![](https://www.nabaz-e-punjab.com/wp-content/uploads/2022/02/AAP-Bhagwant-Mann-2.jpg)
ਮੁੱਖ ਮੰਤਰੀ ਭਗਵੰਤ ਮਾਨ ਦਾ 35 ਹਜ਼ਾਰ ਕੱਚੇ ਮੁਲਾਜ਼ਮਾਂ ਬਾਰੇ ਵੱਡਾ ਐਲਾਨ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 22 ਮਾਰਚ:
ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੇ 35 ਹਜ਼ਾਰ ਕੱਚੇ ਮੁਲਾਜ਼ਮਾਂ ਬਾਰੇ ਵੱਡਾ ਐਲਾਨ ਕਰਕੇ ਸਰਕਾਰ ਦੇ ਗਠਨ ਦੇ ਪਹਿਲੇ ਹੀ ਹਫ਼ਤੇ ਆਪਣਾ ਚੋਣ ਵਾਅਦਾ ਨਿਭਾਉਂਦਿਆਂ ਨਵੀਂ ਮਿਸਾਲ ਪੇਸ਼ ਕੀਤੀ ਹੈ, ਜਦੋਂਕਿ ਇਸ ਤੋਂ ਪਹਿਲੀਆਂ ਸਰਕਾਰਾਂ ਨੇ ਕਦੇ ਵੀ ਅਜਿਹੀ ਮਿਸਾਲ ਕਾਇਮ ਨਹੀਂ ਕੀਤੀ, ਸਗੋਂ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਪਾਰਟੀਆਂ ਦੀਆਂ ਸਰਕਾਰਾਂ ਸਮੇਂ ਮੁਲਾਜ਼ਮਾਂ ਨੂੰ ਲੰਮਾਂ ਸਮਾਂ ਧਰਨਿਆਂ ਉੱਤੇ ਬੈਠਣਾ ਪਿਆ ਹੈ। ਭਗਵੰਤ ਮਾਨ ਨੇ ਕਿਹਾ ਕਿ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਜਲਦੀ ਪੱਕਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗਰੁੱਪ-ਸੀ ਅਤੇ ਗਰੁੱਪ-ਡੀ ਦੇ ਸਾਰੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ। ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਨੂੰ ਆਦੇਸ਼ ਦਿੱਤੇ ਗਏ ਹਨ। ਮੁਲਾਜ਼ਮ ਵਰਗ ਨੂੰ ਠੇਕਾ ਪ੍ਰਣਾਲੀ ਅਤੇ ਠੇਕੇਦਾਰੀ ਸਿਸਟਮ ਤੋਂ ਮੁਕਤ ਕਰਨ ਲਈ ਠੋਸ ਨੀਤੀ ਘੜੀ ਜਾਵੇ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਵਾਲਾ ਇਹ ਕਾਨੂੰਨ ਅਗਲੇ ਸੈਸ਼ਨ ਤੋਂ ਪਹਿਲਾਂ ਪਹਿਲਾਂ ਹੋਂਦ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਦਿਨ-ਰਾਤ ਇਕ ਕੀਤਾ ਹੋਇਆ ਹੈ ਤਾਂ ਜੋ ਲੋਕ ਪੱਖੀ ਫੈਸਲੇ ਲਏ ਜਾਣ ਅਤੇ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀ ਜਨਤਾ ਨਾਲ ਕੀਤੇ ਸਾਰੇ ਪੜਾਅਵਾਰ ਪੂਰੇ ਕੀਤੇ ਜਾ ਸਕਣ।