ਮੁੱਖ ਮੰਤਰੀ ਵੱਲੋਂ ਹਜ਼ਾਰਾਂ ਪੰਜਾਬੀਆਂ ਸਣੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ

ਡੈਪੋ ਦੀ ਸ਼ੁਰੂਆਤ ਕਰਕੇ ਮੁੱਖ ਮੰਤਰੀ ਖ਼ੁਦ ਬਣੇ ਪਹਿਲੇ ਨਸ਼ਾ ਰੋਕੂ ਵਾਲੰਟੀਅਰ, ਪੰਜਾਬੀਆਂ ਨੂੰ ਮੁਹਿੰਮ ਨਾਲ ਜੁੜਨ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਖਟਕੜ ਕਲਾਂ (ਨਵਾਂ ਸ਼ਹਿਰ), 23 ਮਾਰਚ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਨੌਜਵਾਨਾਂ ਦੇ ਸਸ਼ਕਤੀਕਰਨ ਦਾ ਤਹੱਈਆ ਕੀਤਾ। ਇਸ ਮੌਕੇ ਪੰਜਾਬ ਵਾਸੀਆਂ ਨੂੰ ਸੂਬੇ ’ਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟ ਦੇਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨਾਲ ਸਹਿਯੋਗ ਕਰਨ ਦਾ ਸੱਦਾ ਦਿੱਤਾ। ਅੱਜ ਦਾ ਇਹ ਇਤਿਹਾਸਕ ਦਿਹਾੜਾ ਨੌਜਵਾਨਾਂ ਦੇ ਸਸ਼ਕਤੀਕਰਨ ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਨਸ਼ਾ ਰੋਕੂ ਅਫ਼ਸਰ (ਡਰੱਗ ਐਬਿਊਜ਼ ਪ੍ਰੀਵੈਨਸ਼ਨ ਅਫਸਰ) ਨਾਮ ਹੇਠ ਨਿਵੇਕਲੇ ਉਪਰਾਲੇ ਦਾ ਆਗਾਜ਼ ਕੀਤਾ ਜਿਸ ਤਹਿਤ ਨਸ਼ਿਆਂ ਵਿਰੁੱਧ ਵਿੱਢੀ ਜੰਗ ਵਿੱਚ ਪੰਜਾਬ ਦੇ ਨਾਗਰਿਕਾਂ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਵੀ ਨਾਲ ਜੋੜਿਆ ਗਿਆ ਹੈ।
ਸੂਬਾ ਭਰ ਵਿੱਚ ਹਲਫ਼ ਦਿਵਾਉਣ ਲਈ ਕਰਵਾਏ ਸਮਾਗਮਾਂ ਦੀ ਲੜੀ ਵਿੱਚ ਇਸ ਸੂਬਾ ਪੱਧਰੀ ਸਮਾਗਮ ਦੌਰਾਨ ਦੁਪਹਿਰ ਠੀਕ 12 ਵਜੇ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਰੋਕੂ ਵਾਲੰਟੀਅਰ ਦੀ ਖੁਦ ਸਹੁੰ ਚੁੱਕਦਿਆਂ ਬਾਕੀ ਵਾਲੰਟੀਅਰਾਂ ਨੂੰ ਵੀ ਹਲਫ਼ ਦਿਵਾਇਆ। ਮੁੱਖ ਮੰਤਰੀ ਨੇ ਨਸ਼ਿਆਂ ਦੀ ਸਮੱਸਿਆ ਦੇ ਮੁਕੰਮਲ ਖਾਤਮੇ ਲਈ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਦਾ ਸਾਥ ਦੇਣ ਲਈ ਵਾਲੰਟੀਅਰਾਂ ਦਾ ਧੰਨਵਾਦ ਵੀ ਕੀਤਾ। ਸੂਬੇ ਦੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਕੈਬਨਿਟ ਮੰਤਰੀਆਂ ਨੇ ਵੀ ਨਾਲੋ-ਨਾਲ ਵਾਲੰਟੀਅਰਾਂ ਨੂੰ ਨਸ਼ਾ ਰੋਕੂ ਅਫਸਰ ਦੀ ਸਹੁੰ ਚੁਕਵਾਈ। ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ੁਰੂ ਹੋਈ ਇਸ ਵਿਲੱਖਣ ਮੁਹਿੰਮ ਦੀ ਅਗਵਾਈ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਪਹਿਲੇ ਨਸ਼ਾ ਰੋਕੂ ਵਾਲੰਟੀਅਰ ਬਣੇ ਅਤੇ ਐਸ.ਟੀ.ਐਫ. ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਨੂੰ ਡੈਪੋ ਦਾ ਸ਼ਨਾਖਤੀ ਕਾਰਡ ਸੌਂਪਿਆ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਦੋ ਹੋਰ ਨੌਜਵਾਨ ਵਾਲੰਟੀਅਰਾਂ ਨੂੰ ਇਹ ਸ਼ਨਾਖ਼ਤੀ ਕਾਰਡ ਸੌਂਪੇ।
ਯੁਵਾ ਸਸ਼ਕਤੀਕਰਨ ਦਿਵਸ ਮੌਕੇ ਆਰੰਭ ਕੀਤੇ ਡੈਪੋ ਪ੍ਰੋਗਰਾਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਆਪੋ-ਆਪਣੇ ਆਲੇ-ਦੁਆਲੇ, ਮੁਹੱਲਿਆਂ ਜਾਂ ਸਬੰਧਤ ਥਾਵਾਂ ’ਤੇ ਕੰਮ ਕਰਨ ਲਈ ਹੋਰ ਸਮਰਪਿਤ ਵਾਲੰਟੀਅਰ ਨਾਲ ਜੋੜੇ ਜਾਣਗੇ ਜੋ ਸਥਾਨਕ ਪ੍ਰਸ਼ਾਸਨ, ਪੁਲੀਸ ਅਤੇ ਐਸ.ਟੀ.ਐਫ. ਨਾਲ ਤਾਲਮੇਲ ਬਿਠਾਉਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਦੀ ਮੁਹਿੰਮ ਦੌਰਾਨ ਡੈਪੋ ਦੀ ਵੈੱਬਸਾਈਟ ’ਤੇ ਹੁਣ ਤੱਕ 4.25 ਲੱਖ ਵਾਲੰਟੀਅਰ ਰਜਿਸਟਰ ਵੀ ਹੋ ਚੁੱਕੇ ਹਨ ਅਤੇ ਇਸ ਸਬੰਧੀ ਹੋਰ ਅਰਜ਼ੀਆਂ ਆਉਣ ਦੀ ਸੰਭਾਵਨਾ ਹੈ।
ਮੁੱਖ ਮੰਤਰੀ ਨੇ ਹਰੇਕ ਪੰਜਾਬੀ ਨੂੰ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਸ਼ਿਕੰਜੇ ਵਿੱਚੋਂ ਕੱਢਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿਉਂਕਿ ਜੇਕਰ ਅਸੀਂ ਅਜਿਹਾ ਨਾ ਕੀਤਾ ਤਾਂ ਸਾਡੀਆਂ ਆਉਣ ਵਾਲੀਆਂ ਪੀੜੀਆਂ ਤਬਾਹ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਹਰੇਕ ਪੰਜਾਬੀ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ ਕਿਉਂਕਿ ਇਹ ਸੂਬੇ ਦੇ ਵਿਕਾਸ ਤੇ ਤਰੱਕੀ ਦੇ ਹਿੱਤ ਵਿੱਚ ਹੈ। ਇਸ ਮੌਕੇ ਮੁੱਖ ਮੰਤਰੀ ਨੇ ਸੁਨਾਮੀ ਪਿੱਛੋਂ ਅੰਡੇਮਾਨ ਤੇ ਨਿਕੋਬਾਰ ਟਾਪੂ ਵਿਖੇ ਆਪਣੀ ਫੇਰੀ ਨੂੰ ਵੀ ਯਾਦ ਕੀਤਾ ਜਿੱਥੇ ਬਰਤਾਨਵੀ ਹਕੂਮਤ ਵਿਰੁੱਧ ਬਗਾਵਤ ਦਾ ਝੰਡਾ ਚੁੱਕਣ ਵਾਲੇ ਹਜ਼ਾਰਾਂ ਪੰਜਾਬੀ ਦੇਸ਼ ਭਗਤਾਂ ਨੂੰ ਜੇਲ੍ਹਾਂ ਵਿੱਚ ਕੈਦ ਕੀਤਾ ਗਿਆ ਸੀ। ਮੁੱਖ ਮੰਤਰੀ ਨੇ ਲੋਕਾਂ ਨੂੰ ਆਜ਼ਾਦੀ ਘੁਲਾਟੀਆਂ ਦੀ ਲਾਸਾਨੀ ਕੁਰਬਾਨੀਆਂ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ।
ਮੁਹਾਲੀ ਦੇ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੀ ਮੰਗ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਸ ਮਸਲੇ ਨੂੰ ਭਾਰਤ ਸਰਕਾਰ ਕੋਲ ਉੱਠਾ ਚੁੱਕੀ ਹੈ ਅਤੇ ਉਹ ਨਿੱਜੀ ਤੌਰ ’ਤੇ ਵੀ ਇਸ ਸਬੰਧੀ ਮਾਮਲਾ ਉਠਾਉਣਗੇ। ਇਸ ਮੌਕੇ ਮੁੱਖ ਮੰਤਰੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ’ਤੇ ਫੁੱਲ ਮਾਲਾ ਭੇਟ ਕੀਤੀ ਅਤੇ ਮਹਾਨ ਸ਼ਹੀਦ ਦੇ ਪਿਤਾ ਸਰਦਾਰ ਕਿਸ਼ਨ ਸਿੰਘ ਦੀ ਯਾਦਗਾਰ ’ਤੇ ਸ਼ਰਧਾਂਜਲੀ ਦਿੱਤੀ। ਕੈਪਟਨ ਅਮਰਿੰਦਰ ਸਿੰਘ ਨੇ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਯਾਦਗਾਰ ਅਤੇ ਅਜਾਇਬ ਘਰ ਰਾਸ਼ਟਰ ਨੂੰ ਅਰਪਣ ਕੀਤਾ। ਇਸ ਤੋਂ ਪਹਿਲਾਂ ਦੇਸ਼ ਦੇ ਇਨ੍ਹਾਂ ਮਹਾਨ ਸਪੂਤਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਨੌਜਵਾਨਾਂ ਨੂੰ ਇਨ੍ਹਾਂ ਦੀ ਲਾਸਾਨੀ ਕੁਰਬਾਨੀ ਤੋਂ ਪ੍ਰੇਰਣਾ ਲੈ ਕੇ ਆਪਣੇ ਹਿਰਦੇ ਵਿੱਚ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਕੂਲਾਂ, ਕਾਲਜਾਂ ਅਤੇ ਉਚੇਰੀ ਸਿੱਖਿਆ ਦੇ ਹੋਰ ਸੰਸਥਾਨਾਂ ਦੇ ਵਿਦਿਆਰਥੀਆਂ ਨੂੰ ਪੰਜਾਬ ਦੇ ਦੇਸ਼ ਭਗਤੀ ਤੇ ਰਾਸ਼ਟਰਵਾਦ ਦੇ ਅਮੀਰ ਵਿਰਸੇ ਨਾਲ ਜੋੜਨ ਲਈ ਖਟਕੜ ਕਲਾਂ ਵਿੱਚ ਇਸ ਯਾਦਗਾਰ ਤੇ ਅਜਾਇਬ ਘਰ ਵਿਖੇ ਲਿਆਉਣਾ ਚਾਹੀਦਾ ਹੈ।
ਸ੍ਰੀ ਸਿੱਧੂ ਨੇ ਮੁੱਖ ਮੰਤਰੀ ਨੂੰ ਨੌਜਵਾਨਾਂ, ਜੋ ਸੂਬੇ ਦੀ ਆਬਾਦੀ ਦਾ 56 ਫ਼ੀਸਦ ਹਨ, ਲਈ ਇਕ ਨੀਤੀ ਬਣਾਉਣ ਲਈ ਬੇਨਤੀ ਕੀਤੀ ਜਿਸ ਰਾਹੀਂ ਉਨ੍ਹਾਂ ਨੂੰ ਮਿਆਰੀ ਸਿੱਖਿਆ ਅਤੇ ਰੁਜ਼ਾਗਰ ਮਿਲੇੇ ਤਾਂ ਜੋ ਰੌਸ਼ਨ ਦਿਮਾਗਾਂ ਨੂੰ ਵਿਦੇਸ਼ਾਂ ਵੱਲ ਭੱਜਣ ਤੋਂ ਰੋਕਿਆ ਜਾ ਸਕੇ ਅਤੇ ਵਿਦੇਸ਼ੀ ਬੈਠੇ ਨੌਜਵਾਨਾਂ ਵਤਨ ਵੱਲ ਮੋੜਿਆ ਜਾ ਸਕੇ। ਸਵਾਗਤੀ ਤਕਰੀਰ ਵਿੱਚ ਨਵਾਂ ਸ਼ਹਿਰ ਦੇ ਵਿਧਾਇਕ ਅੰਗਦ ਸਿੰਘ ਨੇ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਖਟਕੜ ਕਲਾਂ ਦੀ ਪਵਿੱਤਰ ਧਰਤੀ ਤੋਂ ਨਸ਼ਿਆਂ ਵਿਰੋਧੀ ਮੁਹਿੰਮ ਆਰੰਭਣ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਕਦਮ, ਜਿਸ ਦਾ ਉਦੇਸ਼ ਨੌਜਵਾਨਾਂ ਦਾ ਸਸ਼ਕਤੀਕਰਨ ਕਰਨਾ ਹੈ, ਸੂਬੇ ਦੀ ਪੁਰਾਣੀ ਸ਼ਾਨ ਬਹਾਲ ਕਰੇਗਾ। ਇਸ ਪ੍ਰੋਗਰਾਮ ਦੇ ਵਿਸ਼ੇਸ਼ ਮਹਿਮਾਨਾਂ ’ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਰਿਵਾਰਕ ਮੈਂਬਰ ਅਭੈ ਸਿੰਘ ਸੰਧੂ, ਹਰਜੀਵਨਪਾਲ ਸਿੰਘ ਗਿੱਲ, ਜਗਜੀਵਨਪਾਲ ਸਿੰਘ ਗਿੱਲ, ਕਿਰਨਜੀਤ ਸੰਧੂ, ਮਨਜੀਤ ਕੌਰ, ਅਨੁਸ਼ਕਾ ਅਤੇ ਅਨੁਸ਼ਪ੍ਰਿਆ ਸ਼ਾਮਲ ਸਨ।
ਸ਼ਹੀਦ ਸੁਖਦੇਵ ਦੇ ਪਰਿਵਾਰਕ ਮੈਂਬਰ ਅਸ਼ੋਕ ਥਾਪਰ, ਕਰਨ ਥਾਪਰ, ਸੰਦੀਪ ਥਾਪਰ, ਤ੍ਰਿਭੂਵਨ ਥਾਪਰ, ਸੁਭਾਸ਼ ਥਾਪਰ ਅਤੇ ਵਿਨੋਦ ਥਾਪਰ ਵੀ ਸ਼ਾਮਲ ਸਨ। ਇਸ ਮੌਕੇ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ, ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਮਲਕੀਤ ਸਿੰਘ ਦਾਖਾ, ਸਾਬਕਾ ਵਿਧਾਇਕ ਗੁਰਇਕਬਾਲ ਕੌਰ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ, ਪ੍ਰਮੁੱਖ ਸਕੱਤਰ ਸੱਭਿਆਚਾਰਕ ਮਾਮਲੇ ਵਿਕਾਸ ਪ੍ਰਤਾਪ, ਸਕੱਤਰ ਗ੍ਰਹਿ ਤੇ ਨਿਆਂ ਰਾਹੁਲ ਤਿਵਾੜੀ ਅਤੇ ਸੈਰ-ਸਪਾਟਾ ਡਾਇਰੈਕਟਰ ਸ਼ਿਵਦੁਲਾਰ ਸਿੰਘ ਢਿੱਲੋਂ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…