
ਸਿਟੀਜਨ ਵੈਲਫੇਅਰ ਕਲੱਬ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਂਟ
ਨੌਜਵਾਨ ਪੀੜੀ ਨੂੰ ਸ਼ਹੀਦਾਂ ਦੇ ਦਰਸਾਏ ਦੇਸ਼ ਭਗਤੀ ਦੇ ਰਾਹ ’ਤੇ ਚੱਲਣ ਦੀ ਲੋੜ: ਗੋਲਡੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 23 ਮਾਰਚ:
ਅੱਜ ਖਰੜ ਵਿਖੇ ਸਿਟੀਜ਼ਨ ਵੈਲਫੇਅਰ ਕਲੱਬ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਵੱਖ ਵੱਖ ਆਗੂਆਂ ਅਤੇ ਅਹੁਦੇਦਾਰਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਜਪਾ ਪੰਜਾਬ ਦੇ ਸਹਿ ਖਜਾਨਚੀ ਸੁਖਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜੀ ਨੂੰ ਸ਼ਹੀਦਾਂ ਵਲੋਂ ਦਰਸਾਏ ਗਏ ਦੇਸ਼ ਭਗਤੀ ਦੇ ਰਾਹ ’ਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੇ ਹਮੇਸ਼ਾ ਹੀ ਦੇਸ਼ ਦੀ ਸੇਵਾ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਹੈ ਅਤੇ ਅੱਗੇ ਵੀ ਪਾਉਂਦੀ ਰਹੇਗੀ।
ਸੁਖਵਿੰਦਰ ਸਿੰਘ ਗੋਲਡੀ ਨੇ ਅੱਗੇ ਕਿਹਾ ਕਿ ਪੰਜਾਬ ਅੰਦਰ ਜਿਸ ਤਰ੍ਹਾਂ ਦੇ ਮੌਜੂਦਾ ਹਾਲਾਤ ਹਨ ਉਹ ਭਾਵੇਂ ਚਿੰਤਾਜਨਕ ਹਨ ਪਰ ਪੰਜਾਬ ਦੀ ਨੌਜਵਾਨੀ ਨੂੰ ਸ਼ਹੀਦਾਂ ਵੱਲੋਂ ਦਰਸਾਏ ਗਏ ਦੇਸ਼ ਭਗਤੀ ਦੇ ਰਾਹ ‘ਤੇ ਚਲਦਿਆਂ ਦੇਸ਼ ਦੇ ਵਿਕਾਸ ਅਤੇ ਸੁਰੱਖਿਆ ਲਈ ਅੱਗੇ ਆਉਣ ਦੀ ਲੋੜ ਹੈ। ਉਨ੍ਹਾਂ ਮੌਜੂਦਾ ਹਾਲਾਤਾਂ ਵਿਚ ਪੰਜਾਬ ਦੀ ਨੌਜਵਾਨੀ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਨਾਲ ਕਿਸੇ ਦੀਆਂ ਗੱਲਾਂ ਵਿਚ ਆ ਕੇ ਅਜਿਹੀ ਕੋਈ ਕਾਰਵਾਈ ਵਿਚ ਸ਼ਮੂਲੀਅਤ ਨਾ ਕਰਨ ਜਿਸ ਕਾਰਨ ਉਨ੍ਹਾਂ ਦਾ ਭਵਿੱਖ ਖਤਰੇ ਵਿਚ ਪੈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਹੈ, ਜਿਸ ਨੂੰ ਕੋਈ ਵੀ ਤੇ ਕਦੇ ਵੀ ਭੁੱਲ ਨਹੀ ਸਕਦਾ ਅਤੇ ਇਹ ਸਾਡੇ ਲਈ ਮਾਣ ਦੀ ਗੱਲ ਹੈ ਕਿ ਅਸੀਂ ਇਸ ਧਰਤੀ ਜਾਏ ਹਾਂ। ਇਸ ਮੌਕੇ ਜਗਦੀਪ ਸਿੰਘ ਅੌਜਲਾ, ਸੁਭਾਸ਼ ਅਗਰਵਾਲ, ਮੰਡਲ ਪ੍ਰਧਾਨ ਸੁਖਵੀਰ ਰਾਣਾ, ਸੁਦਾਗਰ ਸਿੰਘ, ਬਲਵਿੰਦਰ ਸਿੰਘ, ਹਰਵਿੰਦਰ ਸਿੰਘ, ਦੇਸੂਮਾਜਰਾ ਪ੍ਰਿੰਸੀਪਲ ਗੁਰਮੀਤ ਸਿੰਘ, ਕੁਸ਼ ਰਾਣਾ ਅਤੇ ਹੋਰ ਹਾਜ਼ਰ ਸਨ।