
ਕਰੋਨਾਵਾਇਰਸ: ਮੁਹਾਲੀ ਵਿੱਚ 364 ਨਵੇਂ ਮਾਮਲੇ ਸਾਹਮਣੇ, 1 ਮੌਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜਨਵਰੀ:
ਸਰਦੀ ਦਾ ਮੌਸਮ ਸ਼ੁਰੂ ਹੋਣ ਨਾਲ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਫਿਰ ਤੋਂ ਕਰੋਨਾ ਦੇ ਕੇਸ ਵਧਣੇ ਸ਼ੁਰੂ ਹੋ ਗਏ ਹਨ। ਜਿਸ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਲੋਕਾਂ ਦੀ ਮੁੜ ਤੋਂ ਚਿੰਤਾਵਾਂ ਵਧ ਗਈਆਂ ਹਨ। ਮੁਹਾਲੀ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਕਰੋਨਾ ਮਹਾਮਾਰੀ ਦੇ 364ਨਵੇਂ ਮਾਮਲੇ ਸਾਹਮਣੇ ਆਏ ਹਨ ਜਦੋਂਕਿ ਇਕ ਕਰੋਨਾ ਪੀੜਤ ਮਰੀਜ਼ ਦੀ ਮੌਤ ਹੋ ਗਈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਕੱਲੇ ਮੁਹਾਲੀ ਖੇਤਰ ਵਿੱਚ 197 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਬਨੂੜ ਵਿੱਚ 1, ਕੁਰਾਲੀ ਵਿੱਚ 3, ਲਾਲੜੂ ਵਿੱਚ 7, ਡੇਰਾਬੱਸੀ ਵਿੱਚ 8, ਘੜੂੰਆਂ ਵਿੱਚ 10, ਬੂਥਗੜ੍ਹ ਵਿੱਚ 11, ਖਰੜ ਵਿੱਚ 47 ਅਤੇ ਢਕੌਲੀ ਵਿੱਚ 80 ਲੋਕ ਕਰੋਨਾ ਤੋਂ ਪੀੜਤ ਪਾਏ ਗਏ ਹਨ। ਮੁਹਾਲੀ ਪ੍ਰਸ਼ਾਸਨ ਦੀ ਤਾਜ਼ਾ ਜਾਣਕਾਰੀ ਅਨੁਸਾਰ ਇਸ ਸਮੇਂ ਕਰੋਨਾ ਮਹਾਮਾਰੀ ਦੇ 960 ਨਵੇਂ ਐਕਟਿਵ ਕੇਸ ਹਨ। ਰੋਜ਼ਾਨਾ ਵਧ ਰਹੇ ਕਰੋਨਾ ਮਾਮਲਿਆਂ ਨੇ ਸ਼ਹਿਰ ਵਾਸੀਆਂ ਦੀ ਚਿੰਤਾ ਵਧਾ ਦਿੱਤੀ ਹੈ।