
ਮੁੱਖ ਮੰਤਰੀ ਚੰਨੀ ਦਾ ਸਾਬਕਾ ਓਐਸਡੀ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਲ, ਸੁਖਬੀਰ ਨੇ ਕੀਤਾ ਸਵਾਗਤ
ਪੰਜਾਬ ਵਿੱਚ ਪੇਡ ਸਰਵੇ ਕਰਵਾ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ ਆਮ ਆਦਮੀ ਪਾਰਟੀ: ਸੁਖਬੀਰ ਬਾਦਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜਨਵਰੀ:
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਾਬਕਾ ਓਐਸਡੀ ਐਡਵੋਕੇਟ ਅਵਤਾਰ ਸਿੰਘ ਸਿੱਧੂ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਉਹ ਕਈ ਵਾਰ ਮੁਹਾਲੀ ਅਤੇ ਖਰੜ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ ਅਤੇ ਇਲਾਕੇ ਵਿੱਚ ਕਾਫ਼ੀ ਰਸੂਖ ਰੱਖਦੇ ਹਨ। ਸਾਬਕਾ ਓਐਸਡੀ ਸਿੱਧੂ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਮੁਹਾਲੀ ਤੋਂ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਬੈਦਵਾਨ ਦੀ ਚੋਣ ਮੁਹਿੰਮ ਵੱਡਾ ਹੁਲਾਰਾ ਮਿਲਿਆ ਹੈ।
ਇਸ ਮੌਕੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਐਡਵੋਕੇਟ ਸਿੱਧੂ ਨੂੰ ਸਿਰੋਪਾਓ ਪਾ ਕੇ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਨਾਲ ਗੁਰਵਿੰਦਰ ਸਿੰਘ, ਗੁਰਸੇਵਕ ਸਿੰਘ ਅੰਟਾਲ ਅਤੇ ਡਾ. ਰਣਜੀਤ ਸਿੰਘ ਅਤੇ ਹੋਰਨਾਂ ਨੇ ਵੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਸ੍ਰੀ ਬਾਦਲ ਨੇ ਚੰਨੀ ਦੇ ਸਾਬਕਾ ਓਐਸਡੀ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ ਪਰਵਿੰਦਰ ਸਿੰਘ ਬੈਦਵਾਨ ਦੇ ਹੱਕ ਵਿੱਚ ਅੱਜ ਤੋਂ ਹੀ ਚੋਣ ਪ੍ਰਚਾਰ ਵਿੱਚ ਜੱੁਟ ਜਾਣ ਤਾਂ ਜੋ ਇਸ ਹਲਕੇ ਤੋਂ ਅਕਾਲੀ ਦਲ ਸ਼ਾਨਦਾਰ ਜਿੱਤ ਹਾਸਲ ਕਰ ਸਕੇ। ਸੁਖਬੀਰ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਹੱਕ ਵਿੱਚ ਹਵਾ ਚੱਲ ਰਹੀ ਹੈ ਜਦੋਂਕਿ ਆਮ ਆਦਮੀ ਪਾਰਟੀ ਪੇਡ ਸਰਵੇ ਕਰਵਾ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਇੱਕੋ ਇੱਕ ਪੰਜਾਬ ਦੀ ਖੇਤਰੀ ਪਾਰਟੀ ਹੈ ਜਦੋਂਕਿ ਬਾਕੀ ਕਾਂਗਰਸ, ਭਾਜਪਾ ਅਤੇ ਆਪ ਦੇ ਸਥਾਨਕ ਆਗੂਆਂ ਨੂੰ ਕੋਈ ਵੀ ਫੈਸਲਾ ਲੈਣ ਲਈ ਦਿੱਲੀ ਬੈਠੇ ਆਗੂਆਂ ਦੇ ਦਿਸ਼ਾ-ਨਿਰਦੇਸ਼ਾਂ ਦੀ ਉਡੀਕ ਕਰਨੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਖਾਸ ਕਰਕੇ ਚੰਨੀ, ਸਿੱਧੂ ਤੇ ਰੰਧਾਵਾ ਦੀ ਜੁੰਡਲੀ ਮਿਲ ਕੇ ਅਕਾਲੀ ਦਲ ਦੇ ਜੁਝਾਰੂ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਝੂਠੇ ਕੇਸ ਵਿੱਚ ਫਸਾ ਕੇ ਅਕਾਲੀ ਦਲ ਨੂੰ ਬਦਨਾਮ ਅਤੇ ਸਿਆਸੀ ਤੌਰ ’ਤੇ ਨੁਕਸਾਨ ਪਹੁੰਚਾਉਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਜਿੰਨਾ ਮਰਜ਼ੀ ਧੱਕਾ ਕਰ ਲਵੇ ਮਜੀਠੀਆ ਸ਼ਾਨਦਾਰ ਜਿੱਤ ਹਾਸਲ ਕਰਨਗੇ।
ਇਸ ਤੋਂ ਪਹਿਲਾਂ ਅਕਾਲੀ ਦਲ ਦੇ ਉਮੀਦਵਾਰ ਪਰਵਿੰਦਰ ਸਿੰਘ ਬੈਦਵਾਨ ਨੇ ਵੀ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਅਵਤਾਰ ਸਿੱਧੂ ਤੇ ਉਨ੍ਹਾਂ ਦੇ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਿੱਧੂ ਦੇ ਆਉਣ ਨਾਲ ਮੁਹਾਲੀ ਵਿੱਚ ਅਕਾਲੀ ਦਲ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਦੇ ਸਾਥੀਆਂ ਵੱਲੋਂ ਪਾਰਟੀ ਛੱਡਣ ਨਾਲ ਇਹ ਗੱਲ ਸਪੱਸ਼ਟ ਹੋ ਜਾਂਦੀ ਹੈ ਕਿ ਪਿਛਲੇ ਪੰਜ ਸਾਲਾਂ ਵਿੱਚ ਕਾਂਗਰਸ ਸਰਕਾਰ ਨੇ ਨਾ ਵਿਕਾਸ ਕੀਤਾ ਅਤੇ ਨਾ ਹੀ ਆਪਣੇ ਵਰਕਰਾਂ ਦੀ ਕਦਰ ਕੀਤੀ। ਜਿਸ ਕਾਰਨ ਕਾਂਗਰਸ ਤੋਂ ਲੋਕਾਂ ਦਾ ਮੋਹ ਭੰਗ ਹੁੰਦਾ ਜਾ ਰਿਹਾ ਹੈ।
ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਯੂਥ ਵਿੰਗ ਮੁਹਾਲੀ ਦੇ ਪ੍ਰਧਾਨ ਕੈਪਟਨ ਰਮਨਦੀਪ ਸਿੰਘ ਬਾਵਾ ਅਤੇ ਬਲਜੀਤ ਸਿੰਘ ਦੈੜੀ ਵੀ ਮੌਜੂਦ ਸਨ।