
ਗਿਰਦਾਵਰੀ ਤੋਂ ਪਹਿਲਾਂ ਮੁਆਵਜ਼ਾ ਦੇਣ ਦੇ ਆਪਣੇ ਐਲਾਨ ’ਤੇ ਹੁਣ ਅਮਲ ਕਰਨ ਮੁੱਖ ਮੰਤਰੀ ਭਗਵੰਤ ਮਾਨ
ਬੇਮੌਸਮੀ ਬਾਰਸ਼ ਤੇ ਗੜੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦਾ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ ਸਰਕਾਰ
ਇਸ਼ਤਿਹਾਰਬਾਜ਼ੀ ’ਤੇ ਕੀਤੀ ਜਾ ਰਹੀ ਫ਼ਜ਼ੂਲ-ਖ਼ਰਚੀ ਦੀ ਥਾਂ ਕਿਸਾਨਾਂ ਦੀ ਬਾਂਹ ਫੜੇ ਸੂਬਾ ਸਰਕਾਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਾਰਚ:
ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਬੇਮੌਸਮੀ ਬਾਰਸ਼ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਕਣਕ ਅਤੇ ਹੋਰ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠਾਂ ਦੱਬੇ ਹੋਏ ਕਿਸਾਨਾਂ ਨੂੰ ਰਾਹਤ ਮਿਲ ਸਕੇ।
ਅੱਜ ਇੱਥੇ ਬਲਬੀਰ ਸਿੱਧੂ ਨੇ ਕਿਹਾ ਕਿ ਪੰਜਾਬ ਭਰ ਵਿੱਚ ਪਿਛਲੇ ਦੋ-ਤਿੰਨ ਦਿਨ ਤੋਂ ਪੈ ਰਹੀ ਬਾਰਸ਼, ਤੇਜ਼ ਹਨੇਰੀ ਅਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਕਾਫ਼ੀ ਜ਼ਿਆਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਪੱਕਣ ਉੱਤੇ ਆਈ ਕਣਕ ਮੀਂਹ ਅਤੇ ਹਨੇਰੀ ਕਾਰਨ ਧਰਤੀ ’ਤੇ ਵਿਛ ਗਈ ਹੈ ਅਤੇ ਮੁਹਾਲੀ ਸਮੇਤ ਹੋਰ ਕਈ ਇਲਾਕਿਆਂ ਵਿੱਚ ਕਣਕ ਦੀਆਂ ਬੱਲੀਆਂ ਝੜ ਜਾਣ ਕਾਰਨ ਫ਼ਸਲ ਤਬਾਹ ਹੋ ਗਈ ਹੈ। ਕੁਦਰਤੀ ਦੀ ਇਸ ਕਰੋਪੀ ਕਾਰਨ ਕਣਕ ਦਾ ਝਾੜ ਘਟਣ ਦੇ ਨਾਲ-ਨਾਲ ਤੂੜੀ ਵੀ ਘੱਟ ਬਣੇਗੀ। ਜਿਸ ਕਾਰਨ ਆਉਣ ਵਾਲੇ ਸਮੇਂ ਵਿੱਚ ਪਸ਼ੂਆਂ ਲਈ ਚਾਰੇ ਦੀ ਸਮੱਸਿਆ ਵੀ ਆਵੇਗੀ।
ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਤੇਲੰਗਾਨਾ ਸਰਕਾਰ ਤੋਂ ਸੇਧ ਲੈਣੀ ਚਾਹੀਦੀ ਹੈ। ਜਿਸ ਨੇ ਗੜੇਮਾਰੀ ਕਾਰਨ ਫ਼ਸਲਾਂ ਦੇ ਨੁਕਸਾਨ ਲਈ 10 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਤੁਰੰਤ ਐਲਾਨ ਕਰ ਕੇ 250 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਸਾਲ ਸਹੁੰ ਚੁੱਕਣ ਤੋਂ ਬਾਅਦ 26 ਮਾਰਚ ਨੂੰ ਆਪਣੇ ਪਲੇਠੇ ਸਮਾਗਮ ਦੌਰਾਨ ਐਲਾਨ ਕੀਤਾ ਸੀ ਕਿ ਕਿਸਾਨਾਂ ਨੂੰ ਕੁਦਰਤੀ ਆਫ਼ਤ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਤੁਰੰਤ ਦਿੱਤਾ ਜਾਇਆ ਕਰੇਗਾ ਅਤੇ ਗਿਰਦਾਵਰੀ ਬਾਅਦ ਵਿੱਚ ਕਰਵਾਈ ਜਾਇਆ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਆਪਣੇ ਉਸ ਐਲਾਨ ’ਤੇ ਅਮਲ ਕਰਦਿਆਂ ਫੌਰੀ ਤੌਰ ’ਤੇ ਕਿਸਾਨਾਂ ਦੀ ਬਾਂਹ ਫੜੇ।
ਭਾਜਪਾ ਆਗੂ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਚਾਹੀਦਾ ਹੈ ਕਿ ਇਸ਼ਤਿਹਾਰਬਾਜ਼ੀ ਉੱਤੇ ਕੀਤੀ ਜਾ ਰਹੀ ਫ਼ਜ਼ੂਲ-ਖ਼ਰਚੀ ਰੋਕ ਕੇ ਇਹ ਪੈਸਾ ਕਿਸਾਨਾਂ ਨੂੰ ਰਾਹਤ ਦੇਣ ਲਈ ਖ਼ਰਚ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਕ ਸਾਲ ਵਿੱਚ ਇਸ਼ਤਿਹਾਰਬਾਜ਼ੀ ’ਤੇ ਖ਼ਰਚ ਕੀਤੇ 800 ਕਰੋੜ ਰੁਪਏ ਦੀ ਰਾਸ਼ੀ ਨਾਲ ਪੰਜ ਏਕੜ ਦੀ ਮਾਲਕੀ ਵਾਲੇ 40 ਲੱਖ ਕਿਸਾਨ ਪਰਿਵਾਰਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾ ਸਕਦਾ ਸੀ।