ਮੁਹਾਲੀ ਵਿੱਚ ਜਲਦੀ ਸ਼ੁਰੂ ਹੋਵੇਗੀ ਸਿਟੀ ਬੱਸ ਸਰਵਿਸ: ਸਿੱਧੂ

ਆਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਨਿਜਾਤ ਪਾਉਣ ਲਈ ਲਾਲੜੂ ਗਊਸ਼ਾਲਾ ਨੂੰ ਅਪਗਰੇਡ ਕੀਤਾ ਜਾਵੇਗਾ:

ਕੌਂਸਲਰ ਬੇਦੀ ਦੀ ਮੰਗ ’ਤੇ ਮੰਤਰੀ ਨੇ ਕਿਹਾ ਸ਼ਹਿਰ ਲਈ ਕਜੌਲੀ ਤੋਂ ਸਿੱਧੇ ਪਾਣੀ ਦੀ ਸਪਲਾਈ ਜਲਦੀ ਹੋਵੇਗੀ ਸ਼ੁਰੂ

ਮੁਹਾਲੀ ਨਿਗਮ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਈ:
ਮੁਹਾਲੀ ਵਿੱਚ ਲੋਕਾਂ ਦੀ ਸਹੂਲਤ ਲਈ ਜਲਦੀ ਹੀ ਸਿਟੀ ਬੱਸ ਸਰਵਿਸ ਚਾਲੂ ਕੀਤੀ ਜਾਵੇਗੀ। ਇਸ ਸਬੰਧੀ ਮੁੱਢਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਗੱਲ ਦਾ ਖੁਲਾਸਾ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ। ਉਹ ਅੱਜ ਮੁਹਾਲੀ ਨਿਗਮ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਉਨ੍ਹਾਂ ਦੇ ਸਨਮਾਨ ਵਿੱਚ ਆਯੋਜਿਤ ਪ੍ਰਭਾਵਸ਼ਾਲੀ ਸਮਾਰੋਹ ਨੂੰ ਸੰਬੋਧਨ ਕਰ ਰਹੇ ਸੀ। ਇਥੇ ਇਹ ਦੱਸਣਯੋਗ ਹੈ ਕਿ ਪਿਛਲੇ ਸਾਲ ਮੁਹਾਲੀ ਨਗਰ ਨਿਗਮ ਵੱਲੋਂ ਸਰਬਸੰਮਤੀ ਨਾਲ ਸਿਟੀ ਬੱਸ ਸਰਵਿਸ ਦਾ ਮਤਾ ਪਾਸ ਕਰਕੇ ਸਰਕਾਰ ਨੂੰ ਪ੍ਰਵਾਨਗੀ ਲਈ ਭੇਜਿਆ ਗਿਆ ਸੀ ਲੇਕਿਨ ਅਜੇ ਤਾਈਂ ਸਰਕਾਰ ਨੇ ਸਿਟੀ ਬੱਸ ਦੇ ਮਤੇ ਨੂੰ ਪ੍ਰਵਾਨਗੀ ਨਹੀਂ ਦਿੱਤੀ ਹੈ ਜਦੋਂਕਿ ਇਸ ਸਬੰਧੀ ਟਰਾਂਸਪੋਰਟ ਵਿਭਾਗ ਵੱਲੋਂ ਰੂਟ ਪਲਾਨ ਵੀ ਤਿਆਰ ਕੀਤਾ ਜਾ ਚੁੱਕਾ ਹੈ।
ਇਸ ਸਬੰਧੀ ਪੁੱਛੇ ਜਾਣ ’ਤੇ ਸ੍ਰੀ ਸਿੱਧੂ ਨੇ ਕਿਹਾ ਕਿ ਕੁਝ ਪ੍ਰਬੰਧਕੀ ਘਾਟਾਂ ਦੇ ਚੱਲਦਿਆਂ ਇਹ ਪ੍ਰਾਜੈਕਟ ਲੇਟ ਹੋ ਰਿਹਾ ਹੈ। ਲੇਕਿਨ ਹੁਣ ਇਸ ਪ੍ਰਾਜੈਕਟ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਉਂਜ ਉਨ੍ਹਾਂ ਕਿਹਾ ਕਿ ਜਦੋਂ ਤੱਕ ਸਿਟੀ ਬੱਸ ਸਰਵਿਸ ਚਾਲੂ ਨਹੀਂ ਹੁੰਦੀ। ਉਦੋਂ ਤੱਕ ਸੀਟੀਯੂ ਦੇ ਰੂਟ ਚਲਾਉਣ ਸਬੰਧੀ ਮੌਕੇ ’ਤੇ ਹਾਜ਼ਰ ਕਮਿਸ਼ਨਰ ਸੰਦੀਪ ਹੰਸ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਟਰਾਂਸਪੋਰਟ ਵਿਭਾਗ ਅਤੇ ਯੂਟੀ ਪ੍ਰਸ਼ਾਸਨ ਨਾਲ ਤਾਲਮੇਲ ਕੀਤਾ ਜਾਵੇ।
ਸ੍ਰੀ ਸਿੱਧੂ ਨੇ ਭਰੋਸਾ ਦਿੱਤਾ ਕਿ ਮੁਹਾਲੀ ਵਾਸੀਆਂ ਨੂੰ ਆਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਠੋਸ ਕਦਮ ਚੁੱਕੇ ਜਾਣਗੇ ਅਤੇ ਇਸ ਸਬੰਧੀ ਜਲਦੀ ਹੀ ਲਾਲੜੂ ਗਊਸ਼ਾਲਾ ਨੂੰ ਅਪਗਰੇਡ ਕੀਤਾ ਜਾਵੇਗਾ। ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਮੰਤਰੀ ਦਾ ਸਵਾਗਤ ਕਰਦਿਆਂ ਮੰਗ ਕੀਤੀ ਕਿ ਪਾਣੀ ਸੰਕਟ ਦੇ ਹੱਲ ਲਈ ਸ਼ਹਿਰ ਵਾਸੀਆਂ ਨੂੰ ਕਜੌਲੀ ਤੋਂ ਸਿੱਧੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ। ਇਸ ਸਬੰਧੀ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਗਮਾਡਾ ਅਧੀਨ ਹੈ। ਇਹ ਮਾਮਲਾ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆ ਕੇ ਲੇਟ ਲਤੀਫ਼ੀ ਲਈ ਗਮਾਡਾ ਅਧਿਕਾਰੀਆਂ ਦੀ ਜਵਾਬਤਲਬੀ ਕੀਤੀ ਜਾਵੇਗੀ।
ਸ੍ਰੀ ਸਿੱਧੂ ਨੇ ਐਲਾਨ ਕੀਤਾ ਕਿ ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਮੁਹਾਲੀ ਦੇ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਮੁਹਾਲੀ ਨੂੰ ਦੇਸ਼ ਦਾ ਮਾਡਲ ਸ਼ਹਿਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਨਿਗਮ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਸੇਵਾਭਾਵਨਾ ਨਾਲ ਨਿਭਾਉਣ ਲਈ ਪ੍ਰੇਰਦਿਆਂ ਕਿਹਾ ਕਿ ਚੰਗਾ ਕੰਮ ਕਰਨ ਵਾਲੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਅਤੇ ਡਿਊਟੀ ਵਿੱਚ ਕੋਤਾਹੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਸ਼ਹਿਰ ਦੀ ਸਫਾਈ ਅਤੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਵੀ ਦਿੱਤੀਆਂ।
ਇਸ ਤੋਂ ਪਹਿਲਾਂ ਕਮਿਸ਼ਨਰ ਸੰਦੀਪ ਹੰਸ ਨੇ ਮੰਤਰੀ ਦਾ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਨਗਰ ਨਿਗਮ ਦੇ ਅਧਿਕਾਰੀ ਅਤੇ ਕਰਮਚਾਰੀ ਸ਼ਹਿਰ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਸਰਕਾਰ ਦੀਆਂ ਉਮੀਦਾਂ ’ਤੇ ਖਰਾ ਉੱਤਰਿਆ ਜਾਵੇਗਾ। ਸੀਨੀਅਰ ਡਿਪਟੀ ਮੇਅਰ ਰਿਸਵ ਜੈਨ ਅਤੇ ਕੌਸਲਰ ਬੀਬੀ ਮੈਣੀ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਅਖੀਰ ਵਿੱਚ ਸੰਯੁਕਤ ਕਮਿਸ਼ਨਰ ਅਵਨੀਤ ਕੌਰ ਨੇ ਮੰਤਰੀ ਤੇ ਹੋਰਨਾਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਵਿਧਾਇਕ ਬੱਸੀ ਪਠਾਣਾ ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ ਜੀਤੀ ਸਿੱਧੂ, ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ, ਕੌਂਸਲਰ ਅਮਰੀਕ ਸਿੰਘ ਸੋਮਲ, ਸ੍ਰੀਮਤੀ ਰਾਜ ਰਾਣੀ, ਐਨ.ਐਸ. ਸਿੱਧੂ, ਜਸਵੀਰ ਸਿੰਘ ਮਾਣਕੂ, ਨਛੱਤਰ ਸਿੰਘ, ਸੁਰਜੀਤ ਕੌਰ ਸੇਠੀ, ਨਰਪਿੰਦਰ ਸਿੰਘ ਰੰਗੀ, ਜਸਪ੍ਰੀਤ ਸਿੰਘ ਗਿੱਲ, ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਸਰਬਜੀਤ ਸਿੰਘ, ਐਸਈ ਮੁਕੇਸ਼ ਗਰਗ, ਐਕਸੀਅਨ ਨਰਿੰਦਰ ਸਿੰਘ ਦਾਲਮ, ਸਰਬਜੀਤ ਸਿੰਘ, ਸਮੇਤ ਨਗਰ ਨਿਗਮ ਦੇ ਹੋਰ ਅਧਿਕਾਰੀ ਅਤੇ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…