ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਉਭਾਰਨ ਦੀ ਵਚਨਬੱਧਤਾ ਦੁਹਰਾਈ

ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰ ਰਿਹਾ ਪੰਜਾਬ

ਪੰਜਾਬ ਨੂੰ ਸਨਅਤੀ ਵਿਕਾਸ ਦੀ ਬੁਲੰਦੀਆਂ ’ਤੇ ਲਿਜਾਉਣ ਲਈ ਸਨਅਤੀ ਦਿੱਗਜ਼ਾਂ ਨੂੰ ਸਰਗਰਮ ਭਾਈਵਾਲ ਬਣਨ ਦਾ ਸੱਦਾ

‘ਵਿਜ਼ਨ ਪੰਜਾਬ’ ਪ੍ਰੋਗਰਾਮ ਦੌਰਾਨ ਵੱਖ-ਵੱਖ ਕੰਪਨੀਆਂ ਦੇ ਮੁਖੀਆਂ ਨਾਲ ਵਿਚਾਰ-ਵਟਾਂਦਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਗਸਤ:
ਸੂਬੇ ਵਿੱਚ ਨਿਵੇਸ ਲਈ ਸਨਅਤੀ ਕਾਰੋਬਾਰੀਆਂ ਦਾ ਜ਼ੋਰਦਾਰ ਢੰਗ ਨਾਲ ਸਵਾਗਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਨੂੰ ਦੇਸ ਦੇ ਉਦਯੋਗਿਕ ਧੁਰੇ ਵਜੋਂ ਉੱਭਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਮੁੱਖ ਮੰਤਰੀ ਨੇ ਇੱਥੇ ਸਨਅਤੀ ਕਾਰੋਬਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਮੈਂ ਤੁਹਾਨੂੰ ਨਾ ਸਿਰਫ਼ ਨਿਵੇਸ਼ ਕਰਨ ਸਗੋਂ ਉਦਯੋਗਿਕ ਵਿਕਾਸ ਵਾਸਤੇ ਦੋਵਾਂ ਧਿਰਾਂ ਲਈ ਹਾਂ-ਪੱਖੀ ਮਾਹੌਲ ਸਿਰਜਣ ਵਾਸਤੇ ਸਰਗਰਮ ਭਾਈਵਾਲ ਬਣਨ ਦਾ ਸੱਦਾ ਦਿੰਦਾ ਹਾਂ।’’
ਮੁਹਾਲੀ ਵਿਖੇ ਇਨਵੈਸਟ ਪੰਜਾਬ ਅਤੇ ਐਸੋਚੈਮ ਵੱਲੋਂ ‘ਵਿਜ਼ਨ ਪੰਜਾਬ’ ਦੇ ਬੈਨਰ ਹੇਠ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੁਖਾਵੇਂ ਮਾਹੌਲ ਕਾਰਨ ਸੂਬਾ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰਿਆ ਹੈ। ਸਮਰਪਿਤ ਸਿੰਗਲ ਵਿੰਡੋ ਸਿਸਟਮ ਤੇ ਸਸਤੀ ਬਿਜਲੀ ਦੇ ਰੂਪ ਵਿਚ ਕਾਰਪੋਰੇਟ ਦਿੱਗਜ਼ਾਂ ਲਈ ਅਨੁਕੂਲ ਮਾਹੌਲ ਬਣਾਉਣ ਲਈ ਵੱਖ-ਵੱਖ ਕਦਮਾਂ ਦਾ ਜ਼ਿਕਰ ਕਰਦਿਆਂ ਮਾਨ ਨੇ ਕਿਹਾ ਕਿ ਨਿਰਮਾਣ ਖੇਤਰ, ਉਦਯੋਗਿਕ ਵਿਕਾਸ ਦੇ ਨਾਲ-ਨਾਲ ਵਿਦੇਸ਼ਾਂ ਵਿਚ ਜਾ ਰਹੇ ਨੌਜਵਾਨਾਂ ਨੂੰ ਰੋਕਣ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਮੁੱਖ ਆਧਾਰ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਸਰਕਾਰ ਦੁਆਰਾ ਸਾਸਨ ਅਤੇ ਆਰਥਿਕ ਖੇਤਰਾਂ ਵਿਚ ਕੀਤੇ ਗਏ ਬੇਮਿਸਾਲ ਸੁਧਾਰ ਵਿਕਾਸ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਕਾਰਨ ਪੰਜਾਬ ਉਦਯੋਗਪਤੀਆਂ ਦੀ ਸਭ ਤੋਂ ਪਸੰਦੀਦਾ ਥਾਂ ਬਣ ਕੇ ਉੱਭਰਿਆ ਹੈ। ਇੱਕ ਉਦਾਹਰਨ ਦਿੰਦਿਆਂ ਉਨ੍ਹਾਂ ਕਿਹਾ ਕਿ ਜਮਸ਼ੇਦਪੁਰ ਤੋਂ ਬਾਅਦ ਟਾਟਾ ਗਰੁੱਪ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਨਿਵੇਸ਼ ਪੰਜਾਬ ਵਿੱਚ ਹੋਇਆ ਹੈ ਅਤੇ ਅੱਜ ਸੂਬਾ ਸਰਕਾਰ ਨੇ ਉਨ੍ਹਾਂ ਨੂੰ ਪਹਿਲੇ ਪੜਾਅ ਵਿੱਚ ਲੁਧਿਆਣਾ ਵਿਖੇ 2600 ਕਰੋੜ ਰੁਪਏ ਦੇ ਨਿਵੇਸ਼ ਨਾਲ ਸਕਰੈਪ ਆਧਾਰਿਤ ਸਟੀਲ ਪਲਾਂਟ ਸਥਾਪਤ ਕਰਨ ਲਈ ਪੱਤਰ ਸੌਂਪਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਤਾਂ ਸ਼ੁਰੂਆਤ ਹੈ ਅਤੇ ਇਸ ਤੋਂ ਬਾਅਦ ਅਜਿਹੇ ਹੋਰ ਵੀ ਕਈ ਪ੍ਰੋਜੈਕਟ ਆਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਨਿਰਵਿਘਨ ਬਿਜਲੀ, ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ, ਸਹਾਇਕ ਸਰਕਾਰੀ ਮਸ਼ੀਨਰੀ, ਹੁਨਰਮੰਦ ਮਜ਼ਦੂਰ ਦਾ ਪੂਲ ਅਤੇ ਸੂਬਾ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣਗੀਆਂ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਉਦਯੋਗਿਕ ਵਿਕਾਸ ਵਿੱਚ ਦੇਸ ਦੀ ਅਗਵਾਈ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਦੇਸ ਦੇ ਹੋਰ ਹਿੱਸਿਆਂ ਵਿੱਚ ਪੰਜਾਬ ਦੇ ਇਤਿਹਾਸ, ਵਿਰਾਸਤ ਅਤੇ ਵਿਕਾਸ ਨੂੰ ਦਰਸਾਉਣ ਲਈ ਆਪਣੀਆਂ ਰੇਲ ਗੱਡੀਆਂ ਸ਼ੁਰੂ ਕਰਨ ‘ਤੇ ਵਿਚਾਰ ਕਰ ਰਹੀ ਹੈ। ਨੌਜਵਾਨ ਉੱਦਮੀਆਂ ਨੂੰ ਪ੍ਰੇਰਿਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਫਲਤਾ ਉਨ੍ਹਾਂ ਦੀ ਤਾਕਤ ਨੂੰ ਦਰਸਾਏਗੀ।
ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ, ਲਗਨ ਅਤੇ ਉੱਦਮੀ ਹੁਨਰ ਦੀ ਬਖ਼ਸ਼ੀਸ਼ ਹੈ ਜਿਸ ਸਦਕਾ ਉਨ੍ਹਾਂ ਨੇ ਵਿਸ਼ਵ ਭਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗ ਪੱਖੀ ਮਾਹੌਲ ਸਿਰਜਣ ਲਈ ਵੱਖ ਵੱਖ ਪਹਿਲਕਦਮੀਆਂ ਕਰ ਰਹੀ ਹੈ ਤਾਂ ਜੋ ਸਾਡੇ ਉੱਦਮੀ ਇੱਥੇ ਹੀ ਆਪਣੀ ਸਫਲਤਾ ਦੀ ਕਹਾਣੀ ਲਿਖ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇ ਯੁੱਗ ਵਿੱਚ ਛੋਟੇ ਵਿਚਾਰਾਂ ਤੋਂ ਵੱਡੇ ਕਾਰੋਬਾਰ ਜਨਮ ਲੈ ਰਹੇ ਹਨ ਅਤੇ ਜਮੈਟੋ ਤੇ ਓਲਾ ਇਸ ਦੀਆਂ ਢੁਕਵੀਆਂ ਉਦਾਹਰਨਾਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੀ ਸੂਬੇ ਵਿੱਚ ਸੈਰ ਸਪਾਟਾ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਵਿਚਾਰ ਕਰ ਰਹੀ ਹੈ ਅਤੇ ਰਾਜ ਵਿੱਚ ਰਣਜੀਤ ਸਾਗਰ ਡੈਮ ਅਤੇ ਧਾਰ ਬਲਾਕ ਵਰਗੇ ਸ਼ਾਂਤਮਈ ਸਥਾਨਾਂ ਵਿੱਚ ਅਥਾਹ ਸੰਭਾਵਨਾਵਾਂ ਹਨ, ਜਿਨ੍ਹਾਂ ਨੂੰ ਵਰਤਿਆ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ‘ਚੋਂ ਦੇਸ ਦੇ ਅੰਦਰ ਅਤੇ ਬਾਹਰ ਬਿਹਤਰ ਹਵਾਈ ਸੰਪਰਕ ਪ੍ਰਦਾਨ ਕਰਨ ਲਈ ਟਾਟਾ ਸਕਾਈ, ਵਿਸਤਾਰਾਂ, ਏਅਰ ਸਕਾਈ ਅਤੇ ਹੋਰ ਏਅਰਲਾਈਨਜ਼ ਨਾਲ ਵਿਚਾਰ-ਵਟਾਂਦਰਾ ਜਾਰੀ ਹੈ।
ਇਸ ਤੋਂ ਪਹਿਲਾਂ ਦਰਸ਼ਕਾਂ ਨੇ ਲੁਧਿਆਣਾ ਵਿਖੇ 2600 ਕਰੋੜ ਰੁਪਏ ਦੇ ਪ੍ਰੋਜੈਕਟ ਦੀ ਸਥਾਪਨਾ ਲਈ ਟਾਟਾ ਗਰੁੱਪ ਨਾਲ ਇੱਕ ਸਮਝੌਤੇ ’ਤੇ ਦਸਤਖ਼ਤ ਕਰਨ ਸਮੇਂ ਮੁੱਖ ਮੰਤਰੀ ਲਈ ਖੜੇ ਹੋ ਪੂਰੇ ਉਤਸ਼ਾਹ ਨਾਲ ਤਾੜੀਆਂ ਮਾਰੀਆਂ। ਇਨਵੈਸਟ ਪੰਜਾਬ ਦੇ ਸੀਈਓ ਕਮਲ ਕਿਸ਼ੋਰ ਯਾਦਵ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ। ਇਸ ਮੌਕੇ ਉਦਯੋਗਿਕ ਦਿੱਗਜਾਂ ਨੇ ਵੀ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਪੰਜਾਬੀਆਂ ਦੇ ਉੱਦਮੀ ਹੁਨਰ ਨੂੰ ਹੋਰ ਨਿਖਾਰਨ ’ਤੇ ਜ਼ੋਰ ਦਿੱਤਾ।

ਇਸ ਮੌਕੇ ਵਿੱਤ ਮੰਤਰੀ ਹਰਪਾਲ ਚੀਮਾ, ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਅਤੇ ਮਾਲ ਮੰਤਰੀ ਬ੍ਰਹਮ ਸੰਕਰ ਜਿੰਪਾ, ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਮੁੱਖ ਸਕੱਤਰ ਵਿਜੈ ਜੰਜੂਆ, ਸੀਈਓ ਇਨਵੈਸਟ ਪੰਜਾਬ ਕਮਲ ਕਿਸ਼ੋਰ ਯਾਦਵ ਅਤੇ ਹੋਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੇਂਦਰ ਸਰਕਾਰ ਨੂੰ ਕੌਮੀ ਪੱਧਰ ’ਤੇ ਜਿਨਸਾਂ ਦੀ ਉਪਜ ਤੇ ਖਪਤ ਸਬੰਧੀ ਸਰਵੇ ਕਰਵਾਉਣ ਦੀ ਲੋੜ: ਬਰਸਟ

ਕੇਂਦਰ ਸਰਕਾਰ ਨੂੰ ਕੌਮੀ ਪੱਧਰ ’ਤੇ ਜਿਨਸਾਂ ਦੀ ਉਪਜ ਤੇ ਖਪਤ ਸਬੰਧੀ ਸਰਵੇ ਕਰਵਾਉਣ ਦੀ ਲੋੜ: ਬਰਸਟ ਮਾਡਰਨਾਈਜ…