ਮੁੱਖ ਮੰਤਰੀ ਤੀਰਥ ਯਾਤਰਾ: ਮੁਹਾਲੀ ਤੋਂ ਸ਼ਰਧਾਲੂਆਂ ਦਾ ਪਹਿਲਾ ਜਥਾ ਧਾਰਮਿਕ ਸਥਾਨਾਂ ਲਈ ਰਵਾਨਾ

ਡੇਰਾਬੱਸੀ ਹਲਕੇ ਤੋਂ ਦੂਜਾ ਜਥਾ ਬੁੱਧਵਾਰ ਨੂੰ ਗੁਰਦੁਆਰਾ ਨਾਭਾ ਸਾਹਿਬ ਤੋਂ ਹੋਵੇਗਾ ਰਵਾਨਾ

ਨਬਜ਼-ਏ-ਪੰਜਾਬ, ਮੁਹਾਲੀ, 12 ਦਸੰਬਰ:
ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਮੁਹਾਲੀ ਹਲਕੇ ਦੇ 43 ਸ਼ਰਧਾਲੂਆਂ ਦਾ ਪਹਿਲਾ ਜਥਾ ਅੱਜ ਅੰਮ੍ਰਿਤਸਰ-ਤਲਵੰਡੀ ਸਾਬੋ ਧਾਰਮਿਕ ਸਰਕਟ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਪਹਿਲੀ ਬੱਸ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਰਵਾਨਾ ਹੋਈ ਹੈ। ਜਿਸ ਨੂੰ ਤਹਿਸੀਲਦਾਰ ਕੁਲਦੀਪ ਸਿੰਘ, ਆਪ ਆਗੂ ਕੁਲਦੀਪ ਸਿੰਘ ਸਮਾਣਾ, ਅਵਤਾਰ ਸਿੰਘ ਮੌਲੀ ਬੈਦਵਾਨ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਹਰਮੇਸ਼ ਸਿੰਘ ਕੁੰਭੜਾ ਅਤੇ ਅਕਵਿੰਦਰ ਸਿੰਘ ਗੋਸਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਬੱਸ ਵਿੱਚ ਸਵਾਰ ਸਾਰੇ ਸ਼ਰਧਾਲੂਆਂ ਦੀ ਮੈਡੀਕਲ ਜਾਂਚ ਕੀਤੀ ਗਈ। ਇਸ ਤੋਂ ਪਹਿਲਾਂ ਸਾਰੇ ਸ਼ਰਧਾਲੂਆਂ ਨੂੰ ਸੈਕਟਰ 79 ਸਥਿਤ ਆਮ ਆਦਮੀ ਪਾਰਟੀ ਦੇ ਦਫ਼ਤਰ ਵਿੱਚ ਨਾਸ਼ਤਾ ਕਰਵਾਇਆ ਗਿਆ ਅਤੇ ਲੋੜੀਦੇ ਸਮਾਨ ਦੀਆਂ ਕਿੱਟਾਂ ਮੁਹੱਈਆ ਕੀਤੀਆਂ ਗਈਆਂ। ਜਿਸ ਵਿੱਚ ਗਰਮ ਕੰਬਲ, ਚਾਦਰ, ਸਿਰਹਾਣਾ, ਤੌਲੀਆ, ਛੱਤਰੀ, ਜਾਪਮਾਲਾ ਅਤੇ ਹੋਰ ਸਮਾਨ ਮੌਜੂਦ ਹੈ। ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਦੌਰਾਨ ਆਪ ਆਗੂ ਕੁਲਦੀਪ ਸਿੰਘ ਸਮਾਣਾ ਨੇ ਕਿਹਾ ਕਿ ਪੰਜਾਬ ਭਰ ਦੀ ਸੰਗਤ ਸਰਕਾਰ ਦੇ ਇਸ ਉਪਰਾਲੇ ਤੋਂ ਬਹੁਤ ਜ਼ਿਆਦਾ ਖੁਸ਼ ਹੈ। ਉਨ੍ਹਾਂ ਕਿਹਾ ਕਿ ਤੀਰਥ ਯਾਤਰਾ ’ਤੇ ਜਾਣ ਲਈ ਹਰੇਕ ਵਿਅਕਤੀ ਨੂੰ ਲੋੜੀਂਦੀਆਂ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ।
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸਾਂ ਰਾਹੀਂ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ, ਸ੍ਰੀ ਵੈਸ਼ਨੋ ਦੇਵੀ, ਮਾਤਾ ਚਿੰਤਪੁਰਨੀ, ਮਾਤਾ ਨੈਣਾ ਦੇਵੀ, ਮਾਤਾ ਜਵਾਲਾ, ਸਾਲਾਸਰ ਧਾਮ, ਖਾਟੂ ਸ਼ਿਆਮ ਅਤੇ ਹੋਰ ਧਾਰਮਿਕ ਮਹੱਤਤਾ ਵਾਲੇ ਸਥਾਨਾਂ ਦੇ ਦਰਸ਼ਨ ਕਰ ਸਕਣਗੇ। ਇਸ ਤੋਂ ਇਲਾਵਾ ਰੇਲ ਗੱਡੀਆਂ ਰਾਹੀਂ ਸ਼ਰਧਾਲੂ ਸ੍ਰੀ ਹਜ਼ੂਰ ਸਾਹਿਬ ਅਤੇ ਸ੍ਰੀ ਪਟਨਾ ਸਾਹਿਬ, ਵਾਰਾਨਸੀ, ਮਥੁਰਾ, ਅਜਮੇਰ ਸ਼ਰੀਫ਼ ਅਤੇ ਹੋਰ ਸਥਾਨਾਂ ਦੇ ਦਰਸ਼ਨ ਕਰ ਸਕਣਗੇ। ਸ਼ਰਧਾਲੂ ਅੱਜ ਰਾਤ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਠਹਿਰਾਓ ਕਰਨਗੇ ਅਤੇ ਭਲਕੇ ਬੁੱਧਵਾਰ ਨੂੰ ਤਲਵੰਡੀ ਸਾਬੋ ਲਈ ਰਵਾਨਾ ਹੋਣਗੇ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਦੇ ਰਹਿਣ-ਸਹਿਣ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।
ਡੀਸੀ ਆਸ਼ਿਕਾ ਜੈਨ ਨੇ ਕਿਹਾ ਕਿ ਹਰੇਕ ਹਲਕੇ ’ਚੋਂ ਤੀਰਥ ਯਾਤਰਾ ਲਈ ਅੱਠ-ਅੱਠ ਬੱਸਾਂ ਰਵਾਨਾ ਹੋਣਗੀਆਂ ਅਤੇ ਸ਼ਰਧਾਲੂਆਂ ਨੂੰ ਯਾਤਰਾ ਲਈ ਇੱਕ ਪੈਸਾ ਵੀ ਨਹੀਂ ਦੇਣਾ ਪਵੇਗਾ। ਉਨ੍ਹਾਂ ਦੱਸਿਆ ਕਿ ਡੇਰਾਬੱਸੀ ਹਲਕੇ ਦੇ ਸ਼ਰਧਾਲੂਆਂ ਦਾ ਦੂਜਾ ਜਥਾ ਭਲਕੇ ਬੁੱਧਵਾਰ ਨੂੰ ਗੁਰਦੁਆਰਾ ਨਾਭਾ ਸਾਹਿਬ ਜ਼ੀਰਕਪੁਰ ਤੋਂ ਰਵਾਨਾ ਹੋਵੇਗਾ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਐਮਰਜੈਂਸੀ ਦੀ ਸਥਿਤੀ ਵਿੱਚ ਤੀਰਥ ਯਾਤਰਾ ਰੂਟ ’ਤੇ ਸਥਿਤ ਸਰਕਾਰੀ ਹਸਪਤਾਲਾਂ ਨੂੰ ਪਹਿਲਾਂ ਹੀ ਅਲਰਟ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…