Nabaz-e-punjab.com

ਮੁੱਖ ਮੰਤਰੀ ਨੇ ਮੁਹਾਲੀ ਵਿੱਚ ਵਿਸ਼ਵ ਪੱਧਰੀ ਤਕਨੀਕੀ ਯੂਨੀਵਰਸਿਟੀ ਪਲਾਕਸ਼ਾ ਦਾ ਨੀਂਹ ਪੱਥਰ ਰੱਖਿਆ

ਵਿਦਿਆਰਥੀਆਂ ਨੂੰ ਚੁਣੌਤੀਆਂ ਦਾ ਟਾਕਰਾ ਕਰਨ ਦੇ ਯੋਗ ਬਣਾਉਣ ਲਈ ਨਵੀਆਂ ਤਕਨੀਕਾਂ ਦੀ ਲੋੜ: ਮੁੱਖ ਮੰਤਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਫਰਵਰੀ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਆਈਟੀ ਸਿਟੀ (ਨੇੜੇ ਇਨਫੋਸਿਸ ਕੈਂਪਸ) ਵਿੱਚ 50 ਏਕੜ ਵਿੱਚ 200 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਵਿਸ਼ਵ ਪੱਧਰੀ ਪਲਾਕਸ਼ਾ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਉਮੀਦ ਜਤਾਈ ਕਿ ਇਹ ਯੂਨੀਵਰਸਿਟੀ ਸੂਬੇ ਦੇ ਵਿਦਿਆਰਥੀਆਂ ਦੀ ਕਿਸਮਤ ਨੂੰ ਬਦਲ ਦੇਵੇਗੀ ਅਤੇ ਉਨ੍ਹਾਂ ਨੂੰ ਅਜੋਕੇ ਤਕਨੀਕੀ ਬਦਲਾਓ ਨਾਲ ਤਾਲਮੇਲ ਬਣਾਉਣ ਵਿੱਚ ਸਹਾਇਤਾ ਕਰੇਗੀ। ਵਿਦਿਆਰਥੀਆਂ ਨੂੰ ਆਉਣ ਵਾਲੇ ਸਮੇਂ ਦੀਆਂ ਜ਼ਰੂਰਤਾਂ ਲਈ ਤਿਆਰ ਕਰਨ ਦੀ ਮਹੱਤਤਾ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਟੈਕਨਾਲੋਜੀ ਨੇ ਸੰਸਾਰ ਨੂੰ ਇੱਕ ਗਲੋਬਲ ਪਿੰਡ ਬਣਾ ਦਿੱਤਾ ਹੈ। ਆਈਟੀ ਦੇ ਖੇਤਰ ਵਿੱਚ ਹੋ ਰਹੇ ਤਕਨੀਕੀ ਵਿਕਾਸ ਜੀਵਨ ’ਤੇ ਸਕਾਰਾਤਮਿਕ ਪ੍ਰਭਾਵ ਪਾ ਰਹੇ ਹਨ।
ਕੈਪਟਨ ਨੇ ਕਿਹਾ ਕਿ ਇਹ ਯੂਨੀਵਰਸਿਟੀ ਉੱਚ ਪੱਧਰੀ ਕੌਮਾਂਤਰੀ ਸੰਸਥਾਵਾਂ ਦੇ ਨਾਲ ਤਾਲਮੇਲ ਕਰਕੇ ਸੂਬੇ ਦੇ ਵਿਦਿਆਰਥੀਆਂ ਦੇ ਤਕਨੀਕੀ ਹੁਨਰ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਐਨਡੀਏ ਵਿੱਚ ਆਪਣੇ ਗਰੈਜੂਏਸ਼ਨ ਦੇ ਦਿਨਾਂ ਨੂੰ ਚੇਤੇ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਦੋਂ ਸੰਚਾਰ ਦੇ ਬਹੁਤੇ ਸਾਧਨ ਨਹੀਂ ਹੁੰਦੇ ਸਨ ਪਰ ਵੱਖਰਾ ਯੁੱਗ ਹੈ ਅਤੇ ਵੱਖ ਵੱਖ ਸੰਸਥਾਵਾਂ ਲਗਾਤਾਰਤਾ ਵਿੱਚ ਮਜ਼ਬੂਤੀ ਦਾ ਕੰਮ ਕਰਨਗੀਆਂ। ਮੁੱਖ ਮੰਤਰੀ ਨੇ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸੰਸਥਾ ਦੇ ਆਲੇ ਦੁਆਲੇ ਦਾ ਖੇਤਰ ਪੂਰੀ ਤਰ੍ਹਾਂ ਵਿਕਸਿਤ ਹੋਣ ਅਤੇ ਸਾਲ 2035 ਤੱਕ 8000 ਵਿਦਿਆਰਥੀਆਂ ਨੂੰ ਦਾਖ਼ਲ ਕਰਨ ਦੀ ਸਮਰਥਾ ਨਾਲ ਇਹ ਸੂਬੇ ਲਈ ਉੱਤਮਤਾ ਦਾ ਕੇਂਦਰ ਬਣ ਜਾਵੇਗੀ ਅਤੇ ਕੌਮਾਂਤਰੀ ਹਵਾਈ ਅੱਡੇ ਦੇ ਨੇੜੇ ਹੋਣ ਕਰਕੇ ਯੂਨੀਵਰਸਿਟੀ ਨੂੰ ਹੋਰ ਲਾਭ ਮਿਲੇਗਾ।
ਇਸ ਤੋਂ ਪਹਿਲਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਨੌਜਵਾਨਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਵਿਸ਼ਵ ਪੱਧਰੀ ਯੂਨੀਵਰਸਿਟੀ ਦਾ ਉਦਘਾਟਨ ਪੰਜਾਬ ਲਈ ਮਾਣ ਵਾਲੀ ਗੱਲ ਹੈ। ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਦੀ ਇੱਕ ਹੋਰ ਵਿਸ਼ਵ ਪੱਧਰੀ ਵਿਦਿਅਕ ਸਹੂਲਤਾਂ ਪ੍ਰਦਾਨ ਕਰਨ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕੈਪਟਨ ਅਮਰਿੰਦਰ ਸਿੰਘ ਦੀ ਨੌਜਵਾਨਾਂ ਨੂੰ ਸਿੱਖਿਆ ਪ੍ਰਦਾਨ ਕਰਨ ਦੇ ਉੱਚ ਦ੍ਰਿਸ਼ਟੀਕੋਣ ਦੀ ਇੱਕ ਹੋਰ ਉਦਾਹਰਨ ਹੈ ਅਤੇ ਇਸ ਨਾਲ ਮੁਹਾਲੀ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਫਾਉਂਡਰ ਬਿਨੋਰੀ ਨਾਲਜ ਸਲਿਊਸ਼ਨਜ਼ ਅਸ਼ੀਸ਼ ਗੁਪਤਾ ਨੇ ਮੁੱਖ ਮੰਤਰੀ ਦਾ ਸਨਮਾਨ ਕੀਤਾ।
ਇਸ ਮੌਕੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਸੂਚਨਾ ਟੈਕਨਾਲੋਜੀ ਮੰਤਰੀ ਵਿਜੇ ਇੰਦਰ ਸਿੰਗਲਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਮੀਡੀਆ ਸਲਾਹਕਾਰ ਰਵੀਨ ਠਕੁਰਾਲ, ਵਧੀਕ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਾਨ, ਡੀਸੀ ਗੁਰਪ੍ਰੀਤ ਕੌਰ ਸਪਰਾ, ਐਸਐਸਪੀ ਹਰਚਰਨ ਸਿੰਘ ਭੁੱਲਰ, ਪਸ਼ੂ ਪਾਲਣ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਚੰਡੀਗੜ੍ਹਂ ਯੂਨੀਵਰਸਿਟੀ ਘੜੂੰਆਂ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਸਮੇਤ ਯੂਨੀਵਰਸਿਟੀ ਦੇ ਕੋ-ਫਾਉਂਡਰ ਅਸ਼ੀਸ਼ ਗੁਪਤਾ ਅਸ਼ੋਕਾ, ਟੈਕ ਮਹਿੰਦਰਾ ਸਾਬਕਾ ਕਾਰਜਕਾਰੀ ਵਾਈਜ਼ ਚੇਅਰਮੈਨ ਵਿਨੀਤ ਨਈਅਰ, ਜੈਂਬੋਰੀ ਐਜੂਕੇਸ਼ਨ ਐਮਡੀ ਵਿਨੀਤ ਗੁਪਤਾ, ਫਾਰਮਰ ਇਵੈਲੂਸਰਵ ਦੇ ਸੀਓਓ ਅਸ਼ੀਸ਼ ਗੁਪਤਾ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…