
ਸਿਵਲ ਸਰਜਨ ਨੇ ਪੀਐਚਸੀ ਬੂਥਗੜ੍ਹ ਦਾ ਦੌਰਾ ਕਰਕੇ ਡੇਂਗੂ ਦੀ ਸਥਿਤੀ ਦਾ ਲਿਆ ਜਾਇਜ਼ਾ
ਡੇਂਗੂ ਬੀਮਾਰੀ ਤੋਂ ਬਚਾਅ ਲਈ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ’ਤੇ ਜ਼ੋਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਕਤੂਬਰ:
ਡੇਂਗੂ ਬੁਖ਼ਾਰ ਦੇ ਕੇਸਾਂ ਸਬੰਧੀ ਤਾਜ਼ਾ ਸਥਿਤੀ ਦੀ ਸਮੀਖਿਆ ਲਈ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦਾ ਦੌਰਾ ਕੀਤਾ। ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਕਿਰਨਦੀਪ ਕੌਰ, ਹੈਲਥ ਇੰਸਪੈਕਟਰਾਂ ਅਤੇ ਵਰਕਰਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਡੇਂਗੂ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ ਤੇ ਜ਼ਰੂਰੀ ਹਦਾਇਤਾਂ ਦਿਤੀਆਂ। ਸਿਵਲ ਸਰਜਨ ਨੇ ਸਰਵੇ, ਜਾਂਚ ਤੇ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ ’ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ ਸਕੂਲਾਂ ਵਿਚ ਜਾ ਕੇ ਵੀ ਇਸ ਬੀਮਾਰੀ ਤੋਂ ਬਚਾਅ ਲਈ ਜਾਣਕਾਰੀ ਦੇਣ ਲਈ ਆਖਿਆ। ਉਨ੍ਹਾਂ ਪੀਐਚਸੀ ਵਿੱਚ ਡੇਂਗੂ ਟੈਸਟ ਕਿੱਟਾਂ, ਦਵਾਈਆਂ ਅਤੇ ਇਲਾਜ ਦੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਲਈ।
ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਗੁਰਦਵਾਰਿਆਂ ਜਾਂ ਹੋਰ ਧਾਰਮਿਕ ਥਾਵਾਂ ਜ਼ਰੀਏ ਅਨਾਊਂਸਮੈਂਟ ਕਰਵਾਈ ਜਾਵੇ ਅਤੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿੱਥੇ ਵੀ ਕੋਈ ਕੇਸ ਸਾਹਮਣੇ ਆਉਂਦਾ ਹੈ, ਉਥੇ ਮੱਛਰ-ਮਾਰ ਦਵਾਈ ਦਾ ਛਿੜਕਾਅ ਯਕੀਨੀ ਬਣਾਇਆ ਜਾਵੇ। ਜ਼ਿਕਰਯੋਗ ਹੈ ਕਿ ਬੂਥਗੜ੍ਹ ਏਰੀਏ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਦਾ ਕੰਮ ਪਹਿਲਾਂ ਹੀ ਜ਼ੋਰ-ਸ਼ੋਰ ਨਾਲ ਕਰ ਰਹੀਆਂ ਹਨ।
ਸਿਵਲ ਸਰਜਨ ਨੇ ਡੇਂਗੂ ਦੀ ਰੋਕਥਾਮ ਲਈ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਅਪਣੇ ਤੌਰ ’ਤੇ ਸਿਰ ਤੋੜ ਯਤਨ ਕਰ ਰਿਹਾ ਹੈ ਪਰ ਲੋਕਾਂ ਦੀ ਮਦਦ ਨਾਲ ਹੀ ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਅਜਿਹੇ ਕਪੜੇ ਪਾਏ ਜਾਣ ਜਿਨ੍ਹਾਂ ਨਾਲ ਪੂਰਾ ਸਰੀਰ ਢਕਿਆ ਰਹੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਡੇਂਗੂ ਪ੍ਰਤੀ ਨਵੰਬਰ ਅਖ਼ੀਰ ਤੱਕ ਪੂਰੀ ਤਰ੍ਹਾਂ ਚੌਕਸ ਰਹਿਣ ਅਤੇ ਅਪਣਾ ਬਚਾਅ ਕਰਨ ਦੀ ਅਪੀਲ ਕੀਤੀ। ਜੇ ਕੋਈ ਸ਼ੱਕੀ ਡੇਂਗੂ ਪੀੜਤ ਹੈ ਤਾਂ ਤੁਰੰਤ ਨਜ਼ਦੀਕੀ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਈ ਜਾਵੇ।
ਡੇਂਗੂ ਦੀ ਜਾਂਚ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿਚ ਬਿਲਕੁਲ ਮੁਫ਼ਤ ਹੁੰਦਾ ਹੈ। ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਐਸ.ਆਈ. ਸਵਰਨ ਸਿੰਘ, ਜਗਤਾਰ ਸਿੰਘ, ਭੁਪਿੰਦਰ ਸਿੰਘ, ਰਾਜਿੰਦਰ ਸਿੰਘ ਆਦਿ ਮੌਜੂਦ ਸਨ।
ਡੇਂਗੂ ਬੁਖ਼ਾਰ ਦੇ ਲੱਛਣ ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ‘ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ, ਪਾਣੀ ਦੀਆਂ ਟੈਂਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਵਿੱਚ।