ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ ਵਿੱਚ ਹੋਏ ਨਤਮਸਤਕ

ਸ਼੍ਰੋਮਣੀ ਕਮੇਟੀ ਨੇ ਸਿਰੋਪਾਓ ਦੇ ਕੇ ਕੀਤਾ ਸਨਮਾਨ, ਦੁਰਗਿਆਣਾ ਮੰਦਰ ਤੇ ਸ੍ਰੀ ਰਾਮ ਤੀਰਥ ਸਥਲ ਵਿੱਚ ਵੀ ਮੱਥਾ ਟੇਕਿਆ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਅੰਮ੍ਰਿਤਸਰ, 8 ਮਈ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਵੇਰੇ ਪਵਿੱਤਰ ਅਸਥਾਨ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਸੱਥਲ (ਰਾਮ ਤੀਰਥ) ਵਿਖੇ ਨਤਮਸਤਕ ਹੋ ਕੇ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਵਿੱਤਰ ਅਸਥਾਨਾਂ ’ਤੇ ਜਾਣਾ ਉਨ੍ਹਾਂ ਲਈ ਆਨੰਦਮਈ ਮੌਕਾ ਸੀ ਜੋ ਦੁਨਿਆਂ ਭਰ ਦੇ ਲੱਖਾਂ ਲੋਕਾਂ ਲਈ ਅਮਨ ਦਾ ਮੂਲ ਸਰੋਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੇ ਕੈਬਿਨਟ ਸਾਥੀ ਹਾਲ ਹੀ ਵਿੱਚ ਹੋਈਆਂ ਪੰਜਾਬ ਦੇ ਵਿਧਾਨ ਸਭਾ ਚੋਣਾਂ ‘ਚ ਸ਼ਾਨਦਾਰ ਜਿੱਤ ਲਈ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਏ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਇਨ੍ਹਾਂ ਪਵਿੱਤਰ ਅਸਥਾਨਾਂ ’ਤੇ ਪੰਜਾਬ ਦੀ ਅਮਨ ਸ਼ਾਂਤੀ ਅਤੇ ਵਿਕਾਸ ਲਈ ਅਰਦਾਸ ਕਰਨ ਲਈ ਆਏ ਹਨ ਜੋ ਉਨ੍ਹਾਂ ਦੀ ਸਰਕਾਰ ਦੀ ਪੂਰਨ ਵਚਨਬੱਧਤਾ ਹੈ। ਮੁੱਖ ਮੰਤਰੀ ਨੇ ਆਪਣੇ ਕੈਬਿਨਟ ਸਾਥੀਆਂ ਅਤੇ ਕਾਂਗਰਸ ਦੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਨਾਲ ਜਲ੍ਹਿਆਂਵਾਲੇ ਬਾਗ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਿਨ੍ਹਾਂ ਨੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤੀਆਂ। ਕੈਪਟਨ ਨੇ ਭਾਵੁਕ ਹੁੰਦਿਆਂ ਕਿਹਾ ਇਨ੍ਹਾਂ ਸ਼ਹੀਦਾਂ ਦੀਆਂ ਯਾਦਾਂ ਭਾਰਤਵਾਸੀਆਂ ਲਈ ਸਦਾ ਪ੍ਰੇਰਨਾ ਸਰੋਤ ਰਹਿਣਗੀਆਂ। ਮੁੱਖ ਮੰਤਰੀ ਨਾਲ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਸੁਨੀਲ ਜਾਖੜ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਅੌਜਲਾ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਰਾਣਾ ਗੁਰਜੀਤ ਸਿੰਘ, ਨਵਜੋਤ ਸਿੰਘ ਸਿੱਧੂ ਅਤੇ ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਨਵੀਨ ਠੁਕਰਾਲ ਵੀ ਮੌਜੂਦ ਸਨ।
ਮੁੱਖ ਮੰਤਰੀ ਸਵੇਰ ਵੇਲੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਅਤੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਪਹਿਲਾਂ ਪਵਿੱਤਰ ਅਸਥਾਨ ਦੀ ਪਰਕਰਮਾ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਸਿਰੋਪਾ ਬਖਸ਼ਿਸ ਕਰਕੇ ਸਨਮਾਨਤ ਕੀਤਾ ਗਿਆ। ਸ੍ਰੀ ਦਰਬਾਰ ਸਾਹਿਬ ਤੋਂ ਬਾਅਦ ਮੁੱਖ ਮੰਤਰੀ ਜਲ੍ਹਿਆਂਵਾਲਾ ਬਾਗ ਅਤੇ ਉਸ ਉਪਰੰਤ ਦੁਰਗਿਆਣਾ ਮੰਦਰ ਗਏ ਜੋ ਮਾਂ ਦੁਰਗਾ ਦਾ ਪਵਿੱਤਰ ਅਸਥਾਨ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਆਪਣੇ ਕੈਬਿਨਟ ਸਾਥੀਆਂ ਨਾਲ ਸ਼੍ਰੀ ਰਾਮ ਤੀਰਥ ਸੱਥਲ ਵਿਖੇ ਵੀ ਗਏ ਜਿਥੋਂ ਉਹ ਹੁਸ਼ਿਆਰਪੁਰ ਲਈ ਰਵਾਨਾ ਹੋ ਗਏ। ਮੁੱਖ ਮੰਤਰੀ ਦਾ ਹੁਸ਼ਿਆਰਪੁਰ ਵਿਖੇ ਸਿਟਰਸ ਅਸਟੇਟ ਦਾ ਦੌਰਾ ਅਤੇ ਟਰੈਕਟਰ ਬਣਾਉਣ ਦੇ ਨਵੇਂ ਯੂਨਿਟ ਦਾ ਉਦਘਾਟਨ ਕਰਨ ਦਾ ਪ੍ਰੋਗਰਾਮ ਨਿਰਧਾਰਤ ਹੈ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…