ਸਿਵਲ ਸਰਜਨ ਨੇ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਵਾਰਡ ਦਾ ਨਿਰੀਖਣ, ਮਰੀਜ਼ਾਂ ਦਾ ਹਾਲ ਜਾਣਿਆ

ਹਸਪਤਾਲ ਦਾ ਸਾਰਾ ਸਟਾਫ਼ ਹਾਜ਼ਰ ਮਿਲਿਆ, ਮਰੀਜ਼ਾਂ ਨੇ ਸਿਹਤ ਸਹੂਲਤਾਂ ਬਾਰੇ ਤਸੱਲੀ ਪ੍ਰਗਟਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਈ:
ਸਰਕਾਰੀ ਸਿਹਤ ਸੰਸਥਾਵਾਂ ਦੀ ਕਾਰਜਪ੍ਰਣਾਲੀ ਵਿੱਚ ਹੋਰ ਸੁਧਾਰ ਲਿਆਉਣ ਦੇ ਮੰਤਵ ਨਾਲ ਅੱਜ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਵਾਰਡ ਦਾ ਦੌਰਾ ਕਰਕੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਾ. ਆਦਰਸ਼ਪਾਲ ਕੌਰ ਨੇ ਚੈਕਿੰਗ ਦੌਰਾਨ ਮਰੀਜ਼ਾਂ ਨੂੰ ਮੁਫ਼ਤ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਦੀ ਉਪਲਬਧਤਾ ਅਤੇ ਮੈਡੀਕਲ ਸਾਜੋ-ਸਮਾਨ ਦੀ ਵੀ ਜਾਂਚ ਕੀਤੀ ਅਤੇ ਖ਼ੁਦ ਵੱਖ-ਵੱਖ ਕਮਰਿਆਂ ਵਿੱਚ ਜਾ ਕੇ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ ਸਾਰਾ ਸਟਾਫ਼ ਡਿਊਟੀ ’ਤੇ ਹਾਜ਼ਰ ਸੀ। ਸਿਵਲ ਸਰਜਨ ਨੇ ਹਸਪਤਾਲ ਵਿੱਚ ਜੇਰੇ ਇਲਾਜ ਮਰੀਜ਼ਾਂ ਨਾਲ ਵੀ ਸਿੱਧੀ ਗੱਲਬਾਤ ਕੀਤੀ ਅਤੇ ਮਰੀਜ਼ਾਂ ਨੇ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ।
ਸਿਵਲ ਸਰਜਨ ਨੇ ਡਾਕਟਰਾਂ ਸਮੇਤ ਪੈਰਾ ਮੈਡੀਕਲ ਸਟਾਫ਼ ਨੂੰ ਹਦਾਇਤਾਂ ਦਿੱਤੀਆਂ ਕਿ ਐਮਰਜੈਂਸੀ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਪਹਿਲ ਦੇ ਆਧਾਰ ’ਤੇ ਚੈੱਕ ਕੀਤਾ ਜਾਵੇ ਅਤੇ ਉਨ੍ਹਾਂ ਦੀ ਮੁੱਢਲੀ ਜਾਂਚ ਅਤੇ ਇਲਾਜ ਤੁਰੰਤ ਸ਼ੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਐਮਰਜੈਂਸੀ ਕੇਸਾਂ ਦੌਰਾਨ ਪਰਚੀ ਬਣਾਉਣ ਸਮੇਤ ਬਾਕੀ ਕਾਰਵਾਈ ਬਾਅਦ ਵਿੱਚ ਮੁਕੰਮਲ ਕੀਤੀ ਜਾ ਸਕਦੀ ਹੈ ਪਰ ਪਹਿਲਾ ਕੰਮ ਮਰੀਜ਼ ਨੂੰ ਸੰਭਾਲਣਾ ਅਤੇ ਇਲਾਜ ਸ਼ੁਰੂ ਕਰਨਾ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਬਾਹਰੋਂ ਦਵਾਈਆਂ ਲਿਆਉਣ ਲਈ ਕਹਿਣ ਦੀ ਥਾਂ ਹਸਪਤਾਲ ਵਿੱਚ ਹੀ ਉਪਲਬਧ ਦਵਾਈਆਂ ਦਿੱਤੀਆਂ ਜਾਣ। ਉਨ੍ਹਾਂ ਸਾਰੇ ਕਮਰਿਆਂ ਅਤੇ ਵਿਹੜੇ ਵਿੱਚ ਸਾਫ਼-ਸਫ਼ਾਈ ਵੱਲ ਹੋਰ ਵਧੇਰੇ ਧਿਆਨ ਦੇਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਾਂ ਦੀ ਤੰਦਰੁਸਤੀ ਉਨ੍ਹਾਂ ਦੀ ਪਹਿਲੀ ਤਰਜੀਹ ਹੈ, ਜਿਸ ਨਾਲ ਕਿਸੇ ਕਿਸਮ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ।
ਡਾ. ਆਦਰਸ਼ਪਾਲ ਕੌਰ ਨੇ ਮੈਡੀਕਲ ਅਫ਼ਸਰਾਂ ਅਤੇ ਹੋਰ ਸਟਾਫ਼ ਨੂੰ ਜ਼ੋਰ ਦੇ ਕੇ ਆਖਿਆ ਕਿ ਉਹ ਮਰੀਜ਼ਾਂ ਨਾਲ ਹਮਦਰਦੀ ਅਤੇ ਪਿਆਰ ਭਰਿਆ ਵਿਹਾਰ ਕਰਨ। ਜੇਕਰ ਕਦੇ ਕੋਈ ਅਣਸੁਖਾਵੀਂ ਸਥਿਤੀ ਪੈਦਾ ਹੋ ਵੀ ਜਾਂਦੀ ਹੈ ਤਾਂ ਮਰੀਜ਼ਾਂ ਪ੍ਰਤੀ ਹਲੀਮੀ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਡਾਕਟਰ ਅਤੇ ਮਰੀਜ਼ ਦਾ ਰਿਸ਼ਤਾ ਬਹੁਤ ਅਹਿਮੀਅਤ ਰੱਖਦਾ ਹੈ। ਜੇ ਦੋਵਾਂ ਵਿਚਾਲੇ ਸਾਂਝ ਹੈ ਤਾਂ ਸਹੀ ਅਤੇ ਮਿਆਰੀ ਇਲਾਜ ਵਿੱਚ ਮਦਦ ਮਿਲਦੀ ਹੈ। ਜਦ ਡਾਕਟਰ ਮਰੀਜ਼ ਪ੍ਰਤੀ ਹਮਦਰਦੀ ਦਿਖਾਏਗਾ ਤਾਂ ਮਰੀਜ਼ ਅਪਣੀ ਬੀਮਾਰੀ ਬਾਰੇ ਚੰਗੀ ਤਰ੍ਹਾਂ ਖੱੁਲ੍ਹ ਕੇ ਦੱਸ ਸਕਦਾ ਹੈ ਜਿਸ ਨਾਲ ਉਸ ਦਾ ਛੇਤੀ ਇਲਾਜ ਸੰਭਵ ਹੈ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…