾਲਿਕਾ ਵੱਲੋਂ ਕੀਤੇ ਗਏ ਕਾਰਜਾਂ ਦੀ ਪ੍ਰਸ਼ੰਸਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਾਰਜਪਾਲਿਕਾ ਬਹੁਤ ਘੱਟ ਫੈਸਲੇ ਲੈਂਦੀ ਹੈ ਅਤੇ ਸਾਰੇ ਅਹਿਮ ਮੁੱਦੇ ਨਿਆਂਪਾਲਿਕਾ ’ਤੇ ਛੱਡ ਦਿੰਦੀ ਹੈ ਜਿਸ ਕਰਕੇ ਨਿਆਂਪਾਲਿਕਾ ’ਤੇ ਹੱਦੋਂ ਵਧ ਬੋਝ ਪੈਂਦਾ ਹੈ। ਬਾਰ ਕੌਂਸਲ ਵਿਖੇ ਲਾਇਬ੍ਰੇਰੀ ਅਤੇ ਹੋਰ ਬੁਨਿਆਦੀ ਢਾਂਚੇ ਦਾ ਪੱਧਰ ਉੱਚਾ ਚੁੱਕਣ ਲਈ ਬਾਰ ਕੌਂਸਲ ਵੱਲੋਂ ਕੀਤੀ ਗਈ ਵਿੱਤੀ ਸਹਾਇਤਾ ਦੀ ਮੰਗ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ 50 ਲੱਖ ਰੁਪਏ ਦਾ ਯੋਗਦਾਨ ਦੇਣ ਦਾ ਐਲਾਨ ਕੀਤਾ ਅਤੇ ਉਨ੍ਹਾਂ ਨੇ ਸੂਬੇ ਦੇ ਵਿੱਤੀ ਸੰਕਟ ਕਾਰਨ ਇਸ ਨੂੰ ਵਧਾਉਣ ਵਿੱਚ ਅਸਮਰਥਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਵਕੀਲਾਂ ਨੂੰ ਵਧੀਆ ਲਾਇਬ੍ਰੇਰੀਆਂ ਅਤੇ ਹੋਰ ਚੀਜ਼ਾਂ ਦੀ ਜ਼ਰੂਰਤ ਹੈ ਅਤੇ ਉਨ੍ਹਾਂ ਨੇ ਸੂਬੇ ਦੀ ਆਰਥਕ ਸਥਿਤੀ ਸੁਧਰਣ ਦੀ ਸੂਰਤ ਵਿੱਚ ਹੋਰ ਜ਼ਿਆਦਾ ਯੋਗਦਾਨ ਦੇਣ ਦਾ ਵਾਅਦਾ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ’ਤੇ 2.08 ਲੱਖ ਕਰੋੜ ਦਾ ਕਰਜ਼ਾ ਅਤੇ ਹੋਰ ਵੱਡੇ ਵਿੱਤੀ ਘਾਟੇ ਹਨ ਜੋ ਉਸ ਨੂੰ ਵਿਰਾਸਤ ਵਿੱਚ ਮਿਲੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡੀ ਸਮੱਸਿਆ ਹੈ ਪਰ ਉਨ੍ਹਾਂ ਨੇ ਕੇਂਦਰ ਵੱਲੋਂ ਸੂਬੇ ਨਾਲ ਕੀਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕੀਤਾ। ਸੂਬੇ ਵਿੱਚ ਬੇਰੋਜ਼ਗਾਰੀ, ਖੇਤੀ ਸੰਕਟ ਅਤੇ ਆਰਥਕ ਪੁਨਰ-ਸੁਰਜੀਤੀ ਨੂੰ ਆਪਣੀ ਸਰਕਾਰ ਲਈ ਵੱਡੀ ਚੁਣੌਤੀ ਦੱਸਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਸਥਿਤੀ ਬਹੁਤ ਚੁਣੌਤੀਪੂਰਨ ਹੈ ਅਤੇ ਇਸ ਨਾਲ ਪ੍ਰਭਾਵੀ ਤਰੀਕੇ ਨਾਲ ਨਿਪਟਣ ਲਈ ਤਾਲਮੇਲ ਰਾਹੀਂ ਕੋਸ਼ਿਸ਼ਾਂ ਕੀਤੇ ਜਾਣ ਦੀ ਜ਼ਰੂਰਤ ਹੈ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਹਮੇਸ਼ਾ ਹੀ ਪ੍ਰਧਾਨ ਮੰਤਰੀ ਵਜੋਂ ਪੰਜਾਬ ਵਿੱਚ ਅਕਾਲੀਆਂ ਸਣੇ ਸਾਰੇ ਸੂਬਿਆਂ ਨੂੰ ਮਦਦ ਦੇਣਾ ਆਪਣੀ ਡਿਊਟੀ ਸਮਝਣਾ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਯਾਦ ਕੀਤਾ। ਮੁੱਖ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਮੰਤਰੀਆਂ ਵੱਲੋਂ ਸੂਬੇ ਦੀ ਕਾਂਗਰਸ ਸਰਕਾਰ ਨਾਲ ਵੀ ਉਸੇ ਤਰ੍ਹਾਂ ਦਾ ਹੀ ਵਤੀਰਾ ਅਪਣਾਉਣ ’ਤੇ ਤਸੱਲੀ ਪ੍ਰਗਟ ਕੀਤੀ।
ਇਸ ਤੋਂ ਪਹਿਲਾਂ ਚੀਫ਼ ਜਸਟਿਸ ਨੇ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਕੈਰੀਅਰ, ਫੌਜੀ ਇਤਿਹਾਸ ਬਾਰੇ ਕਿਤਾਬਾਂ ਅਤੇ ਹੋਰ ਲਿਖਤਾਂ ਸਬੰਧੀ ਕੀਤੇ ਗਏ ਕਾਰਜਾਂ ਦੀ ਸਰਹਾਨਾ ਕੀਤੀ। ਮੁੱਖ ਮੰਤਰੀ ਨੇ ਚੀਫ ਜਸਟਿਸ ਦੀ ਹਾਜ਼ਰੀ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਲਾਇਬ੍ਰੇਰੀ ਦੇ ਨਵੇਂ ਡਿਜੀਟਲ ਸੈਕਸ਼ਨ ਦਾ ਉਦਘਾਟਣ ਕੀਤਾ। ਇਸ ਮੌਕੇ ਸੀਨੀਅਰ ਜੱਜਾਂ ਅਤੇ ਵਕੀਲਾਂ ਤੋਂ ਇਲਾਵਾ ਪੰਜਾਬ ਦੇ ਐਡਵੋਕੇਟ ਜਨਰਲ ਅਤੱੁਲ ਨੰਦਾ, ਹਰਿਆਣਾ ਦੇ ਐਡਵੋਕੇਟ ਜਨਰਲ ਬਲਦੇਵ ਰਾਜ ਮਹਾਜਨ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਸਲਾਹਕਾਰ ਬੀ.ਆਈ.ਐਸ. ਚਾਹਲ ਅਤੇ ਸਿਆਸੀ ਸਕੱਤਰ ਕਰਨ ਸੇਖੋਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…