ਮੁੱਖ ਮੰਤਰੀ ਵੱਲੋਂ ਸਨਅਤਕਾਰਾਂ ਨੂੰ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਦੇ ਭਾਈਵਾਲ ਬਣਨ ਦੀ ਅਪੀਲ

ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਹੱਬ ਬਣਾਉਣ ਦੀ ਵਚਨਬੱਧਤਾ ਦੁਹਰਾਈ

ਆਉਣ ਵਾਲੇ ਪ੍ਰਾਜੈਕਟਾਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਵਕਾਲਤ

ਦੋ ਰੋਜ਼ਾ ਪ੍ਰਗਤੀਸ਼ੀਲ ਪੰਜਾਬ ਸੰਮੇਲਨ ਦਾ ਪੰਜਵਾਂ ਐਡੀਸ਼ਨ ਧੂਮ-ਧਮਾਕੇ ਨਾਲ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਫਰਵਰੀ:
ਮੁੱਖ ਮੰਤਰੀ ਭਗਵੰਤ ਮਾਨ ਨੇ ਤਿੰਨ ਕਰੋੜ ਪੰਜਾਬੀਆਂ ਦੇ ਪਰਿਵਾਰ ਵਿੱਚ ਸ਼ਾਮਲ ਹੋਣ ਲਈ ਉੱਘੇ ਕਾਰੋਬਾਰੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਹੋਏ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਅੱਜ ਇੱਥੇ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਉਦਘਾਟਨੀ ਸੈਸ਼ਨ ਦੌਰਾਨ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਅੱਜ ਆਪਣੇ ਦਰਮਿਆਨ ਕਾਰੋਬਾਰੀ ਖੇਤਰ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਦੇਖ ਕੇ ਬੇਹੱਦ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚ ਨਿਵੇਸ਼ ਲਈ ਸਭ ਤੋਂ ਅਨੁਕੂਲ ਸਥਾਨ ਹੈ ਅਤੇ ਕਾਰੋਬਾਰੀਆਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਹੱਬ ਬਣਾਉਣ ਲਈ ਆਪ ਸਰਕਾਰ ਅਤੇ ਉਦਯੋਗਪਤੀਆਂ ਦਰਮਿਆਨ ਮਜ਼ਬੂਤ ਸਾਂਝ ਦੀ ਉਮੀਦ ਜ਼ਾਹਰ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਨਿਵੇਸ਼ਕਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦੀ ਸਹੂਲਤ ਦੇਣ ਲਈ ਸਰਕਾਰ ਛੇਤੀ ਹੀ ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ (ਸੀਐਲਯੂ) ਅਤੇ ਐਨਓਸੀ ਨੂੰ ਖ਼ਤਮ ਕਰ ਦੇਵੇਗੀ, ਜੋ ਉਦਯੋਗਾਂ ਲਈ ਪ੍ਰੇਸ਼ਾਨੀ ਦਾ ਸਬੱਬ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਜੋਂ ਜ਼ਿੰਮੇਵਾਰੀ ਸੰਭਾਲਣ ਦੇ ਸਿਰਫ਼ ਇੱਕ ਸਾਲ ਦੇ ਅੰਦਰ ਹੀ ਉਨ੍ਹਾਂ ਦਾ ਸਭ ਤੋਂ ਪਹਿਲਾ ਅਤੇ ਮੁੱਖ ਕੰਮ ਲੋਕਾਂ ਦੀਆਂ ਮੁਸ਼ਕਲਾਂ, ਗੁੰਝਲਾਂ ਬਾਰੇ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਬਦਲਦੀਆਂ ਉਮੀਦਾਂ ਅਤੇ ਨਵੀਆਂ ਚੁਨੌਤੀਆਂ ਨਾਲ ਤਾਲਮੇਲ ਰੱਖਣ ਲਈ ਵਿਕਾਸ ਜਾਰੀ ਰੱਖਣਾ ਹੈ।
ਮੁੱਖ ਮੰਤਰੀ ਨੇ ਉੱਦਮੀਆਂ ਨਾਲ ਭਾਵੁਕ ਸਾਂਝ ਪਾਉਂਦਿਆਂ ਕਿਹਾ ਕਿ ਉਹ ਮੌਕਿਆਂ ਦਾ ਭੰਡਾਰ ਹਨ, ਜਿਨ੍ਹਾਂ ਦਾ ਪੰਜਾਬ ਅਤੇ ਭਾਰਤ ਦੇ ਨੌਜਵਾਨ ਲਾਭ ਉਠਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਜਨਤਕ, ਨਿੱਜੀ ਜਾਂ ਗੈਰ-ਲਾਭਕਾਰੀ ਖੇਤਰਾਂ ਵਿੱਚ ਕੰਮ ਕਰ ਰਹੇ ਹਾਂ, ਸਾਡੇ ’ਚੋਂ ਹਰੇਕ ਦੀ ਇਕ ਭੂਮਿਕਾ ਹੈ, ਜੇਕਰ ਅਸੀਂ ਆਪਣੀਆਂ ਉਮੀਦਾਂ ਨੂੰ ਪੂਰਾ ਕਰਨਾ ਹੈ ਅਤੇ ਆਪਣੇ ਦੇਸ਼, ਆਪਣੇ ਸਮਾਜ, ਆਪਣੇ ਪਰਿਵਾਰ ਪ੍ਰਤੀ ਆਪਣੀਆਂ ਇੱਛਾਵਾਂ ਅਤੇ ਜ਼ਿੰਮੇਵਾਰੀਆਂ ਨੂੰ ਨਿਭਾਉਣਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਇਹ ਸੰਮੇਲਨ ਕਾਰੋਬਾਰੀ ਸਮਝੌਤਿਆਂ ਬਾਰੇ ਨਹੀਂ ਹੈ, ਸਗੋਂ ਗਿਆਨ ਦੀ ਵੰਡ, ਵਿਚਾਰ-ਵਟਾਂਦਰੇ ਅਤੇ ਇੱਕ-ਦੂਜੇ ਤੋਂ ਸਿੱਖਣ ਬਾਰੇ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਨੇ ਪੜਾਅਵਾਰ ਆਰਥਿਕ ਵਿਕਾਸ ਨੂੰ ਤੇਜ਼ ਕਰ ਕੇ ਦੇਸ਼ ਦੇ ਭਵਿੱਖ ਨੂੰ ਉੱਜਵਲ ਬਣਾਉਣ ਦਾ ਰਾਹ ਚੁਣਿਆ ਹੈ। ਉਨ੍ਹਾਂ ਨੇ ਦੇਖਿਆ ਹੈ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਜ਼ਿੰਦਗੀ ਵਿੱਚ ਕੁੱਝ ਵੱਡਾ ਕਰਨਾ ਚਾਹੁੰਦੀ ਹੈ। ਇਸ ਲਈ ਸਰਕਾਰ ਨੂੰ ਯਕੀਨ ਹੈ ਕਿ ਪ੍ਰਮਾਤਮਾ ਨੇ ਉਨ੍ਹਾਂ ਨੂੰ ਲੋਕਾਂ ਦੇ ਜੀਵਨ ਵਿੱਚ ਗੁਣਾਤਮਿਕ ਤਬਦੀਲੀਆਂ ਲਿਆਉਣ ਲਈ ਪੰਜਾਬ ਦੀ ਅਗਵਾਈ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਾਰੋਬਾਰਾਂ ਅਤੇ ਨਿਵੇਸ਼ਕਾਂ ਦੀ ਸਹਾਇਤਾ ਲਈ ਕਈ ਨੀਤੀਆਂ ਤੇ ਪਹਿਲਕਦਮੀਆਂ ਪੇਸ਼ ਕੀਤੀਆਂ ਹਨ।
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਅੱਜ ਪੇਸ਼ ਕੀਤੀ ਗਈ ਨਵੀਂ ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਨੀਤੀ-2022 ਲੋੜੀਂਦੇ ਆਰਥਿਕ ਵਿਕਾਸ ਨੂੰ ਗਤੀ ਦੇਵੇਗੀ। ਉਨ੍ਹਾਂ ਕਿਹਾ ਕਿ ਨੀਤੀ ਦਾ ਉਦੇਸ਼ ਆਉਣ ਵਾਲੇ ਪੰਜ ਸਾਲਾਂ ਵਿੱਚ ਵੱਡੇ ਨਿਵੇਸ਼ ਨੂੰ ਆਕਰਸ਼ਿਤ ਕਰਨਾ ਅਤੇ ਵੱਧ ਤੋਂ ਵੱਧ ਰੁਜ਼ਗਾਰ ਪੈਦਾ ਕਰਨਾ ਹੈ।
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਸੂਬਾ ਸਰਕਾਰ ਵੱਲੋਂ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਕੀਤੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗ ਨੂੰ ਹੋਰ ਪ੍ਰਫੁੱਲਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਸਕੱਤਰ ਵੀਕੇ ਜੰਜੂਆ ਨੇ ਸਾਰਿਆਂ ਨੂੰ ਜੀ ਆਇਆ ਆਖਿਆ। ਇਨਵੈਸਟਮੈਂਟ ਪ੍ਰਮੋਸ਼ਨ ਦੇ ਸੀਈਓ ਕੇਕੇ ਯਾਦਵ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕਈ ਕੈਬਨਿਟ ਮੰਤਰੀ, ਵਿਧਾਇਕ ਅਤੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …