
ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ: ਡੀਸੀ
ਜ਼ਿਲ੍ਹਾ ਮੁਹਾਲੀ ਦੇ ਸਮੂਹ ਪਿੰਡਾਂ ਤੇ ਵਾਰਡ ਪੱਧਰ ’ਤੇ 13 ਜਨਵਰੀ 2019 ਤੱਕ ਮੁਕੰਮਲ ਕੀਤਾ ਜਾਵੇਗਾ ਸਰਵੇ ਦਾ ਕੰਮ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਦਸੰਬਰ:
ਜ਼ਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਵਿਸ਼ੇਸ਼ ਲੋੜਾਂ ਵਾਲੇ ਸਕੂਲੀ ਬੱਚਿਆਂ ਨੂੰ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਇਸ ਸਬੰਧੀ 13 ਜਨਵਰੀ 2019 ਤੱਕ ਜ਼ਿਲ੍ਹੇ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਰਵੇ ਕਰਵਾਇਆ ਜਾਵੇਗਾ ਤਾਂ ਜੋ ਦਿਵਿਆਂਗ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਸਰਕਾਰੀ ਸਹੂਲਤਾਂ ਪੁੱਜਦੀਆਂ ਕੀਤੀਆਂ ਜਾ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਅੱਜ ਇੱਥੋਂ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1 ਵਿੱਚ ਕੌਮਾਂਤਰੀ ਦਿਵਿਆਂਗਜ਼ਨ ਦਿਵਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਸ੍ਰੀਮਤੀ ਸਪਰਾ ਨੇ ਕਿਹਾ ਕਿ ਜ਼ਿਲ੍ਹਾ ਮੁਹਾਲੀ ਵਿੱਚ ਹਾਲੇ ਵੀ ਕੁਝ ਦਿਵਿਆਂਗ ਸਹੂਲਤਾਂ ਤੋਂ ਵਾਂਝੇ ਹਨ। ਸਰਵੇ ਕਰਨ ਦਾ ਮੁੱਖ ਮੰਤਵ ਲੋੜਵੰਦ ਬੱਚਿਆਂ ਤੱਕ ਪਹੁੰਚ ਕਰਕੇ ਉਨ੍ਹਾਂ ਦੀ ਵੱਧ ਤੋਂ ਵੱਧ ਮਦਦ ਕਰਨਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਘੱਟੋ-ਘੱਟ 50 ਦਿਵਿਆਂਗ ਬੱਚਿਆਂ ਦਾ ਇੱਕ ਬੈਂਡ ਤਿਆਰ ਕੀਤਾ ਜਾਵੇਗਾ। ਜਿਸ ਦੀ ਪੇਸ਼ਕਾਰੀ ਉਹ 26 ਜਨਵਰੀ ਮੌਕੇ ਕਰਨਗੇ। ਉਨ੍ਹਾਂ ਕਿਹਾ ਕਿ ਸਾਰੇ ਸਕੂਲਾਂ, ਕਾਲਜਾਂ ਅਤੇ ਹੋਰ ਸਰਕਾਰੀ ਇਮਾਰਤਾਂ ਵਿੱਚ ਦਿਵਿਆਂਗ ਬੱਚਿਆਂ ਲਈ ਰੈਂਪ ਬਣਾਏ ਜਾਣਗੇ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਇਸ ਮੌਕੇ ਦਿਵਿਆਂਗ ਬੱਚਿਆਂ ਵੱਲੋਂ ਪੇਸ਼ ਸਭਿਆਚਾਰਕ ਪ੍ਰੋਗਰਾਮ ਦੀ ਪ੍ਰਸ਼ੰਸਾ ਕਰਦਿਆਂ ਹੋਣਹਾਰ ਬੱਚਿਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ।
ਇਸ ਮੌਕੇ ਐਸਡੀਐਮ ਜਗਦੀਪ ਸਹਿਗਲ, ਡਾ. ਗੁਰਪ੍ਰੀਤ ਸਿੰਘ, ਪ੍ਰੋ. ਐਚਐਸ ਸੇਖੋਂ, ਜ਼ਿਲ੍ਹਾ ਸਮਾਜਿਕ ਤੇ ਸੁਰੱਖਿਆ ਅਫ਼ਸਰ ਰਵਿੰਦਰ ਸਿੰਘ ਰਾਹੀ, ਸੁੱਖਸਾਗਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੁਖਦੀਪ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਪ੍ਰੀਤ ਕੌਰ ਧਾਲੀਵਾਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ, ਤਹਿਸੀਲ ਭਲਾਈ ਅਫ਼ਸਰ ਪਰਮਜੀਤ ਸਿੰਘ, ਸੀਡੀਪੀਓ ਅਰਵਿੰਦਰ ਕੌਰ, ਇੰਦਰਜੀਤ ਕੌਰ, ਸੁਖਮਨੀਤ ਕੌਰ ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਿੰਸੀਪਲ ਗਿੱਨੀ ਦੁੱਗਲ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।