nabaz-e-punjab.com

ਮੁੱਖ ਮੰਤਰੀ ਨੇ ਬਰਗਾੜੀ ਘਟਨਾ ਸਣੇ ਬੇਅਦਬੀ ਦੀਆਂ ਸਾਰੀਆਂ ਘਟਨਾਵਾਂ ਸਬੰਧੀ ਸਖ਼ਤ ਕਾਰਵਾਈ ਕਰਨ ਦਾ ਪ੍ਰਣ

ਬਰਗਾੜੀ ਅਤੇ ਹੋਰ ਦੋ ਕੇਸਾਂ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਲਈ ਸੀਬੀਆਈ ਨੂੰ ਸਲਾਹ ਦੇਣ ਲਈ ਕੇਂਦਰ ਨੂੰ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 2 ਜੂਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਵਿਖੇ ਗੋਲੀਬਾਰੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਘਟਨਾਵਾਂ ਵਿਚ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਸਖਤ ਅਤੇ ਮਿਸਾਲੀ ਸਜ਼ਾ ਦਿਵਾਉਣ ਦਾ ਅਹਿਦ ਲਿਆ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਂਾਂ ਦੀ ਸਰਕਾਰ ਇਨ੍ਹਂਾਂ ਘਟਨਾਵਾਂ ਵਿੱਚ ਸ਼ਾਮਲ ਵਿਅਕਤੀਆਂ ਨੂੰ ਸਖਤ ਸਜ਼ਾ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿਉਂਕਿ ਇਸ ਨਾਲ ਸੂਬੇ ਦੀ ਫਿਰਕੂ ਸਦਭਾਵਨਾ ਅਤੇ ਅਮਨ ਸ਼ਾਂਤੀ ਨੂੰ ਵੱਡੀ ਢਾਹ ਲੱਗ ਸਕਦੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਂਾਂ ਘਟਨਾਵਾਂ ਵਿੱਚ ਸ਼ਾਮਲ ਇੱਕ ਵੀ ਵਿਅਕਤੀ ਨੂੰ ਮੁਆਫ ਨਹੀਂ ਕੀਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਂਾਂ ਦੀ ਸਰਕਾਰ ਇਸ ਘਟਨਾ ਵਿੱਚ ਸ਼ਾਮਲ ਹਰੇਕ ਉਸ ਵਿਅਕਤੀ ਨੂੰ ਕਟਹਿਰੇ ਵਿਚ ਖੜਾ ਕਰੇਗੀ ਚਾਹੇ ਉਹ ਸਿੱਧੇ ਤੌਰ ’ਤੇ ਇਸ ਘਟਨਾ ਵਿੱਚ ਸ਼ਾਮਲ ਸੀ ਜਾਂ ਦੋਸ਼ੀਆਂ ਨੂੰ ਬਚਾਉਣ ਦਾ ਦੋਸ਼ੀ ਹੈ। ਉਨ੍ਹਂਾਂ ਕਿਹਾ ਕਿ ਫਿਰਕਾਪ੍ਰਸਤੀ ਜਾਂ ਤਣਾਅ ਪੈਦਾ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਸਖਤੀ ਨਾਲ ਮਸਲ ਦਿੱਤਾ ਜਾਵੇਗਾ।
ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਨਵੰਬਰ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਬੰਧਤ ਤਿੰਨ ਮਾਮਲਿਆਂ ਦੀ ਜਾਂਚ ਵਿਚ ਤੇਜ਼ੀ ਲਿਆਉਣ ਲਈ ਸੀ.ਬੀ.ਆਈ. ਨੂੰ ਆਖੇ। ਬੇਅਦਬੀ ਦੀਆਂ ਇਹ ਘਟਨਾਵਾਂ ਪੰਜਾਬ ਦੀ ਚੁਣੀ ਹੋਈ ਸਰਕਾਰ ਨੂੰ ਅਸਥਿਰ ਕਰਨ ਲਈ ਪਾਕਿਸਤਾਨ ਦੀ ਖੁਫੀਆ ਏਜੰਸੀ ਦੀ ਘਿਨਾਉਣੀ ਕਾਰਵਾਈ ਹੈ ਅਤੇ ਇਸ ਸਰਹੱਦੀ ਸੂਬੇ ਦੀ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਢਾਹ ਲਾਉਣ ਦਾ ਇਕ ਹਿੱਸਾ ਸਨ। ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਵਿਖੇ ਹੋਈ ਬੇਅਦਬੀ ਦੀ ਘਟਨਾ ਸਣੇ ਇਨ੍ਹਂਾਂ ਕੇਸਾਂ ਦਾ ਜਲਦੀ ਤੋਂ ਜਲਦੀ ਪਤਾ ਲਾਉਣ ਅਤੇ ਇਹ ਬੱਜਰ ਗੁਨਾਹ ਕਰਨ ਵਾਲਿਆਂ ਦੀ ਸ਼ਨਾਖਤ ਕਰਨ ਲਈ ਕੋਸ਼ਿਸ਼ਾਂ ਤੇਜ਼ ਕਰਨ ਵਾਸਤੇ ਸੀ.ਬੀ.ਆਈ. ਨੂੰ ਨਿਰਦੇਸ਼ ਜਾਰੀ ਕਰਨ ਲਈ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਹੈ।
ਬਰਗਾੜੀ ਵਿਖੇ ਗੋਲੀ ਚਲਾਉਣ ਦਾ ਹੁਕਮ ਦੇਣ ਵਾਲੇ ਐਸ.ਐਸ.ਪੀ ਚਰਨਜੀਤ ਸਿੰਘ ਸ਼ਰਮਾ ਦੀਆਂ ਸੇਵਾਵਾਂ ਵਿੱਚ ਵਾਧਾ ਕਰਨ ਲਈ ਸਿਫਾਰਸ਼ ਕਰਨ ਵਾਲੀ ਪਿਛਲੀ ਬਾਦਲ ਸਰਕਾਰ ਦੀ ਤਿੱਖੀ ਅਲੋਚਨਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਉਸ ਦੀਆਂ ਸੇਵਾਵਾਂ ਨੂੰ ਰੱਦ ਕੀਤਾ ਅਤੇ ਅਧਿਕਾਰੀ ਨੂੰ ਸੇਵਾ-ਮੁਕਤ ਕਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਅਧਿਕਾਰੀ ਨੂੰ ਆਪਣੀ ਕਾਰਵਾਈ ਲਈ ਸਿੱਟਿਆਂ ਦਾ ਸਾਹਮਣਾ ਵੀ ਕਰਨਾ ਪੇਵਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਦੀ ਅਗਵਾਈ ਹੇਠ ਜਾਂਚ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ ਜੋ ਬਰਗਾੜੀ ਸਣੇ ਬੇਅਦਬੀ ਦੀਆਂ ਸਾਰੀਆਂ ਘਟਨਾਵਾਂ ਦੀ ਜਾਂਚ ਕਰਨ ਤੋਂ ਇਲਾਵਾ ਇਸ ਵਿੱਚ ਵਿਵਾਦਗ੍ਰਸਤ ਐਸ.ਐਸ.ਪੀ. ਚਰਨਜੀਤ ਸਿੰਘ ਦੀ ਭੂਮਿਕਾ ਦੀ ਵੀ ਜਾਂਚ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਦੋਸ਼ੀਆਂ ਖਿਲਾਫ਼ ਛੇਤੀ ਤੇ ਸਖ਼ਤ ਕਾਰਵਾਈ ਦਾ ਭਰੋਸਾ ਦਿਵਾਇਆ।
ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਇਸ ਸਬੰਧ ਵਿੱਚ ਉਨ੍ਹਂਾਂ ਕੋਲ ਕੋਈ ਵੀ ਜਾਣਕਾਰੀ ਹੈ ਤਾਂ ਇਸ ਨੂੰ ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਸੈਕਟਰ 68 ਸਥਿਤ ਫਾਰੈਸਟ ਕੰਪਲੈਕਸ ਦੀ ਚੌਥੀ ਮੰਜ਼ਲ (ਫੋਨ ਨੰਬਰ-0172-2298000) ’ਤੇ ਸਥਿਤ ਕਮਿਸ਼ਨ ਦੇ ਦਫ਼ਤਰ ਤੱਕ ਪਹੁੰਚਾਈ ਜਾਵੇ ਜੋ ਬੇਅਦਬੀ ਦੇ ਕੇਸਾਂ ਦੇ ਹੱਲ ਲਈ ਮਦਦਗਾਰ ਸਾਬਤ ਹੋ ਸਕਦੀ ਹੈ। ਸੂਬਾ ਸਰਕਾਰ ਨੇ ਕਾਨੂੰਨੀ ਸਲਾਹ ਦੇ ਆਧਾਰ ’ਤੇ ਪਿਛਲੇ ਕਮਿਸ਼ਨ ਦੀ ਰਿਪੋਰਟ ਨੂੰ ਖਾਰਜ ਕਰਕੇ ਬੇਅਦਬੀ ਦੀਆਂ ਘਟਨਾਵਾਂ ਦੀ ਨਵੇਂ ਸਿਰਿਓ ਜਾਂਚ ਲਈ ਕਮਿਸ਼ਨ ਕਾਇਮ ਕੀਤਾ ਹੈ। ਸੂਬੇ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਸਰਕਾਰ ਨੂੰ ਸਲਾਹ ਦਿੱਤੀ ਕਿ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਦੌਰਾਨ ਘਟਨਾ ਦੇ ਹਰੇਕ ਪੱਖ ਨੂੰ ਛੂਹਿਆ ਨਹੀਂ ਗਿਆ ਜਿਸ ਵਿੱਚ ਚਸ਼ਮਦੀਦ ਗਵਾਹਾਂ ਨੇ ‘ਵੱਡੇ ਲੋਕਾਂ’ ਦੀ ਸ਼ਮੂਲੀਅਤ ਬਾਰੇ ਆਪਣਾ ਪੱਖ ਰੱਖਿਆ ਸੀ ਅਤੇ ਪੁਲੀਸ ਦੀ ਗੋਲੀਬਾਰੀ ਨੂੰ ਬੇਲੋੜੀ ਅਤੇ ਸਵੈ-ਰੱਖਿਆ ਦੇ ਹਿੱਤ ਵਿੱਚ ਨਾ ਹੋਣ ਦੀ ਗੱਲ ਕੀਤੀ ਸੀ।
ਇਸ ਦੌਰਾਨ ਮੁੱਖ ਮੰਤਰੀ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਇਕ ਦਹਾਕਾ ਲੰਮੇ ਕਾਰਜਕਾਲ ਦੌਰਾਨ ਦਰਜ ਹੋਏ ਝੂਠੇ ਕੇਸਾਂ ਤੇ ਐਫ.ਆਰ.ਆਈਜ਼ ਦੀ ਸਮੀਖਿਆ ਕਰਨ ਲਈ ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਦੀ ਅਗਵਾਈ ਵਿੱਚ ਕਮਿਸ਼ਨ ਦੀ ਸਥਾਪਨਾ ਕੀਤੀ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਲਈ ਕਮਿਸ਼ਨ ਕੋਲ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਸੈਕਟਰ-68 ਸਥਿਤ ਫਾਰੈਸਟ ਕੰਪਲੈਕਸ ਦੀ ਪੰਜਵੀਂ ਮੰਜ਼ਲ ’ਤੇ ਸਥਿਤ ਦਫ਼ਤਰ ਤੱਕ ਪਹੁੰਚ ਕੀਤੀ ਜਾ ਸਕਦੀ ਹੈ। ਮੁੱਖ ਮੰਤਰੀ ਨੇ ਸਾਰੇ ਸਰਕਾਰੀ ਅਧਿਕਾਰੀਆਂ ਤੇ ਪੁਲੀਸ ਅਫਸਰਾਂ ਨੂੰ ਆਦੇਸ਼ ਦਿੱਤੇ ਕਿ ਨਿਆਂ ਤੇ ਸ਼ਾਂਤੀ ਦੇ ਹਿੱਤ ਵਿੱਚ ਦੋਵਾਂ ਕਮਿਸ਼ਨਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਤਾਂ ਕਿ ਜਾਂਚ ਵਿੱਚ ਤੇਜ਼ੀ ਲਿਆਂਦੀ ਜਾ ਸਕੇ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…