nabaz-e-punjab.com

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪਾਦਰੀ ਦੀ ਹੱਤਿਆ ਸਬੰਧੀ ਫਿਰਕੂ ਸ਼ਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਪੁਲੀਸ ਨੂੰ ਹੁਕਮ

ਫਿਰਕੂ ਤੱਤਾਂ ਵਿਰੁੱਧ ਚੌਕਸੀ ਵਰਤਣ ਤੇ ਖੂਫੀਆ ਸੂਚਨਾ ਇਕੱਠੀ ਕਰਨ ਲਈ ਕੇਂਦਰ ਨਾਲ ਤਾਲਮੇਲ ਕਰਨ ’ਤੇ ਜ਼ੋਰ

ਕੈਪਟਨ ਅਮਰਿੰਦਰ ਵੱਲੋਂ ਲੁਧਿਆਣਾ ਦੇ ਮ੍ਰਿਤਕ ਪਾਦਰੀ ਦੀ ਵਿਧਵਾ ਨੂੰ 5 ਲੱਖ, ਪੁੱਤਰ ਨੂੰ ਪੁਲੀਸ ’ਚ ਨੌਕਰੀ ਦੇਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ\ਲੁਧਿਆਣਾ, 16 ਜੁਲਾਈ
ਉਦਯੋਗਿਕ ਸ਼ਹਿਰ ਲੁਧਿਆਣਾ ਵਿੱਚ ਇੱਕ ਇਸਾਈ ਪਾਦਰੀ ਦੀ ਹੱਤਿਆ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਸੂਬੇ ਵਿਚ ਇਸ ਤਰ੍ਹਾਂ ਦੀ ਕਾਰਵਾਈਆਂ ਨਾਲ ਫਿਰਕਾਪ੍ਰਸਤੀ ਨੂੰ ਹਵਾ ਦੇਣ ਦੀ ਕੋਸ਼ਿਸ਼ ਕਰਨ ਵਾਲੇ ਤੱਤਾਂ ਵਿਰੁੱਧ ਤਿੱਖੀ ਕਾਰਵਾਈ ਕਰਨ ਅਤੇ ਅਜਿਹੀਆਂ ਸ਼ਕਤੀਆਂ ਤੋਂ ਅਤਿ ਚੌਕਸ ਰਹਿਣ ਲਈ ਪੁਲਿਸ ਨੂੰ ਹੁਕਮ ਜਾਰੀ ਕਰਨ। ਅੱਜ ਇੱਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸੂਬੇ ਦੀ ਪੁਲਿਸ ਅਤੇ ਖੂਫੀਆ ਵਿਭਾਗਾਂ ਵਿਚ ਆਪਸੀ ਤਾਲਮੇਲ ਅਤੇ ਸੰਪਰਕ ਬਣਾਉਣ ਨੂੰ ਯਕੀਨੀ ਬਣਾਉਣ ਵਾਸਤੇ ਵੀ ਡੀ.ਜੀ.ਪੀ. ਸੁਰੇਸ਼ ਅਰੋੜਾ ਨੂੰ ਨਿਰਦੇਸ਼ ਦਿੱਤੇ ਹਨ ਤਾਂ ਜੋ ਅਜਿਹੀਆਂ ਘਟਨਾਵਾਂ ਦੇ ਮੁੜ ਵਾਪਰਨ ਤੋਂ ਰੋਕਣ ਲਈ ਅਗਾਊ ਖੂਫੀਆ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ।
ਮੁੱਖ ਮੰਤਰੀ ਨੇ ਸੂਬਾ ਅਤੇ ਕੇਂਦਰੀ ਪੁਲਿਸ ਅਤੇ ਖੂਫੀਆ ਏਜੰਸੀਆਂ ਵਿਚ ਨੇੜੇ ਦੇ ਤਾਲਮੇਲ ਦਾ ਵੀ ਸੁਝਾਅ ਦਿੱਤਾ ਹੈ ਤਾਂ ਜੋ ਅਜਿਹੀ ਸਥਿਤੀ ਨਾਲ ਨਿਪਟਣ ਦੇ ਸਮਰੱਥ ਹੋਣ ਲਈ ਠੋਸ ਅਤੇ ਵਿਆਪਕ ਖੂਫੀਆ ਜਾਣਕਾਰੀ ਇਕੱਤਰ ਕਰਨ ਲਈ ਸੁਵਿਧਾ ਮਿਲ ਸਕੇ। ਮੁੱਖ ਮੰਤਰੀ ਨੇ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਸਾਰੇ ਜ਼ਰੂਰੀ ਹਿਫਾਜ਼ਤੀ ਕਦਮ ਚੁੱਕਣ ਨੂੰ ਯਕੀਨੀ ਬਣਾਉਣ ਵਾਸਤੇ ਵੀ ਡੀ.ਜੀ.ਪੀ. ਨੂੰ ਹੁਕਮ ਜਾਰੀ ਕੀਤੇ ਹਨ ਤਾਂ ਜੋ ਸੂਬੇ ਵਿਚ ਸ਼ਾਂਤੀ ਅਤੇ ਸਦਭਾਵਨਾ ਬਰਕਰਾਰ ਰੱਖੀ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਨੂੰ ਕਿਸੇ ਵੀ ਕੀਮਤ ’ਤੇ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਇਸ ਸਬੰਧ ਵਿਚ ਆਪਣੀ ਡਿਊਟੀ ’ਚ ਅਣਗਹਿਲੀ ਵਰਤਣ ਵਾਲੇ ਪੁਲਿਸ ਅਧਿਕਾਰੀਆਂ ਵਿਰੁੱਧ ਸਖਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ। ਮੋਟਰ ਸਾਇਕਲ ਸਵਾਰ ਦੋ ਅਣਪਛਾਤੇ ਹਮਲਾਵਾਰਾਂ ਵੱਲੋਂ ਪਾਦਰੀ ਸੁਲਤਾਨ ਮਸੀਹ ਦੀ ਹੱਤਿਆ ਸਬੰਧੀ ਵਾਪਰੀ ਘਿਨਾਉਣੀ ਤੇ ਨਿੰਦਣਯੋਗ ਘਟਨਾ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਮੁੱਖ ਮੰਤਰੀ ਨੇ ਇਸ ਸੰਦਰਭ ਵਿਚ ਵਾਪਰਨ ਵਾਲੀ ਕਿਸੇ ਵੀ ਨਾਂਹ ਪੱਖੀ ਘਟਨਾ ਨੂੰ ਰੋਕਣ ਲਈ ਪੁਲਿਸ ਵਿਭਾਗ ਨੂੰ ਸਥਿਤੀ ’ਤੇ ਨੇੜਿਓਂ ਨਜ਼ਰ ਰੱਖਣ ਲਈ ਆਖਿਆ ਹੈ।
ਉਨ੍ਹਾਂ ਨੇ ਹੱਤਿਆ ਤੋਂ ਬਾਅਦ ਪੈਦਾ ਹੋਈ ਸਥਿਤੀ ਨੂੰ ਆਮ ਵਰਗੀ ਬਣਾਉਣ ਲਈ ਫੀਲਡ ਅਧਿਕਾਰੀਆਂ ਨੂੰ ਸਥਾਨਕ ਇਸਾਈ ਆਗੂਆਂ ਨਾਲ ਤਾਲਮੇਲ ਬਨਾਉਣ ਅਤੇ ਉਨ੍ਹਾਂ ਦਾ ਸਮਰਥਨ ਲੈਣ ਲਈ ਵੀ ਨਿਰਦੇਸ਼ ਜਾਰੀ ਕਰਨ ਲਈ ਡੀ.ਜੀ.ਪੀ. ਨੂੰ ਆਖਿਆ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਉਨ੍ਹਾਂ ਨੇ ਆਰ.ਐਸ.ਐਸ., ਹਿੰਦੂ ਅਤੇ ਸ਼ਿਵ ਸੈਨਾ ਆਗੂਆਂ ਸਣੇ ਜਨਵਰੀ 2016 ਤੋਂ ਪੰਜਾਬ ਵਿਚ ਮਿੱਥ ਕੇ ਕੀਤੀਆਂ ਹੱਤਿਆਵਾਂ ਦੀ ਸੀ.ਬੀ.ਆਈ. ਦੀ ਜਾਂਚ ਵਿਚ ਤੇਜ਼ੀ ਲਿਆਉਣ ਦਾ ਮਾਮਲਾ ਪਹਿਲਾਂ ਹੀ ਪ੍ਰਧਾਨ ਮੰਤਰੀ ਕੋਲ ਉਠਾਇਆ ਹੈ। 11 ਜੁਲਾਈ ਨੂੰ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਾਲ ਹੋਈ ਮੀਟਿੰਗ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਕੇਂਦਰੀ ਅਤੇ ਸੂਬਾ ਪੁਲਿਸ ਅਤੇ ਖੂਫੀਆ ਏਜੰਸੀਆਂ ਦੀਆਂ ਵਧੀਆ ਕੋਸ਼ਿਸ਼ਾਂ ਦੇ ਬਾਵਜੂਦ ਇਨ੍ਹਾਂ ਹੱਤਿਆਵਾਂ ਦਾ ਪਤਾ ਲਾਉਣ ਬਾਰੇ ਅਜੇ ਕੋਈ ਵੀ ਸਫਲਤਾ ਨਹੀਂ ਮਿਲੀ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਸੀ ਕਿ ਉਹ ਕੇਂਦਰੀ ਖੂਫੀਆ ਅਤੇ ਜਾਂਚ ਏਜੰਸੀਆਂ ਨੂੰ ਇਨ੍ਹਾਂ ਮਾਮਲਿਆਂ ਦੀ ਘੋਖ ਕਰਨ ਵਾਸਤੇ ਆਪਣੀਆਂ ਕੋਸ਼ਿਸ਼ਾਂ ਤੇਜ਼ ਕਰਨ ਲਈ ਨਿਰਦੇਸ਼ ਦੇਣ।
ਉਧਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਦੀ ਇਕ ਸਥਾਨਿਕ ਚਰਚ ਦੇ ਬਾਹਰ ਅਣਪਛਾਤੇ ਵਿਅਕਤੀਆਂ ਵੱਲੋਂ ਮਾਰੇ ਗਏ ਪਾਦਰੀ ਦੀ ਵਿਧਵਾ ਨੂੰ ਪੰਜ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਅਤੇ ਉਸ ਦੇ ਪੁੱਤਰ ਨੂੰ ਪੁਲੀਸ ਵਿਭਾਗ ਵਿਚ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਮੋਟਰ ਸਾਇਕਲ ਸਵਾਰ ਹਮਲਾਵਰਾਂ ਵੱਲੋਂ ਮਾਰੇ ਗਏ ਪਾਦਰੀ ਸੁਲਤਾਨ ਮਸੀਹ ਦੇ ਪਰਿਵਾਰ ਨਾਲ ਫੋਨ ’ਤੇ ਦੁੱਖ ਸਾਂਝਾ ਕੀਤਾ ਅਤੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਦਾ ਭਰੋਸਾ ਦਵਾਇਆ।
ਸਰਕਾਰੀ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਵੇਰੇ ਅਜਿਹੀਆਂ ਘਟਨਾਵਾਂ ਰਾਹੀਂ ਸੂਬੇ ਵਿਚ ਫਿਰਕਾਪ੍ਰਸਤੀ ਨੂੰ ਹਵਾ ਦੇਣ ਦੀ ਕੋਸ਼ਿਸ਼ ਕਰ ਰਹੀਆਂ ਫਿਰਕਾਪ੍ਰਸਤ ਸ਼ਕਤੀਆਂ ਵਿਰੁੱਧ ਤਿੱਖੀ ਕਾਰਵਾਈ ਕਰਨ ਲਈ ਪੁਲਿਸ ਨੂੰ ਨਿਰਦੇਸ਼ ਦਿੱਤੇ ਸਨ। ਉਨ੍ਹਾਂ ਨੇ ਸੁਲਤਾਨ ਮਸੀਹ ਦੀ ਵਿਧਵਾ ਸਰਬਜੀਤ ਕੌਰ ਨੂੰ ਉਸ ਦੇ ਪਤੀ ਦੀ ਮੌਤ ਕਾਰਨ ਹਰ ਸੰਭਵ ਸਰਕਾਰੀ ਮਦਦ ਦੇਣ ਦਾ ਭਰੋਸਾ ਦਵਾਇਆ ਹੈ। ਉਨ੍ਹਾਂ ਨੇ ਸਰਬਜੀਤ ਕੌਰ ਨੂੰ ਦੱਸਿਆ ਕਿ ਉਸ ਦੇ 18 ਸਾਲ ਦੇ ਪੁੱਤਰ ਅਲੀਸ਼ਾ ਨੂੰ ਪੁਲਿਸ ਵਿਭਾਗ ਵਿਚ ਨੌਕਰੀ ਮੁਹੱਈਆ ਕਰਵਾਈ ਜਾਵੇਗੀ। ਮੁੱਖ ਮੰਤਰੀ ਨੇ ਸਰਬਜੀਤ ਕੌਰ ਨੂੰ ਇਹ ਵੀ ਦੱਸਿਆ ਕਿ ਉਸ ਦੇ ਪਤੀ ਦੇ ਹੱÎਤਿਆਰਿਆਂ ਨੂੰ ਪੁਲੀਸ ਵੱਲੋਂ ਫੜ ਕੇ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…