ਸਿਵਲ ਸਰਜਨ ਵੱਲੋਂ ਡੇਰਾਬੱਸੀ ਤੇ ਲਾਲੜੂ ਵਿੱਚ ਕੋਵਿਡ ਟੀਕਾਕਰਨ ਦਾ ਨਿਰੀਖਣ

45 ਸਾਲ ਤੋਂ ਵੱਧ ਉਮਰ ਦਾ ਹਰੇਕ ਵਿਅਕਤੀ ਕੋਵਿਡ ਟੀਕਾ ਜ਼ਰੂਰੀ ਲਗਵਾਏ: ਡਾ. ਆਦਰਸ਼ਪਾਲ ਕੌਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਪਰੈਲ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕੋਵਿਡ ਟੀਕਾਕਰਨ ਅਤੇ ਸੈੈਂਪਲਿੰਗ ਦੀ ਚੈਕਿੰਗ ਤਹਿਤ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਡੇਰਾਬੱਸੀ ਅਤੇ ਲਾਲੜੂ ਦੇ ਸਰਕਾਰੀ ਹਸਪਤਾਲਾਂ ਵਿੱਚ ਜਾ ਕੇ ਮੁਹਿੰਮ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਟੀਕਾਕਰਨ ਅਤੇ ਸੈਂਪਲਿੰਗ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਸਿਹਤ ਵਿਭਾਗ ਯਕੀਨੀ ਬਣਾ ਰਿਹਾ ਹੈ ਕਿ 45 ਸਾਲ ਤੋਂ ਉਪਰਲੇ ਹਰ ਵਿਅਕਤੀ ਦਾ ਟੀਕਾਕਰਨ ਹੋਵੇ। ਉਨ੍ਹਾਂ ਕਿਹਾ ਕਿ ਸਿਹਤ ਅਤੇ ਪਰਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੋਵਿਡ-19 ਦੇ ਫੈਲਾਅ ਨੂੰ ਰੋਕਣ ਅਤੇ ਮਰੀਜ਼ਾਂ ਦੀ ਸਾਂਭ-ਸੰਭਾਲ ਲਈ ਵੀ ਜ਼ਿਲ੍ਹਾ ਸਿਹਤ ਵਿਭਾਗ ਲਗਾਤਾਰ ਉਪਰਾਲੇ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਜਿਥੇ ਮਾਸਕ ਪਾਉਣਾ, ਵਾਰ-ਵਾਰ ਹੱਥ ਧੋਣਾ ਅਤੇ ਦੋ ਗਜ਼ ਦੀ ਦੂਰੀ ਰਖਣਾ ਇਸ ਮਹਾਂਮਾਰੀ ਤੋਂ ਬਚਣ ਦਾ ਤਰੀਕਾ ਹੈ, ਉਥੇ ਕੋਵਿਡ ਦਾ ਟੀਕਾ ਵੀ ਇਸ ਬੀਮਾਰੀ ਨਾਲ ਲੜਨ ਦੀ ਤਾਕਤ ਦਿੰਦਾ ਹੈ। ਉਨ੍ਹਾਂ ਲਾਲੜੂ ਦੇ ਸਰਕਾਰੀ ਹਸਪਤਾਲ ਦੁਆਰਾ ਵੱਖ-ਵੱਖ ਥਾਈਂ ਲਾਏ ਗਏ ਆਊਟਰੀਚ ਕੋਵਿਡ ਵੈਕਸੀਨੇਸ਼ਨ ਸੈਂਟਰਾਂ ਦਾ ਵੀ ਦੌਰਾ ਕੀਤਾ। ਉਨ੍ਹਾਂ ਨਾਹਰ ਫ਼ੈਕਟਰੀ ਵਿਚ ਚੱਲ ਰਹੇ ਟੀਕਾਕਰਨ ਦਾ ਵੀ ਜਾਇਜ਼ਾ ਲਿਆ। ਵੱਧ ਤੋਂ ਵੱਧ ਟੀਕਾਕਰਨ ’ਤੇ ਜ਼ੋਰ ਦਿੰਦਿਆਂ ਸਿਵਲ ਸਰਜਨ ਨੇ ਕਿਹਾ ਕਿ ਕੋਵਿਡ ਵੈਕਸੀਨ ਦਾ ਕੋਈ ਮਾੜਾ ਅਸਰ ਨਹੀਂ ਪੈਂਦਾ ਤੇ ਜਿਹੜੇ ਲੋਕ ਹਾਲੇ ਵੀ ਝਿਜਕ ਵਿਖਾ ਰਹੇ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਡਰ-ਭੈਅ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮਹਾਮਾਰੀ ਤੋਂ ਬਚਣ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ। ਕੋਵਿਡ ਵੈਕਸੀਨ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਿਲਕੁਲ ਮੁਫ਼ਤ ਦਿੱਤੀ ਜਾ ਰਹੀ ਹੈ।
ਡਾ. ਆਦਰਸ਼ਪਾਲ ਕੌਰ ਨੇ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ। ਮਾਸਕ ਪਾਉਣਾ, ਵਾਰ-ਵਾਰ ਹੱਥ ਧੋਣੇ ਅਤੇ ਦੋ ਗਜ਼ ਦੀ ਦੂਰੀ ਰਖਣਾ ਬਹੁਤ ਜ਼ਰੂਰੀ ਹੈ। ਜ਼ਰੂਰੀ ਕੰਮ ਪੈਣ ‘ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਭੀੜ ਵਿਚ ਜਾਣ ਤੋਂ ਗੁਰੇਜ਼ ਕੀਤਾ ਜਾਵੇ। ਕਿਸੇ ਵੀ ਜਾਣਕਾਰੀ ਜਾਂ ਸਿਹਤ ਸਮੱਸਿਆ ਸਬੰਧੀ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਹਸਪਤਾਲ ਦੇ ਐਸਐਮਓ ਡਾ. ਐਚਐਸ ਚੀਮਾ, ਐਸਐਮਓ ਡਾ. ਨਵੀਨ ਕੌਸ਼ਿਕ, ਡਾ. ਵਿਕਰਾਂਤ ਨਾਗਰਾ ਅਤੇ ਹੋਰ ਸਟਾਫ਼ ਮੌਜੂਦ ਸੀ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…