ਮੁੱਖ ਮੰਤਰੀ ਨੇ ਨੀਤੀ ਆਯੋਗ ਦੀ ਮੀਟਿੰਗ ਵਿੱਚ ਪੰਜਾਬ ਦੀ ਕਿਸਾਨੀ ਨਾਲ ਜੁੜੇ ਮਸਲੇ ਜ਼ੋਰਦਾਰ ਢੰਗ ਨਾਲ ਚੁੱਕੇ

‘ਅਸਲ ਕਿਸਾਨਾਂ’ ਨੂੰ ਸ਼ਾਮਲ ਕਰਕੇ ਐਮ.ਐਸ.ਪੀ. ਕਮੇਟੀ ਦਾ ਪੁਨਰਗਠਨ ਕਰਨ ਦੀ ਵਕਾਲਤ

ਮੁੱਖ ਮੰਤਰੀ ਨੇ ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦੇ ਚੁੱਕੇ

ਨਬਜ਼-ਏ-ਪੰਜਾਬ ਬਿਊਰੋ, ਨਵੀਂ ਦਿੱਲੀ, 7 ਅਗਸਤ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੀ ਕਿਸਾਨੀ ਨਾਲ ਜੁੜੇ ਮਸਲੇ ਜ਼ੋਰਦਾਰ ਢੰਗ ਨਾਲ ਉਠਾਉਂਦੇ ਹੋਏ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਨੂੰ ਕਾਨੂੰਨੀ ਗਾਰੰਟੀ ਬਣਾਉਣ ਅਤੇ ਬਦਲਵੀਆਂ ਫਸਲਾਂ ਲਈ ਪੁਖਤਾ ਮੰਡੀਕਰਨ ਪ੍ਰਣਾਲੀ ਯਕੀਨੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਨੀਤੀ ਆਯੋਗ ਦੀ ਕੌਮੀ ਕੌਂਸਲ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਚੇਤੇ ਕਰਦਿਆਂ ਕਿਹਾ ਕਿ ਜਿਸ ਵੇਲੇ ਦੇਸ਼ ਭੁੱਖਮਰੀ ਦੇ ਸੰਕਟ ਵਿੱਚੋਂ ਲੰਘ ਰਿਹਾ ਸੀ ਤਾਂ ਉਸ ਵੇਲੇ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੇ ਮੁਲਕ ਨੂੰ ਅਨਾਜ ਉਤਪਾਦਨ ਪੱਖੋਂ ਆਤਮ ਨਿਰਭਰ ਮੁਲਕ ਬਣਾਇਆ ਸੀ। ਉਨ੍ਹਾਂ ਕਿਹਾ ਕਿ ਖੇਤੀ ਹੁਣ ਲਾਹੇਵੰਦ ਧੰਦਾ ਨਹੀਂ ਰਿਹਾ ਜਿਸ ਕਰਕੇ ਕਿਸਾਨ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਅਜਿਹੀ ਸੰਕਟਕਾਲੀਨ ਸਥਿਤੀ ਵਿੱਚੋਂ ਕੱਢਣ ਲਈ ਹਰ ਸੰਭਵ ਯਤਨ ਕੀਤੇ ਜਾਣ ਜਿਸ ਲਈ ਕੇਂਦਰ ਸਰਕਾਰ ਨੂੰ ਬਣਦੇ ਕਦਮ ਚੁੱਕਣੇ ਚਾਹੀਦੇ ਹਨ। ਮੁੱਖ ਮੰਤਰੀ ਨੇ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਗਾਰੰਟੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹਾ ਕੀਤੇ ਜਾਣਾ ਸਮੇਂ ਦੀ ਲੋੜ ਹੈ ਤਾਂ ਜੋ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਵੀ ਲਾਹੇਵੰਦ ਹੋਣਾ ਚਾਹੀਦਾ ਹੈ ਕਿਉਂਕਿ ਖੇਤੀ ਲਾਗਤਾਂ ਕਈ ਗੁਣਾ ਵਧ ਗਈਆਂ ਹਨ ਜਿਸ ਕਰਕੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਸਹੀ ਮੁੱਲ ਨਹੀਂ ਮਿਲ ਰਿਹਾ।

ਭਾਰਤ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਇਮ ਕੀਤੀ ਕਮੇਟੀ ਨੂੰ ਮੁੱਢੋਂ ਰੱਦ ਕਰਦਿਆਂ ਮੁੱਖ ਮੰਤਰੀ ਨੇ ਮੰਗ ਕੀਤੀ ਕਿ ‘ਅਸਲ ਕਿਸਾਨਾਂ’ ਨੂੰ ਸ਼ਾਮਲ ਕਰਕੇ ਇਸ ਦਾ ਪੁਨਰਗਠਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਮੇਟੀ ਵਿੱਚ ਉਨ੍ਹਾਂ ਗਿਆਨ-ਵਿਹੂਣੇ ਅਰਥ ਸ਼ਾਸਤਰੀਆਂ ਦਾ ਦਬਦਬਾ ਹੈ ਜਿਨ੍ਹਾਂ ਨੂੰ ਖੇਤੀਬਾੜੀ ਬਾਰੇ ਕੋਈ ਇਲਮ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਕਮੇਟੀ ਦੇ ਸਾਰੇ ਭਾਈਵਾਲਾਂ ਦੇ ਨਾਲ-ਨਾਲ ਖੇਤੀ ਮਾਹਿਰਾਂ ਨੂੰ ਵੀ ਮੈਂਬਰ ਬਣਾਇਆ ਜਾਣਾ ਚਾਹੀਦਾ ਹੈ।

ਦੇਸ਼ ਵਿੱਚ ਦਾਲਾਂ ਦੀ ਮਹਿੰਗੇ ਭਾਅ ‘ਤੇ ਦਰਾਮਦ ਉਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਧਨ-ਦੌਲਤ ਦੇ ਬਾਹਰ ਜਾਣ ਨੂੰ ਰੋਕਣ ਦੀ ਲੋੜ ਹੈ ਅਤੇ ਪੰਜਾਬ ਇਸ ਵਿੱਚ ਅਹਿਮ ਭੂਮਿਕਾ ਨਿਭਾਅ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨ ਦਾਲਾਂ ਦੇ ਉਤਪਾਦਨ ਵਿੱਚ ਵੀ ਦੇਸ਼ ਨੂੰ ਸਵੈ-ਨਿਰਭਰ ਬਣਾਉਣ ਲਈ ਤਿਆਰ ਹਨ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਦਾਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦਾ ਐਲਾਨ ਕਰਨਾ ਚਾਹੀਦਾ ਹੈ ਅਤੇ ਇਸ ਲਈ ਢੁਕਵੀਂ ਮੰਡੀਕਰਨ ਪ੍ਰਣਾਲੀ ਦਾ ਭਰੋਸਾ ਵੀ ਦੇਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇੱਕ ਪਾਸੇ ਕਿਸਾਨਾਂ ਨੂੰ ਕਣਕ/ਝੋਨੇ ਦੇ ਫਸਲੀ ਚੱਕਰ ਵਿੱਚੋਂ ਕੱਢਣ ਲਈ ਅਤੇ ਦੂਜੇ ਪਾਸੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਖੇਤੀ ਵੰਨ-ਸੁਵੰਨਤਾ ਦੀ ਫੌਰੀ ਲੋੜ ਹੈ। ਉਨ੍ਹਾਂ ਨੇ ਦੁੱਖ ਪ੍ਰਗਟਾਇਆ ਕਿ ਕੁੱਲ 150 ਬਲਾਕਾਂ ਵਿੱਚੋਂ 117 ਬਲਾਕਾਂ ਵਿੱਚ ਪਾਣੀ ਦਾ ਪੱਧਰ ਖਤਰੇ ਦੇ ਪੱਧਰ ਉਤੇ (ਡਾਰਕ ਜ਼ੋਨ) ਪਹੁੰਚ ਚੁੱਕਾ ਹੈ। ਭਗਵੰਤ ਮਾਨ ਨੇ ਬਦਲਵੀਆਂ ਫਸਲਾਂ ‘ਤੇ ਵੀ ਘੱਟੋ-ਘੱਟ ਸਮਰਥਨ ਮੁੱਲ ਲਾਗੂ ਕਰਕੇ ਪਾਣੀ ਦੇ ਪੱਧਰ ਨੂੰ ਰੋਕਣ ਲਈ ਕੇਂਦਰ ਸਰਕਾਰ ਦੇ ਸਹਿਯੋਗ ਦੀ ਮੰਗ ਕੀਤੀ।

ਮੁੱਖ ਮੰਤਰੀ ਨੇ ਨੀਤੀ ਆਯੋਗ ਨੂੰ ਇਹ ਵੀ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਢਾਂਚੇ ਨੂੰ ਸੁਧਾਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਡਾਵਾਂਡੋਲ ਸਥਿਤੀ ਵਿਚ ਹੈ, ਜਿਸ ਲਈ ਬਹੁਤ ਵੱਡੇ ਯਤਨ ਕਰਨ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਲਈ ਮਿਆਰੀ ਅਤੇ ਪਹੁੰਚਯੋਗ ਸਿੱਖਿਆ ਨੂੰ ਯਕੀਨੀ ਬਣਾਉਣਾ ਹੈ।

ਸੂਬੇ ਵਿੱਚ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਿਤ ਕਰਨ ਦੇ ਮਸਲੇ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਇਸ ਦੀਆਂ ਅਥਾਹ ਸੰਭਾਵਨਾਵਾਂ ਹਨ ਜਿਸ ਨੂੰ ਹਕੀਕੀ ਰੂਪ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਹੁਲਾਰਾ ਦੇਣ ਲਈ ਸੂਬੇ ਨੂੰ ਫਰਾਖਦਿਲੀ ਨਾਲ ਫੰਡ ਦੇਣੇ ਚਾਹੀਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪਠਾਨਕੋਟ ਦੀ ਲੀਚੀ, ਹੁਸ਼ਿਆਰਪੁਰ ਅਤੇ ਅਬੋਹਰ ਦੇ ਕਿੰਨੂ ਤੋਂ ਇਲਾਵਾ ਜਲੰਧਰ ਦੇ ਆਲੂ ਆਪਣੀ ਗੁਣਵੱਤਾ ਅਤੇ ਸਵਾਦ ਲਈ ਵਿਸ਼ਵ ਪ੍ਰਸਿੱਧ ਹਨ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਿਤ ਕਰਕੇ ਕਿਸਾਨਾਂ ਦੀ ਕਿਸਮਤ ਬਦਲੀ ਜਾ ਸਕਦੀ ਹੈ।

ਇਕ ਹੋਰ ਮੁੱਦੇ ‘ਤੇ ਉਠਾਉਂਦਿਆਂ ਮੁੱਖ ਮੰਤਰੀ ਨੇ ਸੂਬੇ ਵਿਚ ਨਹਿਰੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਲਈ ਵਿਸ਼ੇਸ਼ ਫੰਡਾਂ ਦੀ ਵਿਵਸਥਾ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੌਜੂਦਾ ਨਹਿਰੀ ਸਿਸਟਮ ਦੀ ਮਜ਼ਬੂਤੀ ਅਤੇ ਮੁਰੰਮਤ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਅਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਦੇ ਸਮੇਂ ਦੌਰਾਨ ਬਣੀਆਂ ਨਹਿਰਾਂ ਨੂੰ ਮਜ਼ਬੂਤ ਅਤੇ ਅਪਗ੍ਰੇਡ ਕੀਤਾ ਜਾਣਾ ਚਾਹੀਦਾ ਹੈ ਜਿਸ ਲਈ ਕੇਂਦਰ ਸਰਕਾਰ ਨੂੰ ਸੂਬੇ ਨੂੰ ਵਿਸ਼ੇਸ਼ ਪੈਕੇਜ ਦੇਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਸੂਬੇ ਵਿੱਚ ਉਚੇਰੀ ਸਿੱਖਿਆ ਦੇ ਖੇਤਰ ਲਈ ਫੰਡ ਤੁਰੰਤ ਜਾਰੀ ਕਰਨ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ 16 ਨਵੇਂ ਮੈਡੀਕਲ ਕਾਲਜ ਖੋਲ੍ਹੇਗੀ ਜਿਸ ਨਾਲ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਤੱਕ ਪਹੁੰਚ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਕਾਰਜ ਲਈ ਖੁੱਲ੍ਹੇ ਦਿਲ ਨਾਲ ਸੂਬਾ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ।

ਸ਼ਹਿਰੀ ਵਿਕਾਸ ਦੇ ਮੁੱਦੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਵੱਡੇ ਸ਼ਹਿਰਾਂ ਵਿੱਚੋਂ ਉਦਯੋਗਿਕ ਇਕਾਈਆਂ ਨੂੰ ਬਾਹਰ ਕੱਢ ਕੇ ਇਨ੍ਹਾਂ ਸ਼ਹਿਰਾਂ ਨੂੰ ਭੀੜ-ਭੜੱਕੇ ਦੀ ਸਮੱਸਿਆ ਤੋਂ ਨਿਜਾਤ ਦਿਵਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਵਿਸਥਾਰਤ ਯੋਜਨਾ ਉਲੀਕੀ ਜਾ ਰਹੀ ਹੈ। ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਸੂਬਾ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ ਕਿਉਂਕਿ ਇਸ ਨਾਲ ਸਨਅਤੀਕਰਨ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਸੂਬੇ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।

ਸੂਬੇ ਦੇ ਸਾਬਕਾ ਮੁੱਖ ਮੰਤਰੀਆਂ ਉਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਉਨ੍ਹਾਂ ਤੋਂ ਪਹਿਲੇ ਕਿਸੇ ਵੀ ਮੁੱਖ ਮੰਤਰੀ ਨੇ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਪ੍ਰਵਾਹ ਨਹੀਂ ਕੀਤੀ ਜਿਸ ਨਾਲ ਸੂਬੇ ਦਾ ਵੱਡਾ ਨੁਕਸਾਨ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਕੋਈ ਵੀ ਇਸ ਮੀਟਿੰਗ ਵਿਚ ਸ਼ਾਮਲ ਹੋਣ ਲਈ ਨਹੀਂ ਆਇਆ ਸਗੋਂ ਚਿੱਠੀ-ਪੱਤਰਾਂ ਨਾਲ ਹੀ ਡੰਗ ਟਪਾਈ ਕੀਤੀ ਜਿਸ ਦਾ ਕੋਈ ਫਾਇਦਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਹ ਨੇਤਾ ਆਪਣੇ ਮਹਿਲਾਂ ਵਿਚ ਵੀ ਆਰਾਮ ਫਰਮਾਉਂਦੇ ਰਹੇ ਅਤੇ ਸੂਬੇ ਦੇ ਹਿੱਤਾਂ ਨੂੰ ਪੂਰੀ ਤਰ੍ਹਾਂ ਦਰਕਿਨਾਰ ਕੀਤਾ। ਮੁੱਖ ਮੰਤਰੀ ਨੇ ਕਿਹਾ, “ਮੈਂ ਅੱਜ ਨੀਤੀ ਆਯੋਗ ਦੀ ਮੀਟਿੰਗ ਦੌਰਾਨ ਸੂਬੇ ਨੂੰ ਦਰਪੇਸ਼ ਮਸਲਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਹੈ ਅਤੇ ਮੈਂ ਆਸਵੰਦ ਹਾਂ ਕਿ ਭਾਰਤ ਸਰਕਾਰ ਇਨ੍ਹਾਂ ਮਸਲਿਆਂ ਦੇ ਹੱਲ ਲਈ ਹਾਂ-ਪੱਖੀ ਹੁੰਗਾਰਾ ਭਰੇਗੀ।”

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …