nabaz-e-punjab.com

ਚਿੱਟੇ ਮੱਛਰ ਦੇ ਹਮਲੇ ਕਾਰਨ ਨਰਮੇ ਦੇ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਮੁੱਖ ਮੰਤਰੀ ਕਰਨਗੇ ਮਾਨਸਾ ਦਾ ਦੌਰਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 10 ਅਗਸਤ:
ਚਿੱਟੇ ਮੱਛਰ ਦੇ ਹਮਲੇ ਕਾਰਨ ਕਿਸਾਨਾਂ ਵੱਲੋਂ ਆਪਣੇ ਨਰਮੇਂ ਦੀ ਫਸਲ ਵਾਹੁਣ ਦੀਆਂ ਆ ਰਹੀਆਂ ਰਿਪੋਰਟਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚਿੱਟੇ ਮੱਛਰ ਦੇ ਹਮਲੇ ਕਾਰਨ ਪੈਦਾ ਹੋਈ ਸਥਿਤੀ ਦਾ ਅਨੁਮਾਨ ਲਾਉਣ ਲਈ ਸ਼ੁੱਕਰਵਾਰ ਨੂੰ ਖੁਦ ਮਾਨਸਾ ਦਾ ਦੌਰਾ ਕਰਨਗੇ। ਅੱਜ ਇੱਥੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਮੁੱਖ ਮੰਤਰੀ ਦੇ ਨਾਲ ਸੀਨੀਅਰ ਅਧਿਕਾਰੀ ਵੀ ਹੋਣਗੇ ਅਤੇ ਮੁੱਖ ਮੰਤਰੀ ਨੇ ਪਹਿਲਾਂ ਹੀ ਕਿਸਾਨਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਾਉਣ ਲਈ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਸਹਿਣ ਨਹੀਂ ਕੀਤੀ ਜਾਵੇਗੀ।
ਚਿੱਟੇ ਮੱਛਰ ਦੇ ਕਾਰਨ ਨਰਮੇ ਦੀ ਫਸਲ ਨੂੰ ਹੋ ਰਹੇ ਨੁਕਸਾਨ ਸਬੰਧੀ ਰਿਪੋਰਟਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁੱਖ ਮੰਤਰੀ ਨੇ ਖੁਦ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਕਿਸਾਨੀ ਭਾਈਚਾਰੇ ’ਤੇ ਪਏ ਪ੍ਰਭਾਵ ਅਤੇ ਨਰਮੇ ਨੂੰ ਹੋਏ ਨੁਕਸਾਨ ਦਾ ਅਨੁਮਾਨ ਲਗਾਉਣ ਦਾ ਫੈਸਲਾ ਕੀਤਾ ਹੈ। ਬੁਲਾਰੇ ਅਨੁਸਾਰ ਉਹ ਇਸ ਨੁਕਸਾਨ ਦੇ ਸਬੰਧ ਵਿੱਚ ਵਿਸਤ੍ਰਿਤ ਸਰਵੇਖਣ ਵੀ ਕਰਵਾਉਣਾ ਚਾਹੁੰਦੇ ਹਨ। ਇਸੇ ਦੌਰਾਨ ਮੁੱਖ ਮੰਤਰੀ ਨੇ ਖੇਤੀਬਾੜੀ ਵਿਭਾਗ ਅਤੇ ਪੁਲਿਸ ਅਥਾਰਟੀ ਨੂੰ ਜਾਅਲੀ ਕੀਟਨਾਸ਼ਕਾਂ ਦੇ ਵਿਕਰੀ ਵਿਰੁੱਧ ਤਿੱਖੀ ਕਾਰਵਾਈ ਕਰਨ ਲਈ ਨਿਰਦੇਸ਼ ਦਿੱਤੇ ਹਨ ਜਿਸ ਦੇ ਕਾਰਨ ਇਹ ਸਥਿਤੀ ਪੈਦਾ ਹੋਈ ਹੈ ਕਿਉਂਕਿ ਕਿਸਾਨਾਂ ਵੱਲੋਂ ਕੀਟਨਾਸ਼ਕਾਂ ਦਾ ਛਿੜਕ ਕੀਤੇ ਜਾਣ ਦੇ ਬਾਵਜੂਦ ਚਿੱਟੇ ਮੱਛਰ ਨੇ ਫਸਲ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਜਾਇਜ਼ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਵੀ ਸਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਹਨ ਤਾਂ ਜੋ ਚਿੱਟੇ ਮੱਛਰ ’ਤੇ ਕਾਬੂ ਪਾਇਆ ਜਾ ਸਕੇ।
ਕੈਪਟਨ ਅਮਰਿੰਦਰ ਸਿੰਘ ਨੇ ਸੰਕਟ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੂੰ ਮਿਆਰੀ ਬੀਜਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਵੀ ਸਬੰਧਤ ਵਿਭਾਗਾਂ ਨੂੰ ਆਖਿਆ ਹੈ ਕਿਉਂਕਿ ਇਹ ਕਿਸਾਨ ਆਪਣੇ ਕਿੱਤੇ ਨੂੰ ਬਣਾਈ ਰੱਖਣ ਲਈ ਤਿੱਖਾ ਸੰਘਰਸ਼ ਕਰ ਰਹੇ ਹਨ ਅਤੇ ਵੱਡੇ ਕਰਜ਼ੇ ਹੇਠ ਰੀਂਘ ਰਹੇ ਹਨ। ਉਨ੍ਹਾਂ ਨੇ ਨਰਮਾਂ ਪੱਟੀ ਵਿੱਚ ਕਪਾਹ ਦੀ ਰੱਖਿਆ ਲਈ ਕਿਸਾਨਾਂ ਨੂੰ ਢੰਗ ਤਰੀਕਿਆਂ ਬਾਰੇ ਜਾਣੂੰ ਕਰਾਉਣ ਵਾਸਤੇ ਜਾਗਰੂਕਤਾ ਕੈਂਪ ਲਾਉਣ ਦਾ ਵੀ ਸੁਝਾਅ ਦਿੱਤਾ ਹੈ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…