
ਸ਼ਰਾਬ ਪੀ ਕੇ ਗੁਰਦੁਆਰਾ ਸਾਹਿਬ ਜਾਣ ਦੇ ਮਾਮਲੇ ਵਿੱਚ ਮੁੱਖ ਮੰਤਰੀ ਚੁੱਪ ਕਿਉਂ? ਬੀਰ ਦਵਿੰਦਰ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਪਰੈਲ:
ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਸਵਾਲ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਇਸ ਗੰਭੀਰ ਦੋਸ਼ ਕਿ ਵਿਸਾਖੀ ਦੇ ਦਿਹਾੜੇ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਮੱਥਾ ਟੇਕਣ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਥਿਤ ਤੌਰ ’ਤੇ ਸ਼ਰਾਬੀ ਹਾਲਤ ਵਿੱਚ ਸਨ, ਬਾਰੇ ਮੁੱਖ ਮੰਤਰੀ ਭਗਵੰਤ ਮਾਨ ਹੁਣ ਤੱਕ ਚੁੱਪ ਕਿਉਂ ਹਨ? ਕਿਉਂਕਿ ਉਨ੍ਹਾਂ ਦੀ ਚੁੱਪੀ ਕਾਫ਼ੀ ਕੁੱਝ ਕਹਿ ਰਹੀ ਹੈ।
ਅੱਜ ਇੱਥੇ ਜਾਰੀ ਬਿਆਨ ਵਿੱਚ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਇਹ ਗੰਭੀਰ ਦੋਸ਼ ਸੱਚਾ ਹੈ, ਤਾਂ ਇਸ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਹੁਣ ਤੱਕ ਕੋਈ ਪੁਖਤਾ ਕਾਰਵਾਈ ਅਮਲ ਵਿੱਚ ਕਿਉਂ ਨਹੀਂ ਲਿਆਂਦੀ? ਜਦੋਂਕਿ ਇਹ ਮਾਮਲਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਬੇਅਦਬੀ ਦਾ ਬਣਦਾ ਹੈ ਅਤੇ ਮੁੱਖ ਮੰਤਰੀ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਮੁੱਢਲੀ ਜਾਣਕਾਰੀ ਰਿਪੋਰਟ (ਐਫ਼ਆਈਆਰ) ਤਲਵੰਡੀ ਸਾਬੋ ਦੇ ਪੁਲੀਸ ਥਾਣੇ ਵਿੱਚ ਦਰਜ ਕਰਵਾਉਣੀ ਬਣਦੀ ਸੀ, ਜੋ ਕਿ ਹੁਣ ਤੱਕ ਵੀ ਨਹੀਂ ਕਰਵਾਈ ਗਈ ਅਤੇ ਇਹ ਮਾਮਲਾ ਹੁਣ ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਵੱਲੋਂ ਮਹਿਜ਼ ਮੀਡੀਆ ਦੇ ਭੰਡੀ ਪ੍ਰਚਾਰ ਤੱਕ ਹੀ ਸੀਮਤ ਰੱਖਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਿੱਖ ਸੰਗਤ ਇਸ ਸਾਰੇ ਮਾਮਲੇ ਦੀ ਅਸਲ ਸਚਾਈ ਜਾਨਣਾ ਚਾਹੁੰਦੀ ਹੈ, ਜੇ ਇਹ ਸਭ ਕੁੱਝ ਸੱਚ ਹੈ ਤਾਂ ਇਹ ਸਾਰਾ ਮਾਮਲਾ, ਸਿੱਖ ਮਰਿਆਦਾ ਦੇ ਖੰਡਨ ਅਤੇ ਤਖ਼ਤ ਸਾਹਿਬ ਦੀ ਬੇਅਦਬੀ ਦਾ ਅੱਤ ਗੰਭੀਰ ਮਾਮਲਾ ਬਣਦਾ ਹੈ ਅਤੇ ਇਸ ਉੱਤੇ ਕਾਨੂੰਨ ਦੀਆਂ ਧਾਰਾਵਾਂ ਅਨੁਸਾਰ, ਬਣਦੀ ਸਖਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਨਾਲ ਹੀ ਮੁੱਖ ਮੰਤਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਲਬ ਕਰਕੇ, ਸਿੱਖ ਮਰਿਆਦਾ ਅਨੁਸਾਰ ਤਨਖ਼ਾਹੀਆ ਕਰਾਰ ਦੇਣਾ ਚਾਹੀਦਾ ਹੈ ਪਰ ਇਸ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਹਾਲੇ ਕੋਈ ਕਾਰਵਾਈ ਨਹੀਂ ਕੀਤੀ, ਜੋ ਕਿ ਆਪਣੇ ਆਪ ਵਿੱਚ ਵੱਡੇ ਸਵਾਲਾਂ ਦੇ ਘੇਰੇ ਵਿੱਚ ਹੈ ।
ਸਾਬਕਾ ਡਿਪਟੀ ਸਪੀਕਰ ਨੇ ਕਿਹਾ ਕਿ ਇਸ ਮਾਮਲੇ ਦੀ ਸਾਰੀ ਸੱਚਾਈ ਲੋਕਾਂ ਸਾਹਮਣੇ ਰੱਖਣ ਲਈ ਮੁੱਖ ਮੰਤਰੀ ਨੂੰ ਆਪਣੀ ਚੁੱਪ ਤੋੜਨੀ ਚਾਹੀਦੀ ਹੈ ਅਤੇ ਆਪਣਾ ਸਪੱਸ਼ਟੀਕਰਨ ਪੰਜਾਬ ਦੇ ਆਵਾਮ ਅਤੇ ਸਿੱਖ ਜਗਤ ਦੇ ਸਾਹਮਣੇ ਰੱਖਣਾ ਚਾਹੀਦਾ ਹੈ, ਨਹੀਂ ਤਾਂ ਇਹ ਸਮਝਿਆ ਜਾਵੇਗਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂਆਂ ਵੱਲੋਂ ਲਾਏ ਗਏ ਇਹ ਦੋਸ਼ ਸਹੀ ਹਨ ਅਤੇ ਮੁੱਖ ਮੰਤਰੀ ਨੂੰ ਇਸ ਗੰਭੀਰ ਬਜਰ ਗਲਤੀ ਦੇ ਸਿੱਟੇ ਭੁਗਤਣ ਲਈ ਵੀ ਤਿਆਰ ਰਹਿਣਾ ਚਾਹੀਦਾ ਹੈ।