ਮੁੱਖ ਮੰਤਰੀ ਵੱਲੋਂ ਮੁਹਾਲੀ ਵਿੱਚ ਇਨੋਵੇਸ਼ਨ ਪੰਜਾਬ ਮਿਸ਼ਨ ਦਾ ਉਦਘਾਟਨ

ਪੰਜਾਬ ਵਿੱਚ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ‘ਆਪ’ ਸਰਕਾਰ ਯਤਨਸ਼ੀਲ

ਸਿੰਗਲ ਵਿੰਡੋ ਨੂੰ ਭ੍ਰਿਸ਼ਟਾਚਾਰ ਦੇ ਕੋਹੜ ਤੋਂ ਮੁਕਤ ਕਰਕੇ ਸੁਵਿਧਾ ਕੇਂਦਰਾਂ ਵਿੱਚ ਤਬਦੀਲ ਕੀਤਾ: ਭਗਵੰਤ ਮਾਨ

ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਲਾਈਨ ’ਚ ਲੱਗਣ ਦੀ ਥਾਂ ਨੌਕਰੀ ਦੇਣ ਵਾਲੇ ਬਣਨ ਲਈ ਕਿਹਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਸਤੰਬਰ:
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨੌਜਵਾਨਾਂ ਨੂੰ ਉਨ੍ਹਾਂ ਦੇ ਨਵੀਨਤਾਕਾਰੀ ਤੇ ਲੀਹੋਂ ਹਟਵੇਂ ਵਿਚਾਰਾਂ ਦੀ ਵਰਤੋਂ ਕਰਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਦਾ ਅਹਿਦ ਲਿਆ। ਉਹ ਅੱਜ ਇੱਥੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਨੇੜੇ ਐਰੋਸਿਟੀ ਬਲਾਕ ਵਿੱਚ ਕਾਲਕਟ ਭਵਨ ਵਿਖੇ ਇਨੋਵੇਸ਼ਨ ਮਿਸ਼ਨ ਪੰਜਾਬ ਐਸੀਲੇਟਰ ਨਾਮ ਹੇਠ ਕਰਵਾਏ ਸੰਮੇਲਨ ਦਾ ਉਦਘਾਟਨ ਕਰਨ ਪਹੁੰਚੇ ਸੀ। ਮੁੱਖ ਮੰਤਰੀ ਨੇ ਕਿਹਾ, ‘‘ਮੇਰਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨਾਂ ਨੂੰ ‘ਉਦੇਸ਼ ਰਹਿਤ’ ਨਾ ਬਣਾਇਆ ਜਾਵੇ ਸਗੋਂ ਉਹ ਸੂਬੇ ਲਈ ਅਨਮੋਲ ਸਰਮਾਏ ਵਿੱਚ ਤਬਦੀਲ ਹੋਣ।’’
ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨ ਨਵੇਂ ਅਤੇ ਨਿਵੇਕਲੇ ਵਿਚਾਰਾਂ ਨਾਲ ਲਬਰੇਜ਼ ਹਨ ਜੋ ਪੰਜਾਬ ਦੇ ਵਿਕਾਸ ਤੇ ਖ਼ੁਸ਼ਹਾਲੀ ਲਈ ਬਹੁਤ ਸਹਾਈ ਸਿੱਧ ਹੋ ਸਕਦੇ ਹਨ। ਇਨ੍ਹਾਂ ਵਿਚਾਰਾਂ ਨੂੰ ਉਸਾਰੂ ਦਿਸ਼ਾ ਵਿੱਚ ਲਿਜਾਉਣ ਦੀ ਲੋੜ ਹੈ ਤਾਂ ਜੋ ਪੰਜਾਬ ਮੋਹਰੀ ਰਾਜ ਵਜੋਂ ਉੱਭਰ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਕਿ ਨੌਜਵਾਨਾਂ ਨੂੰ ਢੁਕਵੇਂ ਮੌਕੇ ਅਤੇ ਬਣਦਾ ਸਹਿਯੋਗ ਮਿਲੇ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਆਖਿਆ ਕਿ ਪੰਜਾਬੀਆਂ ਨੂੰ ਉੱਦਮੀ ਅਤੇ ਅਗਵਾਈ ਕਰਨ ਦੇ ਗੁਣਾਂ ਦੀ ਬਖ਼ਸ਼ੀਸ਼ ਹੈ। ਇਨ੍ਹਾਂ ਗੁਣਾਂ ਸਦਕਾ ਹੀ ਪੰਜਾਬੀਆਂ ਨੇ ਵਿਸ਼ਵ ਭਰ ਵਿੱਚ ਆਪਣਾ ਵੱਖਰਾ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਉੱਦਮੀਆਂ ਨੇ ਵਿਲੱਖਣ ਵਿਚਾਰਾਂ ਨਾਲ ਵੱਡੇ ਕਾਰੋਬਾਰ ਪੈਦਾ ਕੀਤੇ ਹਨ ਅਤੇ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਵੀ ਪੰਜਾਬੀ ਉੱਦਮੀਆਂ ਵੱਲੋਂ ਵੱਡੇ ਸਟਾਰਟਅੱਪ ਦੀ ਸਥਾਪਨਾ ਕੀਤੀ ਹੈ। ਇਸ ਲਈ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਨੌਜਵਾਨਾਂ ਨੂੰ ਉਨ੍ਹਾਂ ਦੇ ਸਟਾਰਟਅੱਪ ਬਣਾਉਣ ਵਿੱਚ ਮਦਦ ਕਰਨ ਲਈ ਸਹੀ ਸੇਧ ਦੇਵੇ।
ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਆਈਐਮ ਪੰਜਾਬ ਐਕਸਲੇਟਰ ਦੀਆਂ ਵਿਸ਼ਵ ਪੱਧਰੀ ਸਹੂਲਤਾਂ ਨੌਕਰੀਆਂ ਪੈਦਾ ਕਰਨ, ਨਿਵੇਸ਼ ਲਿਆਉਣ, ਆਰਥਿਕ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਸੂਬੇ ਵਿੱਚ ਸਕਾਰਾਤਮਿਕ ਸਮਾਜਿਕ ਤਬਦੀਲੀ ਲਿਆਉਣ ਵਿੱਚ ਮਦਦ ਕਰਨਗੀਆਂ। ਉਨ੍ਹਾਂ ਕਿਹਾ ਕਿ ‘ਆਪ’ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਹਨ। ਸੰਭਾਵੀ ਨਿਵੇਸ਼ਕਾਂ ਦੀ ਸਹੂਲਤ ਲਈ ਪਹਿਲੀ ਵਾਰ ਵੱਖ-ਵੱਖ ਵਿਭਾਗਾਂ ਲਈ ਸਹੀ ਮਾਅਨਿਆਂ ਸਿੰਗਲ ਵਿੰਡੋ ਨੂੰ ਉੱਭਰਿਆ ਗਿਆ ਹੈ। ਜਦੋਂਕਿ ਇਸ ਤੋਂ ਪਹਿਲਾਂ ਸਿੰਗਲ ਵਿੰਡੋ ਭ੍ਰਿਸ਼ਟਾਚਾਰ ਦਾ ਅੱਡਾ ਸੀ ਪਰ ਹੁਣ ਇਹ ਸਨਅਤਕਾਰਾਂ ਲਈ ਅਸਲ ਸੁਵਿਧਾ ਕੇਂਦਰਾਂ ਵਿੱਚ ਤਬਦੀਲ ਹੋ ਗਈ ਹੈ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੂਬੇ ਨੂੰ ਪਹਿਲੀ ਵਾਰ ਨੌਜਵਾਨ ਮੁੱਖ ਮੰਤਰੀ ਮਿਲਿਆ ਹੈ ਜੋ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਵਿਚਾਰਾਂ ਨਾਲ ਭਰਪੂਰ ਹਨ। ਉਨ੍ਹਾਂ ਨੇ ਪੰਜਾਬ ਨੂੰ ਵਿਕਾਸ ਦੇ ਰਾਹ ’ਤੇ ਪਾਉਣ ਲਈ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ’ਤੇ ਵੀ ਚਾਨਣਾ ਪਾਇਆ। ਇਸ ਮੌਕੇ ਆਈਐਮਪੀ ਪੰਜਾਬ ਦੇ ਚੇਅਰਮੈਨ ਪ੍ਰਮੋਦ ਭਸੀਨ ਨੇ ਕਿਹਾ ਕਿ ਮਿਸ਼ਨ ਆਪਣੇ ਨੈਟਵਰਕ, ਐਕਸੀਲੇਟਰਾਂ ਦੇ ਨਾਲ ਵਿਸ਼ਵ ਪੱਧਰੀ ਸਲਾਹਕਾਰਾਂ ਅਤੇ ਆਲਮੀ ਨਿਵੇਸ਼ਕਾਂ ਨੂੰ ਲਿਆ ਰਿਹਾ ਹੈ ਤਾਂ ਜੋ ਸਟਾਰਟਅੱਪ ਨੂੰ ਲੋੜੀਂਦਾ ਸਹਿਯੋਗ ਪ੍ਰਦਾਨ ਕੀਤਾ ਜਾ ਸਕੇ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏਵੇਨੂ ਪ੍ਰਸਾਦ, ਉਦਯੋਗ ਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਦਿਲੀਪ ਕੁਮਾਰ, ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ, ਡਾਇਰੈਕਟਰ ਇੰਡਸਟਰੀਜ਼ ਸਿਬਿਨ.ਸੀ ਅਤੇ ਹੋਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …