
ਮੁੱਖ ਮੰਤਰੀ ਨੇ ਸਾਥੀ ਮੰਤਰੀਆਂ ਨੂੰ ਸੌਂਪਿਆ ਸਰਕਾਰੀ ਪ੍ਰੋਗਰਾਮਾਂ ਦਾ ਜਾਇਜ਼ਾ ਅਤੇ ਨਿਗਰਾਨੀ ਦਾ ਕਾਰਜ
ਸਮਾਜਿਕ ਭਲਾਈ ਸਕੀਮਾਂ ਲਾਗੂ ਕਰਨਾ ਯਕੀਨੀ ਬਣਾਉਣ ਲਈ ਕੈਬਨਿਟ ਤੇ ਰਾਜ ਮੰਤਰੀਆਂ ਨੂੰ ਜ਼ਿਲ੍ਹਿਆਂ ਦੀ ਵੰਡ
ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 19 ਅਗਸਤ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਦੇ ਵੱਖ ਵੱਖ ਪ੍ਰੋਗਰਾਮਾਂ ਨੂੰ ਸਮੇਂ ਸੀਮਾਂ ਅਤੇ ਬਿਨਾਂ ਕਿਸੇ ਊਣਤਾਈ ਦੇ ਲਾਗੂ ਕਰਨ ਨੂੰ ਯਕੀਨੀ ਬਨਾਉਣ ਦੇ ਵਾਸਤੇ ਇਨ੍ਹਾਂ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਅਤੇ ਇਨ੍ਹਾਂ ’ਤੇ ਨਿਗਰਾਨੀ ਰੱਖਣ ਦਾ ਕਾਰਜ ਆਪਣੇ ਕੈਬਨਿਟ ਮੰਤਰੀਆਂ ਨੂੰ ਸੌਂਪਿਆ ਹੈ। ਮੁੱਖ ਮੰਤਰੀ ਦਫ਼ਤਰ ਦੇ ਵੱਲੋਂ ਜਾਰੀ ਕੀਤੇ ਇੱਕ ਅੰਦਰੂਨੀ ਨੋਟ ਵਿੱਚ ਕਿਹਾ ਗਿਆ ਹੈ ਕਿ ਜਿਨ੍ਹਾਂ ਪ੍ਰੋਗਰਾਮਾਂ ਦਾ ਜਾਇਜ਼ਾ ਲੈਣ ਅਤੇ ਨਿਗਰਾਨੀ ਰੱਖਣ ਦਾ ਕਾਰਜ ਮੰਤਰੀਆਂ ਨੂੰ ਦਿੱਤਾ ਗਿਆ ਹੈ ਉਨ੍ਹਾਂ ਵਿੱਚ ਆਟਾ-ਦਾਲ ਸਕੀਮ, ਮਨਰੇਗਾ, ਅਸ਼ੀਰਵਾਦ ਸਕੀਮ ਅਤੇ ਬੁਢਾਪਾ ਪੈਨਸ਼ਨ ਸਕੀਮ ਤੋਂ ਇਲਾਵਾ ਉਹ ਸਾਰੇ ਪ੍ਰੋਗਰਾਮ ਸ਼ਾਮਲ ਹਨ, ਜਿਨ੍ਹਾਂ ’ਤੇ ਮੰਤਰੀ ਆਪਣਾ ਧਿਆਨ ਕੇਂਦਰਤ ਕਰਨਾ ਚਾਹੁੰਦੇ ਹਨ।
ਇਸ ਨੋਟ ਵਿੱਚ ਮੁੱਖ ਸਕੱਤਰ ਨੂੰ ਸਾਰੇ ਸਬੰਧਤਾਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕਰਨ ਲਈ ਆਖਿਆ ਗਿਆ ਹੈ। ਮੁੱਖ ਮੰਤਰੀ ਨੇ ਸਪਸ਼ਟ ਕੀਤਾ ਹੈ ਕਿ ਜਾਇਜ਼ਾ ਮੀਟਿੰਗਾਂ ਦੀ ਪ੍ਰਧਾਨਗੀ ਦੇ ਵਾਸਤੇ ਮੰਤਰੀ ਲੋੜੀਂਦਾ ਹੋਵੇਗਾ ਜਿਸ ਦੇ ਵਾਸਤੇ ਡਿਪਟੀ ਕਮਿਸ਼ਨਰਾਂ ਵੱਲੋਂ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ। ਜਾਇਜ਼ਾ ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਦੇ ਸਾਰੇ ਸਬੰਧਤ ਜ਼ਿਲ੍ਹਾ ਮੁਖੀਆਂ ਦੀ ਹਾਜ਼ਰੀ ਨੂੰ ਡਿਪਟੀ ਕਮਿਸ਼ਨਰ ਯਕੀਨੀ ਬਨਾਉਣਗੇ। ਇਸ ਦਾ ਉਦੇਸ਼ ਸਰਕਾਰ ਦੀਆਂ ਵੱਖ ਵੱਖ ਸਮਾਜ ਭਲਾਈ ਸਕੀਮਾਂ ਨੂੰ ਸਖਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਨਾਉਣਾ ਹੈ ਤਾਂ ਜੋ ਇਨ੍ਹਾਂ ਦਾ ਲਾਭ ਹੇਠਾਂ ਤੱਕ ਬਣਦੇ ਹੱਕਦਾਰਾਂ ਨੂੰ ਪਹੁੰਚ ਸਕੇ। ਮੁੱਖ ਮੰਤਰੀ ਨੇ ਪਹਿਲਾਂ ਹੀ ਜਾਅਲੀ ਲਾਭਪਾਤਰੀਆਂ ਨੂੰ ਸੂਚੀ ਵਿੱਚੋਂ ਹਟਾਉਣ ਦਾ ਹੁਕਮ ਜਾਰੀ ਕੀਤਾ ਹੋਇਆ ਹੈ।
ਅੱਜ ਏਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮਕਸਦ ਲਈ ਮੰਤਰੀਆਂ ਨੂੰ ਜ਼ਿਲ੍ਹੇ ਅਲਾਟ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਆਪਣੇ ਆਪਣੇ ਜ਼ਿਲ੍ਹੇ ਨਾਲ ਸਬੰਧਤ ਵੱਖ ਵੱਖ ਸਕੀਮਾਂ ਦੀ ਪ੍ਰਗਤੀ ਰਿਪੋਰਟ ਨਿਯਮਤ ਤੌਰ ’ਤੇ ਪੇਸ਼ ਕਰਨ ਲਈ ਲਈ ਆਖਿਆ ਗਿਆ ਹੈ। ਜਿੱਥੇ ਜ਼ਰੂਰੀ ਹੋਇਆ ਓਥੇ ਮੁੱਖ ਮੰਤਰੀ ਨਿੱਜੀ ਤੌਰ ’ਤੇ ਇਨ੍ਹਾਂ ਸਕੀਮਾਂ ਦਾ ਜਾਇਜ਼ਾ ਲੈਣਗੇ ਅਤੇ ਇਨ੍ਹਾਂ ਵਿੱਚ ਦਖਲ ਦੇਣਗੇ। ਮੰਤਰੀਆਂ ਨੂੰ ਇਹ ਸਕੀਮਾਂ ਸਖਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਨਾਉਣ ਵਾਸਤੇ ਹਦਾਇਤਾਂ ਦਿੱਤੀਆਂ ਗਈਆਂ ਹਨ।
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੂੰ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਜ਼ਿਲ੍ਹੇ ਦਿੱਤੇ ਗਏ ਹਨ ਜਦਕਿ ਸਥਾਨਕ ਸਰਕਾਰ ਮੰਤਰੀ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲ੍ਹਾ ਦੇਖਣਗੇ। ਇਸੇ ਤਰ੍ਹਾਂ ਹੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਅਤੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਫਤਹਿਗੜ੍ਹ ਸਾਹਿਬ, ਮੁਹਾਲੀ ਅਤੇ ਪਟਿਆਲਾ ਜ਼ਿਲ੍ਹਿਆਂ ਦਾ ਕੰਮ ਦੇਖਣਗੇ। ਇਸੇ ਤਰ੍ਹਾਂ ਹੀ ਦਿਹਾਤੀ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਗੁਰਦਾਸਪੁਰ ਅਤੇ ਪਠਾਨਕੋਟ, ਸਿੰਚਾਈ ਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਕਪੂਰਥਲਾ ਤੇ ਜਲੰਧਰ, ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਫਾਜਿਲਕਾ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ, ਉਚ ਸਿੱਖਿਆ ਮੰਤਰੀ ਅਰੁਣਾ ਚੌਧਰੀ ਹੁਸ਼ਿਆਰਪੁਰ, ਐਸ.ਬੀ.ਐਸ. ਨਗਰ ਤੇ ਰੋਪੜ ਅਤੇ ਜਨ ਸਿਹਤ ਮੰਤਰੀ ਰਜ਼ੀਆ ਸੁਲਤਾਨ ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਦਾ ਕੰਮ ਦੇਖਣਗੇ।