nabaz-e-punjab.com

ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਦੇ 1507 ਕੌਮਾਂਤਰੀ ਯਾਤਰੀਆਂ ਦਾ ਇਕਾਂਤਵਾਸ ਖ਼ਤਮ

ਹੁਣ ਤੱਕ 1042 ਵਿਅਕਤੀਆਂ ਦੇ ਸੈਂਪਲਾਂ ਦੀ ਜਾਂਚ ਕੀਤੀ, 949 ਸੈਂਪਲ ਨੈਗੇਟਿਵ, 34 ਸੈਂਪਲਾਂ ਦੀ ਰਿਪੋਰਟ ਪੈਂਡਿੰਗ

ਨਵਾਂ ਗਾਉਂ ਦੇ ਸਾਰੇ 26 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਪਰੈਲ:
ਕਰੋਨਾਵਾਇਰਸ ਦੇ ਪਾਜ਼ੇਟਿਵ ਕੇਸਾਂ ਦੇ ਮਾਮਲੇ ਵਿੱਚ ਮੁਹਾਲੀ, ਪੰਜਾਬ ਭਰ ’ਚੋਂ ਮੁਹਾਲੀ ਵਿੱਚ ਇਸ ਮਹਾਮਾਰੀ ਤੋਂ ਪੀੜਤ ਸਭ ਤੋਂ ਵੱਧ 62 ਮਰੀਜ਼ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ’ਚੋਂ ਦੋ ਮਰੀਜ਼ਾਂ ਓਮ ਪ੍ਰਕਾਸ਼ ਵਾਸੀ ਨਵਾਂ ਗਾਉਂ ਅਤੇ ਰਾਜ ਕੁਮਾਰੀ ਵਾਸੀ ਖਰੜ ਦੀ ਮੌਤ ਹੋ ਚੁੱਕੀ ਹੈ ਜਦੋਂਕਿ 14 ਪਾਜ਼ੇਟਿਵ ਮਰੀਜ਼ ਠੀਕ ਹੋ ਕੇ ਹਸਪਤਾਲਾਂ ’ਚੋਂ ਆ ਚੁੱਕੇ ਹਨ। ਇਸ ਸਮੇਂ 34 ਨਮੂਨਿਆਂ ਦੀ ਰਿਪੋਰਟਾਂ ਪੈਂਡਿੰਗ ਹਨ।
ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਨਾਲ ਸਬੰਧਤ 1507 ਕੌਮਾਂਤਰੀ ਯਾਤਰੀਆਂ ਦਾ ਇਕਾਂਤਵਾਸ ਅੱਜ ਖ਼ਤਮ ਹੋ ਗਿਆ ਹੈ। ਹੁਣ ਤੱਕ ਜ਼ਿਲ੍ਹੇ ਦੇ 1157 ਆਮ ਲੋਕਾਂ ਨੇ ਇਕਾਂਤਵਾਸ ਦੀ ਮਿਆਦ ਪੂਰੀ ਕਰ ਲਈ ਹੈ ਜਦੋਂਕਿ 445 ਵਿਅਕਤੀ ਹਾਲੇ ਵੀ ਹਾਊਸ ਆਈਸੋਲੇਸ਼ਨ ਤਹਿਤ ਆਪਣੇ ਘਰਾਂ ਵਿੱਚ ਨਜ਼ਰਬੰਦ ਹਨ। ਉਨ੍ਹਾਂ ਦੱਸਿਆ ਕਿ ਪਿੰਡ ਜਵਾਹਰਪੁਰ ਸਮੇਤ ਸਮੁੱਚੇ ਜ਼ਿਲ੍ਹੇ ਅੰਦਰ ਸਥਿਤੀ ਕਾਬੂ ਹੇਠ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ’ਚ ਰਹਿਣ ਤਾਂ ਜੋ ਕਰੋਨਾ ਨੂੰ ਹੋਰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ।
ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੁਣ ਤੱਕ 1042 ਵਿਅਕਤੀਆਂ ਦੇ ਸੈਂਪਲ ਲਏ ਹਨ। ਜਿਨ੍ਹਾਂ ’ਚੋਂ 945 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦੋਂਕਿ 62 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਜਿਹੜੇ ਬਾਕੀ 46 ਪੀੜਤ ਮਰੀਜ਼ ਵੱਖ-ਵੱਖ ਵੱਖ ਹਸਪਤਾਲਾਂ ਵਿੱਚ ਜੇਰੇ ਇਲਾਜ ਹਨ। ਉਨ੍ਹਾਂ ਸਾਰਿਆਂ ਦੀ ਹਾਲਤ ਵੀ ਫਿਲਹਾਲ ਬਿਲਕੁਲ ਠੀਕ ਹੈ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਸੰਪਰਕ ਵਿੱਚ ਆਉਣ ਵਾਲੇ ਹੋਰ ਵਿਅਕਤੀ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਬੁੱਧਵਾਰ ਮੁਹਾਲੀ ਜ਼ਿਲ੍ਹੇ ’ਚੋਂ 29 ਹੋਰ ਨਵੇਂ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ। ਜਿਨ੍ਹਾਂ ’ਚੋਂ ਦੋ ਪ੍ਰਾਈਵੇਟ ਹਸਪਤਾਲਾਂ ਦੇ ਹਨ ਜਦੋਂਕਿ 27 ਸੈਂਪਲ ਮੁਹਾਲੀ ਦੇ ਸਰਕਾਰੀ ਹਸਪਤਾਲਾਂ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਆਦਰਸ਼ ਨਗਰ, ਨਵਾਂ ਗਾਉਂ ’ਚੋਂ ਪੀੜਤ ਮਰੀਜ਼ਾਂ ਦੇ ਮੁਹੱਲੇ ’ਚੋਂ 26 ਸ਼ੱਕੀ ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਸਨ। ਜਿਨ੍ਹਾਂ ’ਚੋਂ ਸਾਰੇ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…