ਸਵਾਈਨ ਫਲੂ: ਸਿਵਲ ਸਰਜਨ ਨੇ ਸਰਕਾਰੀ ਹਸਪਤਾਲ ਵਿੱਚ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨਾਲ ਕੀਤੀ ਮੀਟਿੰਗ

ਸਵਾਈਨ ਫਲੂ ਦੇ ਮਰੀਜ਼ਾਂ ਬਾਰੇ ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ: ਸਿਵਲ ਸਰਜਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜਨਵਰੀ:
ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿੱਚ ਸ਼ਹਿਰ ਦੇ ਸਮੂਹ ਪ੍ਰਾਈਵੇਟ ਹਸਪਤਾਲਾਂ ਅਤੇ ਹੋਰ ਪ੍ਰਾਈਵੇਟ ਡਾਕਟਰਾਂ ਨਾਲ ਅਹਿਮ ਕੀਤੀ ਗਈ ਅਤੇ ਉਨ੍ਹਾਂ ਨੂੰ ਸਵਾਈਨ ਫਲੂ ਦੀ ਰੋਕਥਾਮ ਲਈ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਮੀਟਿੰਗ ਵਿੱਚ ਸਰਕਾਰੀ ਹਸਪਤਾਲ ਦੇ ਡਾਕਟਰ ਵੀ ਹਾਜ਼ਰ ਸਨ। ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਨੇ ਪ੍ਰਾਈਵੇਟ ਡਾਕਟਰਾਂ ਨੂੰ ਜ਼ੋਰ ਦੇ ਕੇ ਆਖਿਆ ਕਿ ਸਵਾਈਨ ਫਲੂ ਦੇ ਮਰੀਜ਼ਾਂ ਦੇ ਦਾਖ਼ਲੇ ਸਬੰਧੀ ਤੁਰੰਤ ਸਿਹਤ ਵਿਭਾਗ ਨੂੰ ਜਾਣਕਾਰੀ ਦਿੱਤੀ ਜਾਵੇ ਅਤੇ ਹਸਪਤਾਲਾਂ ਵਿੱਚ ਆਈਸੋਲੇਸ਼ਨ ਵਾਰਡ ਅਤੇ ਫਲੂ ਕਾਰਨਰ ਸੁਚੱਜੀ ਤੇ ਵਰਤੋਂ ਯੋਗ ਹਾਲਤ ਵਿੱਚ ਰੱਖੇ ਜਾਣ।
ਸਿਵਲ ਸਰਜਨ ਨੇ ਕਿਹਾ ਕਿ ਇਹ ਮੌਸਮੀ ਬਿਮਾਰੀ ਨੋਟੀਫਾਈਡ ਹੈ, ਇਸ ਲਈ ਸਿਹਤ ਵਿਭਾਗ ਨੂੰ ਸਵਾਈਨ ਫਲੂ ਦੇ ਮਰੀਜ਼ਾਂ ਅਤੇ ਉਨ੍ਹਾਂ ਦੇ ਇਲਾਜ ਬਾਰੇ ਤੁਰੰਤ ਜਾਣਕਾਰੀ ਭੇਜੀ ਜਾਵੇ। ਉਨ੍ਹਾਂ ਸਵਾਈਨ ਫਲੂ ਦੀ ਰੋਕਥਾਮ ਸਬੰਧੀ ਨਿੱਜੀ ਹਸਪਤਾਲਾਂ ਵੱਲੋਂ ਕੀਤੇ ਗਏ ਪ੍ਰਬੰਧਾਂ ਬਾਰੇ ਵੀ ਸਮੀਖਿਆ ਕੀਤੀ। ਤਾਂ ਜੋ ਸਵਾਈਨ ਫਲੂ ਦੇ ਮਰੀਜ਼ ’ਤੇ ਲਗਾਤਾਰ ਨਿਗਰਾਨੀ ਰੱਖਦਿਆਂ ਉਨ੍ਹਾਂ ਦਾ ਢੁਕਵਾਂ ਇਲਾਜ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਕੋਈ ਵੀ ਨਿੱਜੀ ਹਸਪਤਾਲ ਸ਼ੱਕੀ ਮਰੀਜ਼ ਨੂੰ ਸਵਾਈਨ ਫਲੂ ਹੋਣ ਦੀ ਪੁਸ਼ਟੀ ਨਹੀਂ ਕਰ ਸਕਦਾ। ਪੀਜੀਆਈ, ਚੰਡੀਗੜ੍ਹ ਟੈੱਸਟਾਂ ਲਈ ਨੋਡਲ ਲੈਬ ਹੈ। ਸਵਾਈਨ ਫਲੂ ਦੀ ਪੁਸ਼ਟੀ ਲਈ ਲੈਬ ਟੈੱਸਟ ਮੁਫ਼ਤ ਕੀਤਾ ਜਾਂਦਾ ਹੈ।
ਡਾ. ਭਾਰਦਵਾਜ ਨੇ ਕਿਹਾ ਕਿ ਨਿੱਜੀ ਹਸਪਤਾਲਾਂ ਦੇ ਸਟਾਫ਼ ਦੀ ਵੀ ਸਵਾਈਨ ਫਲੂ ਵਿਰੁੱਧ ਵੈਕਸੀਨੇਸ਼ਨ ਬਹੁਤ ਜ਼ਰੂਰੀ ਹੈ ਕਿਉਂਕਿ ਕਈ ਵਾਰ ਇਲਾਜ ਕਰਨ ਵਾਲੇ ਡਾਕਟਰ ਅਤੇ ਹੋਰ ਸਟਾਫ਼ ਵੀ ਇਸ ਬਿਮਾਰੀ ਦੀ ਲਪੇਟ ਵਿੱਚ ਆ ਜਾਂਦੇ ਹਨ। ਜੇ ਕੋਈ ਸ਼ੱਕੀ ਮਰੀਜ਼ ਹੈ ਤਾਂ ਉਸ ਨੂੰ ਅਤੇ ਉਸ ਦੇ ਸਾਕ-ਸਬੰਧੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਨਾ ਹੋਣ ਦਿੱਤੀ ਜਾਵੇ ਅਤੇ ਉਸ ਦਾ ਇਲਾਜ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ।
ਸਵਾਈਨ ਫਲੂ ਬਾਰੇ ਜ਼ਿਲ੍ਹਾ ਨੋਡਲ ਅਫ਼ਸਰ ਡਾ. ਦੀਪਤੀ ਸ਼ਰਮਾ ਨੇ ਦੱਸਿਆ ਕਿ ਇਹ ਬਿਮਾਰੀ ਐਚ-1ਐਨ-1 ਵਾਇਰਸ ਤੋਂ ਗ੍ਰਸਤ ਵਿਅਕਤੀ ਦੇ ਛਿੱਕ ਮਾਰਨ ਜਾਂ ਖੰਘਣ ਨਾਲ ਅਤੇ ਸਾਹ ਰਾਹੀਂ ਦੂਜੇ ਵਿਅਕਤੀ ਤੱਕ ਬੜੀ ਤੇਜ਼ੀ ਨਾਲ ਫੈਲਦੀ ਹੈ। ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਫਲੂ ਕਾਰਨਰ ਅਤੇ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ ਜਿੱਥੇ ਸਵਾਈਨ ਫਲੂ ਮਰੀਜ਼ਾਂ ਦੀ ਜਾਂਚ ਤੋਂ ਇਲਾਵਾ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਬਿਮਾਰੀ ਦੇ ਇਲਾਜ ਲਈ ਟੈਮੀਫਲੂ ਦੀ ਦਵਾਈ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਬਿਲਕੁਲ ਮੁਫ਼ਤ ਮਿਲਦੀ ਹੈ। ਇਸ ਮੌਕੇ ਸਵਾਈਨ ਫਲੂ ਰੋਕਥਾਮ ਸਬੰਧੀ ਪੋਸਟਰ ਵੀ ਰਿਲੀਜ਼ ਕੀਤਾ ਗਿਆ। ਮੀਟਿੰਗ ਵਿੱਚ ਆਈਵੀਵਾਈ ਸੁਪਰ ਸਪੈਸਲਿਟੀ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਰਾਜੀਵ ਭੱਲਾ, ਇੰਡਸ ਹਸਪਤਾਲ, ਏਸ ਹਾਰਟ ਇੰਸਟੀਚਿਊਟ ਸਮੇਤ ਹੋਰਨਾਂ ਹਸਪਤਾਲਾਂ ਦੇ ਮੈਡੀਕਲ ਸੁਪਰਡੈਂਟ ਅਤੇ ਡਾਕਟਰਾਂ ਨੇ ਹਿੱਸਾ ਲਿਆ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …