Nabaz-e-punjab.com

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਾਈਵੇਟ ਸਾਇਲੋਜ ਨੂੰ ਮੰਡੀ ਯਾਰਡਾਂ ਵਿੱਚ ਬਦਲਣ ਦਾ ਫ਼ੈਸਲਾ ਰੱਦ

ਪੰਜਾਬ ਵਿੱਚ 26 ਮਾਰਕੀਟ ਕਮੇਟੀਆਂ ਭੰਗ ਕਰਨ ਦੀਆਂ ਖ਼ਬਰਾਂ ਨੂੰ ਬੇਬੁਨਿਆਦ ਦੱਸਿਆ

ਆਪਣੇ ਸਿਆਸੀ ਹਿੱਤਾਂ ਲਈ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ ਵਿਰੋਧੀ ਪਾਰਟੀਆਂ ਦੇ ਆਗ: ਬਰਸਟ

ਨਬਜ਼-ਏ-ਪੰਜਾਬ, ਮੁਹਾਲੀ, 2 ਅਪਰੈਲ:
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪੰਜਾਬ ਦੀਆਂ ਮੀਡੀਆ ਵਿੱਚ 26 ਮਾਰਕੀਟਿੰਗ ਕਮੇਟੀਆਂ ਭੰਗ ਕਰਕੇ ਇਨ੍ਹਾਂ ਦਾ ਪ੍ਰਬੰਧ ਪ੍ਰਾਈਵੇਟ ਸਾਇਲੋਜ ਨੂੰ ਸੌਂਪਣ ਦੀਆਂ ਖ਼ਬਰਾਂ ਨੂੰ ਬੇਬੁਨਿਆਦ ਦੱਸਦਿਆਂ ਸਪੱਸ਼ਟ ਕੀਤਾ ਕਿ ਕੋਈ ਵੀ ਮਾਰਕੀਟ ਕਮੇਟੀ ਭੰਗ ਨਹੀਂ ਕੀਤੀ ਗਈ ਅਤੇ ਨਾ ਹੀ ਭੰਗ ਕਰਨ ਦੀ ਕੋਈ ਯੋਜਨਾ ਹੈ। ਸ੍ਰੀ ਬਰਸਟ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਾਈਵੇਟ ਸਾਇਲੋਜ ਨੂੰ ਮੰਡੀ ਯਾਰਡਾਂ ਵਿੱਚ ਤਬਦੀਲ ਕਰਨ ਦੇ ਫ਼ੈਸਲੇ ਨੂੰ ਰੱਦ ਕਰ ਦਿੱਤਾ ਹੈ। ਇਹ ਫ਼ੈਸਲਾ ਕਿਸਾਨਾਂ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਮੁੱਦੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੁਹਾਲੀ ਵਿਖੇ 8 ਅਪਰੈਲ ਨੂੰ ‘ਆਪ’ ਸਰਕਾਰ ਵਿਰੁੱਧ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਸ੍ਰੀ ਬਰਸਟ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ 2013 ਵਿੱਚ ਸਾਇਲੋਜਾਂ ਨੂੰ ਮੰਡੀ ਯਾਰਡ ਬਣਾਉਣ ਦਾ ਫ਼ੈਸਲਾ ਲਿਆ ਗਿਆ ਸੀ ਅਤੇ ਉਦੋਂ ਤੋਂ ਹੀ ਉਹ ਸਾਇਲੋਜ ਨੂੰ ਖ਼ਰੀਦ ਕੇਂਦਰਾਂ ਵਿੱਚ ਤਬਦੀਲ ਕਰ ਰਹੇ ਸਨ ਪਰ ਇਸ ਸਾਲ ਮੁੱਖ ਮੰਤਰੀ ਨੇ ਇਸ ਫ਼ੈਸਲੇ ਨੂੰ ਡੀ-ਨੋਟੀਫਾਈ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਖ਼ਰੀਦ ਕੇਂਦਰਾਂ ਦੀ ਗਿਣਤੀ ਦਾ ਸਬੰਧ ਹੈ, ਕਿਸਾਨਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਹਰ ਸਾਲ ਨਵੇਂ ਖ਼ਰੀਦ ਕੇਂਦਰ ਸਥਾਪਿਤ ਕੀਤੇ ਜਾਂਦੇ ਹਨ। ਹੁਣ ਤੱਕ ਪੰਜਾਬ ਵਿੱਚ ਕੁੱਲ 1907 ਖ਼ਰੀਦ ਕੇਂਦਰ ਹਨ। ਇਸ ਵਾਰ 47 ਨਵੇਂ ਕੇਂਦਰ ਜੋੜੇ ਗਏ ਹਨ। ਕਿਸਾਨਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਹਰ ਸਾਲ ਮੰਡੀਆਂ ਦੀ ਗਿਣਤੀ ਵਧਾਈ ਜਾ ਰਹੀ ਹੈ। ਪਿਛਲੇ ਸਾਲ 1860 ਖ਼ਰੀਦ ਕੇਂਦਰ ਸਨ ਅਤੇ ਇਸ ਸਾਲ ਇਹ ਗਿਣਤੀ ਵੱਧ ਕੇ 1907 ਹੋ ਗਈ ਹੈ। ਪਿਛਲੇ ਸਾਲ ਨਾਲੋਂ ਇਸ ਵਾਰ 47 ਖ਼ਰੀਦ ਕੇਂਦਰ ਵੱਧ ਹਨ।
ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ 2013 ਵਿੱਚ 3 ਸਾਈਲੋਜ, 2014 ਵਿੱਚ 1 ਸਾਈਲੋਜ, 2015 ਵਿੱਚ 4 ਸਾਇਲੋਦ, 2017 ਵਿੱਚ 1 ਸਾਇਲੋਜ, 2018 ਵਿੱਚ 4 ਸਾਇਲੋਜ, 2018 ਵਿੱਚ 4 ਸਾਈਲੋਜ, 2019 ਵਿੱਚ 1 ਸਾਈਲੋਜ, 2021 ਵਿੱਚ 1 ਸਾਇਲੋਜ, 2023 ਵਿੱਚ 10 ਸਾਇਲੋਜ ਨੂੰ ਖ਼ਰੀਦ ਕੇਂਦਰ ਐਲਾਨਿਆ ਗਿਆ ਸੀ। ਸਾਲ 2024 ਵਿੱਚ 12 ਸਾਈਲੋਜ ਵੀ ਖ਼ਰੀਦ ਕੇਂਦਰ ਐਲਾਨੇ ਗਏ ਸਨ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸੇ ਵੀ ਪ੍ਰਾਈਵੇਟ ਸਾਇਲੋਜ ਨੂੰ ਖ਼ਰੀਦ ਕੇਂਦਰ ਵਿੱਚ ਨਾ ਬਦਲਣ ਦਾ ਫ਼ੈਸਲਾ ਕੀਤਾ ਹੈ।
ਸ੍ਰੀ ਬਰਸਟ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਆਗਾਮੀ ਖ਼ਰੀਦ ਸੀਜ਼ਨ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਕਿਸਾਨਾਂ, ਮਜ਼ਦੂਰਾਂ, ਕਾਰੀਗਰਾਂ ਅਤੇ ਵਪਾਰੀਆਂ ਨੂੰ ਪ੍ਰਬੰਧ ਕਰਨ ਵੇਲੇ ਸਭ ਨੂੰ ਧਿਆਨ ਵਿੱਚ ਰੱਖਿਆ ਜਾਂਦਾ ਹੈ। ਮੰਡੀਆਂ ਵਿੱਚ ਸਰਕਾਰੀ ਖ਼ਰੀਦ, ਸਫ਼ਾਈ, ਬਿਜਲੀ-ਪਾਣੀ, ਬੈਠਣ ਲਈ ਛਾਂ-ਦਾਰ ਜਗ੍ਹਾ, ਬਰਦਾਨਾ ਆਦਿ ਮੰਡੀਆਂ ਵਿੱਚ ਕੀਤੇ ਗਏ ਹਨ। ਉਨ੍ਹਾਂ ਨੇ ਮੰਡੀਆਂ ਭੰਗ ਹੋਣ ਦੀ ਕਿਸੇ ਵੀ ਖ਼ਬਰ ਨੂੰ ਨਕਾਰਦਿਆਂ ਭਰੋਸਾ ਦਿੱਤਾ ਕਿ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਵਪਾਰੀਆਂ ਦੀ ਸਹੂਲਤ ਅਨੁਸਾਰ ਕੰਮ ਕੀਤਾ ਜਾ ਰਿਹਾ ਹੈ।

Load More Related Articles

Check Also

Punjab Police Thwarts Possible Terror Attack with Arrest of Two Operatives of Pak-ISI Backed Terror Module; 2.8kg IED Recovered

Punjab Police Thwarts Possible Terror Attack with Arrest of Two Operatives of Pak-ISI Back…