
ਪੰਜਾਬੀ ਮਾਂ ਬੋਲੀ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ ਇਤਿਹਾਸਕ ਤੇ ਬੇਮਿਸਾਲ: ਧਨੋਆ
ਸਾਈਨ ਬੋਰਡ ’ਤੇ ਪੰਜਾਬੀ ਨੂੰ ਸਭ ਤੋਂ ਉੱਪਰ ਲਿਖਣ ਨਾਲ ਮਾਂ ਬੋਲੀ ਦੀ ਵਧੇਗੀ ਹਰਮਨਪਿਆਰਤਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਨਵੰਬਰ:
ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀ ਮਾਂ ਬੋਲੀ ਦੇ ਪਸਾਰ ਲਈ ਕੀਤੇ ਤਾਜ਼ਾ ਐਲਾਨ ਦੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਚੁਫੇਰਿਓਂ ਸ਼ਲਾਘਾ ਕੀਤੀ ਜਾ ਰਹੀ ਹੈ। ਅੱਜ ਇੱਥੇ ਪੰਜਾਬੀ ਵਿਰਸਾ ਸਭਿਆਚਾਰਕ ਸੁਸਾਇਟੀ ਦੇ ਪ੍ਰਧਾਨ ਅਤੇ ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ, ਵਪਾਰ ਮੰਡਲ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ, ਕਾਂਗਰਸੀ ਕੌਂਸਲਰ ਪਰਮਜੀਤ ਸਿੰਘ ਹੈਪੀ, ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਸਮਾਜ ਸੇਵੀ ਪੀਐਸ ਵਿਰਦੀ ਅਤੇ ਹੋਰਨਾਂ ਵਿਅਕਤੀਆਂ ਨੇ ਫੇਜ਼-7 ਦੀ ਮਾਰਕੀਟ ਵਿੱਚ ਲੱਡੂ ਵੰਡੇ ਅਤੇ ਇਸ ਪਹਿਲਕਦਮੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।
ਸਤਵੀਰ ਧਨੋਆ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਸੂਬੇ ਦੇ ਕਿਸੇ ਮੁੱਖ ਮੰਤਰੀ ਨੇ ਪੰਜਾਬੀ ਬੋਲੀ ਨੂੰ ਹੋਰ ਹਰਮਨਪਿਆਰੀ ਬਣਾਉਣ ਲਈ ਇਤਿਹਾਸਕ ਫ਼ੈਸਲਾ ਕਰਦਿਆਂ ਸਰਕਾਰੀ ਦਫ਼ਤਰਾਂ, ਦੁਕਾਨਾਂ ਅਤੇ ਹੋਰਨਾਂ ਅਦਾਰਿਆਂ ਦੇ ਸਾਈਨ ਬੋਰਡਾਂ ਉੱਤੇ ਸਭ ਤੋਂ ਉੱਪਰ ਪੰਜਾਬੀ ਲਿਖਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਜ ਭਾਸ਼ਾ ਐਕਟ ਤਹਿਤ ਹੁਣ ਇਹ ਲਾਜ਼ਮੀ ਬਣ ਜਾਵੇਗਾ ਕਿ ਸਾਈਨ ਬੋਰਡਾਂ ’ਤੇ ਸਭ ਤੋਂ ਉੱਪਰ ਪੰਜਾਬੀ ਲਿਖੀ ਜਾਵੇ ਅਤੇ ਥੱਲੇ ਆਪਣੀ ਮਰਜ਼ੀ ਮੁਤਾਬਕ ਕੋਈ ਵੀ ਭਾਸ਼ਾ ਲਿਖੀ ਜਾ ਸਕਦੀ ਹੈ।
ਸ੍ਰੀ ਧਨੋਆ ਨੇ ਕਿਹਾ ਕਿ ਪੰਜਾਬੀ ਦੇ ਉਥਾਨ ਲਈ ਪਿਛਲੇ ਸਮੇਂ ਦੌਰਾਨ ਉਨ੍ਹਾਂ ਨੇ ਸਮੇਂ ਦੀਆਂ ਸਰਕਾਰਾਂ ਨੂੰ ਸੈਂਕੜੇ ਅਰਜ਼ੀਆਂ ਦਿੱਤੀਆਂ ਅਤੇ ਉੱਚ ਅਧਿਕਾਰੀਆਂ ਨੂੰ ਮਿਲ ਕੇ ਸਾਈਨ ਬੋਰਡਾਂ ’ਤੇ ਪੰਜਾਬੀ ਬੋਲੀ ਨੂੰ ਤਰਜ਼ੀਹ ਦੇਣ ਦੀ ਗੁਹਾਰ ਲਾਈ ਗਈ ਪਰ ਸਰਕਾਰਾਂ ਨੇ ਇਸ ਦਿਸ਼ਾ ਵਿੱਚ ਕੋਈ ਕਾਰਵਾਈ ਨਹੀਂ ਕੀਤੀ। ਹੁਣ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 21 ਫਰਵਰੀ 2023 ਤੱਕ ਆਪਣੇ ਕੰਮ, ਅਦਾਰੇ, ਦੁਕਾਨ, ਫੈਕਟਰੀ, ਦਫ਼ਤਰ ਦਾ ਨਾਂ ਸਭ ਤੋਂ ਪਹਿਲਾਂ ਪੰਜਾਬੀ ਵਿੱਚ ਲਿਖਣ ਦੇ ਆਦੇਸ਼ ਜਾਰੀ ਕਰਨ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੇ ਸੰਕੇਤ ਦੇਣ ਨਾਲ ਭਵਿੱਖ ਵਿੱਚ ਆਪਣੇ ਸੂਬੇ ਵਿੱਚ ਬੇਗਾਨੀ ਹੋਈ ਪੰਜਾਬੀ ਮਾਂ ਬੋਲੀ ਦੀ ਕਦਰ ਹੋਣ ਦੀ ਆਸ ਬੱਝੀ ਹੈ।