nabaz-e-punjab.com

ਮੁੱਖ ਮੰਤਰੀ ਵੱਲੋਂ ਪਿੰਡ ਸਹੌਲੀ ਲਈ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਜੁਲਾਈ:
ਜ਼ਿਲ੍ਹਾ ਲੁਧਿਆਣਾ ਵਿੱਚ ਸੁਧਾਰ ਬਲਾਕ ਦੇ ਪਿੰਡ ਸਹੌਲੀ ਵਿੱਚ ਪੀਣ ਵਾਲਾ ਪਾਣੀ ਦੂਸ਼ਿਤ ਹੋਣ ਸਬੰਧੀ ਮੀਡੀਆ ਦੇ ਇਕ ਹਿੱਸੇ ਵਿੱਚ ਛਪੀ ਖਬਰ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਵਿਭਾਗ ਨੂੰ ਪ੍ਰਭਾਵਿਤ ਇਲਾਕੇ ਵਿੱਚ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਨੂੰ ਤੁਰੰਤ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਮੁੱਖ ਮੰਤਰੀ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਸਕੱਤਰਾਂ ਨੂੰ ਨਿਰਦੇਸ਼ ਦਿੱਤੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਦੋਵਾਂ ਸਕੱਤਰਾਂ ਨੂੰ ਪਹਿਲ ਦੇ ਆਧਾਰ ’ਤੇ ਇਸ ਮਸਲੇ ’ਤੇ ਗੌਰ ਕਰਨ ਲਈ ਆਖਿਆ ਅਤੇ ਪਿੰਡ ਵਾਸੀਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਢੁਕਵੇਂ ਬੰਦੋਬਸਤ ਕਰਨ ਦੀ ਵੀ ਹਦਾਇਤ ਕੀਤੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਵੀ ਦੂਸ਼ਿਤ ਪਾਣੀ ਦੇ ਮਾੜੇ ਪ੍ਰਭਾਵ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਰਗਰਮ ਰੋਲ ਅਦਾ ਕਰਨ ਲਈ ਆਖਿਆ। ਮੁੱਖ ਮੰਤਰੀ ਨੇ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ। ਬੁਲਾਰੇ ਨੇ ਆਖਿਆ ਕਿ ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਨੂੰ ਵੀ ਸਥਿਤੀ ’ਤੇ ਨੇੜਿਓਂ ਨਜ਼ਰ ਰੱਖਣ ਅਤੇ ਉਨ੍ਹਾਂ ਇਲਾਕਿਆਂ ਵਿੱਚ ਪਾਣੀ ਦੀ ਸਪਲਾਈ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਣ ਲਈ ਆਖਿਆ ਜਿਨ੍ਹਾਂ ਇਲਾਕਿਆਂ ਵਿੱਚ ਦੂਸ਼ਿਤ ਪਾਣੀ ਕਾਰਨ ਲੋਕਾਂ ਦੀ ਸਿਹਤ ’ਤੇ ਬੁਰਾ ਅਸਰ ਪੈਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…