ਮੁੱਖ ਮੰਤਰੀ ਵੱਲੋਂ ਮੁਹਾਲੀ ਹਵਾਈ ਅੱਡੇ ਨੇੜੇ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ

ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰੇਗਾ: ਭਗਵੰਤ ਮਾਨ

ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਨੂੰ ਸਾਕਾਰ ਕਰਨ ਦੀ ਵਚਨਬੱਧਤਾ ਦੁਹਰਾਈ

ਨਬਜ਼-ਏ-ਪੰਜਾਬ, ਮੁਹਾਲੀ, 4 ਦਸੰਬਰ:
ਮੁੱਖ ਮੰਤਰੀ ਭਗਵੰਤ ਮਾਨ ਨੇ ਮੁਹਾਲੀ ਕੌਮਾਂਤਰੀ ਏਅਰਪੋਰਟ ਨੇੜੇ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਅਤੇ ਫਲਸਫੇ ਦਾ ਪਾਸਾਰ ਕਰ ਕੇ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰੇਗਾ। ਏਅਰਪੋਰਟ ਸੜਕ ’ਤੇ 5 ਕਰੋੜ ਦੀ ਲਾਗਤ ਵਾਲੇ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਜਿੱਥੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਸਥਾਪਿਤ ਹੈ, ਲੋਕਾਂ ਨੂੰ ਸਮਰਪਿਤ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਨੂੰ ਸਿਰਫ਼ ਉਨ੍ਹਾਂ ਦੇ ਸ਼ਹੀਦੀ ਦਿਵਸ (23 ਮਾਰਚ) ਜਾਂ ਜਨਮ ਦਿਨ (28 ਸਤੰਬਰ) ’ਤੇ ਹੀ ਯਾਦ ਨਹੀਂ ਕੀਤਾ ਜਾਣਾ ਚਾਹੀਦਾ, ਸਗੋਂ ਹਰ ਪਲ ਆਪਣੇ ਮਨਾਂ ਵਿੱਚ ਵਸਾ ਕੇ ਰੱਖਣਾ ਚਾਹੀਦਾ ਹੈ। ਇਹ ਪਲਾਜ਼ਾ ਨੌਜਵਾਨ ਪੀੜ੍ਹੀਆਂ ਨੂੰ ਮਹਾਨ ਸ਼ਹੀਦ ਦੇ ਨਕਸ਼ੇ-ਕਦਮਾਂ ’ਤੇ ਚੱਲਣ ਅਤੇ ਦੇਸ਼ ਦੀ ਸੇਵਾ ਕਰਨ ਲਈ ਹਮੇਸ਼ਾ ਪ੍ਰੇਰਿਤ ਕਰੇਗਾ।
ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਹ ਪਲਾਜ਼ਾ ਇਸ ਮਹਾਨ ਸ਼ਹੀਦ ਦੇ ਯੋਗਦਾਨ ਤੋਂ ਜਾਣੂ ਕਰਵਾ ਕੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਮੁਸਾਫ਼ਰਾਂ ਲਈ ਚਾਨਣ ਮੁਨਾਰਾ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੁਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਗਿਆ ਹੈ। ਜਦੋਂਕਿ ਪਿਛਲੀਆਂ ਸਰਕਾਰਾਂ ਨੇ ਇਸ ਹਵਾਈ ਅੱਡੇ ਦਾ ਨਾਂ ਮਹਾਨ ਸ਼ਹੀਦ ਦੇ ਨਾਂ ’ਤੇ ਰੱਖਣ ਦੀ ਖੇਚਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਹਵਾਈ ਅੱਡੇ ਸਮੇਤ ਯੂਨੀਵਰਸਿਟੀਆਂ ਅਤੇ ਹੋਰ ਅਦਾਰਿਆਂ ਦਾ ਨਾਂ ਮਹਾਨ ਸ਼ਹੀਦਾਂ ਦੇ ਨਾਂ ਰੱਖਣਾ ਉਨ੍ਹਾਂ ਦੀ ਗੌਰਵਮਈ ਵਿਰਾਸਤ ਨੂੰ ਕਾਇਮ ਰੱਖਣ ਲਈ ਜ਼ਰੂਰੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਜਲਦੀ ਹੀ ਦੇਸ਼ ਭਰ ਵਿੱਚ ਮੋਹਰੀ ਸੂਬਾ ਬਣ ਕੇ ਉਭਰੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਦੇ ਹਰ ਸੁਪਨੇ ਨੂੰ ਸਾਕਾਰ ਕਰਨ ਅਤੇ ਸਦਭਾਵਨਾ ਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ। ਉਨ੍ਹਾਂ ਅਫ਼ਸੋਸ ਜ਼ਾਹਰ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ 70 ਸਾਲਾਂ ਦੌਰਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਅੱਖੋਂ ਪਰੋਖੇ ਕੀਤਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਗੱਲ ਨੂੰ ਯਕੀਨੀ ਬਣਾ ਰਹੀ ਹੈ ਕਿ ਪੰਜਾਬ ਦਾ ਕੋਈ ਨੌਜਵਾਨ ਰੁਜ਼ਗਾਰ ਦੀ ਭਾਲ ਖਾਤਰ ਵਿਦੇਸ਼ ਨਾ ਜਾਵੇ ਤਾਂ ਜੋ ਸ਼ਹੀਦ ਭਗਤ ਸਿੰਘ ਦੇ ਸੁਪਨੇ ਪੂਰੇ ਕੀਤੇ ਜਾ ਸਕਣ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਤੱਕ 50,000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਵਤਨ ਵਾਪਸੀ ਦਾ ਵੀ ਆਗਾਜ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ, ‘‘ਜਿਸ ਉਮਰ ਵਿੱਚ ਨੌਜਵਾਨ ਆਪਣੇ ਮਾਪਿਆਂ ਤੋਂ ਤੋਹਫ਼ੇ ਦੀ ਮੰਗਦੇ ਹਨ, ਸ਼ਹੀਦ ਭਗਤ ਸਿੰਘ ਨੇ ਅੰਗਰੇਜ਼ਾਂ ਤੋਂ ਆਪਣੀ ਮਾਤ ਭੂਮੀ ਦੀ ਆਜ਼ਾਦੀ ਦੀ ਮੰਗ ਕੀਤੀ ਸੀ।’’ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਅਣਥੱਕ ਯਤਨ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨਾ ਸਮੇਂ ਦੀ ਲੋੜ ਹੈ।
ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਵਿਧਾਇਕ ਕੁਲਵੰਤ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਸੰਨੀ ਸੀਨੀਅਰ ਆਗੂ ਵਿਨੀਤ ਵਰਮਾ, ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ, ਐੱਸਐੱਸਪੀ ਦੀਪਕ ਪਾਰਿਕ ਅਤੇ ਹੋਰ ਅਧਿਕਾਰੀ ਅਤੇ ਪਾਰਟੀ ਆਗੂ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …