
ਮੁਹਾਲੀ ਵਿੱਚ ਬੱਸ ਅੱਡਾ ਤੇ ਸਿਟੀ ਬੱਸ ਸਰਵਿਸ ਜਲਦੀ ਸ਼ੁਰੂ ਕੀਤੀ ਜਾਵੇਗੀ: ਕੁਲਵੰਤ ਸਿੰਘ
‘ਆਪ’ ਵਿਧਾਇਕ ਨੇ ਮੁਹਾਲੀ ਦੇ ਵਿਕਾਸ ਕੰਮਾਂ ਬਾਰੇ ਅਧਿਕਾਰੀਆਂ ਨਾਲ ਕੀਤੀ ਲੰਬੀ ਚਰਚਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਪਰੈਲ:
ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਨੇ ਮੰਗਲਵਾਰ ਨੂੰ ਨਗਰ ਨਿਗਮ ਦਫ਼ਤਰ ਵਿੱਚ ਕਮਿਸ਼ਨਰ ਨਵਜੋਤ ਕੌਰ ਸਮੇਤ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸ਼ਹਿਰ ਦੇ ਸਰਬਪੱਖੀ ਵਿਕਾਸ ਅਤੇ ਸੜਕਾਂ ਦੀ ਮੁਰੰਮਤ ਬਾਰੇ ਲੰਬੀ ਚਰਚਾ ਕੀਤੀ ਅਤੇ ਅਧਿਕਾਰੀਆਂ ਨੂੰ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁਹਾਲੀ ਵਿੱਚ ਬੱਸ ਅੱਡਾ ਚਾਲੂ ਕਰਨ ਅਤੇ ਸਿਟੀ ਬੱਸ ਸਰਵਿਸ ਜਲਦੀ ਸ਼ੁਰੂ ਕੀਤੀ ਜਾਵੇਗੀ। ਇੱਥੇ ਇਹ ਦੱਸਣਯੋਗ ਹੈ ਕਿ ਸਿਟੀ ਬੱਸ ਸਰਵਿਸ ਦਾ ਮਤਾ ਕੁਲਵੰਤ ਸਿੰਘ ਦੇ ਮੇਅਰ ਹੁੰਦਿਆਂ ਪਾਸ ਕਰਕੇ ਸਰਕਾਰ ਨੂੰ ਪ੍ਰਵਾਨਗੀ ਲਈ ਭੇਜਿਆ ਗਿਆ ਪਰ ਹੁਕਮਰਾਨਾਂ ਨੇ ਹਰੀ ਝੰਡੀ ਦੇਣ ਦੀ ਥਾਂ ਇਸ ਪ੍ਰਾਜੈਕਟ ਨੂੰ ਠੰਢੇ ਬਸਤੇ ਵਿੱਚ ਪਾਈ ਰੱਖਿਆ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਵਿਕਾਸ ਪੱਖੋਂ ਮੁਹਾਲੀ ਸ਼ਹਿਰ ਅਤੇ ਸੜਕਾਂ ਦੀ ਕਾਇਆ-ਕਲਪ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਵਿਧਾਇਕ ਨੇ ਕਿਹਾ ਕਿ ਸ਼ਹਿਰ ਦੀਆਂ ਜ਼ਿਆਦਾਤਰ ਸੜਕਾਂ ਦੀ ਹਾਲਤ ਬਹੁਤ ਖਸਤਾ ਬਣੀ ਹੋਈ ਹੈ। ਥਾਂ-ਥਾਂ ’ਤੇ ਖੱਡੇ ਪਏ ਹੋਏ ਹਨ। ਜਿਸ ਕਾਰਨ ਨਾਗਰਿਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡਿਪਟੀ ਮੇਅਰ ਵੱਲੋਂ ਬੰਦ ਪਏ ਸਟੇਡੀਅਮਾਂ ਦੇ ਬੂਹੇ ਖੋਲ੍ਹਣ ਅਤੇ ਜਾਂਚ ਕਰਵਾਉਣ ਬਾਰੇ ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਉਨ੍ਹਾਂ ਦੀ ਕਾਂਗਰਸ ਪਾਰਟੀ ਦੀ ਸਰਕਾਰ ਸੀ, ਉਦੋਂ ਜਾਂਚ ਕਰਵਾ ਲੈਂਦੇ। ਉਦੋਂ ਡੱਕਾ ਨਹੀਂ ਤੋੜਿਆ। ਮੁਹਾਲੀ ਵਿੱਚ 15 ਕਰੋੜ ਦੀ ਲਾਗਤ ਨਾਲ ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ। ਇਸ ਨਾਲ ਜੁਰਮ ਨੂੰ ਠੱਲ੍ਹ ਪਾਉਣ ਵਿੱਚ ਪੁਲੀਸ ਨੂੰ ਵਧੇਰੇ ਮਦਦ ਮਿਲੇਗੀ ਅਤੇ ਟਰੈਫ਼ਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇੱਕ ਬੱਸ ਅੱਡਾ ਰੇਲਵੇ ਸਟੇਸ਼ਨ ਨੇੜੇ ਬਣਾਇਆ ਜਾਵੇਗਾ ਜਦੋਂਕਿ ਏਸੀ ਬੱਸ ਅੱਡੇ ਨੂੰ ਵਧੀਆ ਤਰੀਕੇ ਨਾਲ ਚਾਲੂ ਕੀਤਾ ਜਾਵੇਗਾ ਅਤੇ ਕੰਪਨੀ ਵੱਲੋਂ ਉਸਾਰੀ ਸਮੇਂ ਆਪਣੇ ਕਬਜ਼ੇ ਵਿੱਚ ਲਏ ਸੜਕ ਦੇ ਇੱਕ ਹਿੱਸੇ ਨੂੰ ਲੋਕਹਿੱਤ ਵਿੱਚ ਖੋਲ੍ਹਿਆ ਜਾਵੇਗਾ। ਇਸ ਤੋਂ ਇਲਾਵਾ ਫਾਇਰ ਬ੍ਰਿਗੇਡ ਸਿਸਟਮ ’ਚ ਸੁਧਾਰ ਲਿਆਂਦਾ ਜਾਵੇਗਾ। ਇਸ ਮੌਕੇ ਨਗਰ ਨਿਗਮ ਦੇ ਸਕੱਤਰ ਰੰਜੀਵ ਕੁਮਾਰ, ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਆਪ ਵਲੰਟੀਅਰ ਹਰਮੇਸ਼ ਸਿੰਘ ਕੁੰਭੜਾ, ਰਾਜੀਵ ਵਸ਼ਿਸ਼ਟ, ਭੀਮ ਸੇਨ, ਗੁਰਜੀਤ ਮਾਮਾ ਮਟੌਰ ਅਤੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।