ਸਿੱਖਿਆ ਕ੍ਰਾਂਤੀ ਦੇ ਦਾਅਵੇ ਫੋਕੇ: ਫ਼ੀਸਾਂ ਤੇ ਜੁਰਮਾਨਿਆਂ ਵਿਰੁੱਧ ਸਿੱਖਿਆ ਬੋਰਡ ਦੇ ਬਾਹਰ ਜ਼ਬਰਦਸਤ ਰੋਸ ਮੁਜ਼ਾਹਰਾ

ਸਿੱਖਿਆ ਬੋਰਡ ਦੀ ਵਿੱਤੀ ਹਾਲਤ ਸਰਕਾਰ ਤੋਂ ਬਕਾਏ ਲੈ ਕੇ ਸੁਧਾਰਨ ਦੀ ਥਾਂ ਵਿਦਿਆਰਥੀਆਂ ’ਤੇ ਬੋਝ ਪਾਉਣਾ ਗੈਰਵਾਜਬ

ਸਕੂਲ ਬੋਰਡ ਦੇ ਆਨਲਾਈਨ ਪੋਰਟਲ ’ਤੇ ਕੰਮ ਕਰਨ ਲਈ ਡਾਟਾ ਐਂਟਰੀ ਅਪਰੇਟਰਾਂ ਦੀ ਭਰਤੀ ਕਰੇ ਸਰਕਾਰ

ਨਬਜ਼-ਏ-ਪੰਜਾਬ, ਮੁਹਾਲੀ, 3 ਅਕਤੂਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਰਟੀਫਿਕੇਟਾਂ ਦੀ ਹਾਰਡ ਕਾਪੀ ਲੈਣ ਅਤੇ ਪ੍ਰਯੋਗੀ ਪ੍ਰੀਖਿਆ ਲਈ ਫ਼ੀਸਾਂ ਦੀ ਉਗਰਾਹੀ ਅਤੇ ਭਾਰੀ ਜੁਰਮਾਨੇ ਲਗਾਉਣ ਅਤੇ ਪੰਜਾਬ ਸਰਕਾਰ ਵੱਲ ਸਿੱਖਿਆ ਬੋਰਡ ਨੂੰ ਬਕਾਇਆ ਕਰੋੜਾਂ ਰੁਪਏ ਦੀ ਅਦਾਇਗੀ ਨਾ ਕਰਨ ਖ਼ਿਲਾਫ਼ ਅੱਜ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀਟੀਐੱਫ਼) ਦੇ ਸੱਦੇ ’ਤੇ ਪੰਜਾਬ ਭਰ ਦੇ ਅਧਿਆਪਕਾਂ ਵੱਲੋਂ ਸਕੂਲ ਬੋਰਡ ਦੇ ਬਾਹਰ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਵਿਦਿਆਰਥੀ, ਉਨ੍ਹਾਂ ਦੇ ਮਾਪੇ ਅਤੇ ਹੋਰਨਾਂ ਜਨਤਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।
ਡੀਟੀਐੱਫ਼ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਜਨਰਲ ਸਕੱਤਰ ਮੁਕੇਸ਼ ਕੁਮਾਰ ਨੇ ਕਿਹਾ ਕਿ ਸਿੱਖਿਆ ਦਾ ਅਧਿਕਾਰ ਕਾਨੂੰਨ-2009 ਤਹਿਤ ਅੱਠਵੀਂ ਤੱਕ ਸਾਰੇ ਵਿਦਿਆਰਥੀ ਅਤੇ 18 ਸਾਲ ਉਮਰ ਤੱਕ ਦਿਵਿਆਂਗ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਕਾਨੂੰਨਾਂ ਦੀ ਉਲੰਘਣਾ ਕਰਦਿਆਂ ਨੇ ਬੋਰਡ ਮੈਨੇਜਮੈਂਟ ਵੱਲੋਂ ਪੰਜਵੀਂ, ਅੱਠਵੀਂ ਅਤੇ ਦਸਵੀਂ ਦੇ ਸਰਟੀਫਿਕੇਟਾਂ ਦੀ ਹਾਰਡ ਕਾਪੀ ਲੈਣ ਲਈ 200 ਰੁਪਏ ਅਤੇ ਬਾਰ੍ਹਵੀਂ ਲਈ 250 ਰੁਪਏ ਪ੍ਰਤੀ ਵਿਦਿਆਰਥੀ ਫ਼ੀਸ ਲਗਾਉਣ ਦਾ ਫ਼ਰਮਾਨ ਲਾਗੂ ਕੀਤਾ ਗਿਆ ਹੈ ਜੋ ਗਰੀਬ ਪਰਿਵਾਰਾਂ ’ਤੇ ਭਾਰੀ ਬੋਝ ਹੈ।
ਸਿੱਖਿਆ ਬੋਰਡ ਦੀ ਅਫ਼ਸਰਸ਼ਾਹੀ ਵੱਲੋਂ ਸਰਕਾਰੀ ਕਾਨੂੰਨਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ ਜਦੋਂਕਿ ਸੂਬਾ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਇੰਜ ਹੀ ਪ੍ਰੀਖਿਆ ਫ਼ੀਸ, ਰਜਿਸਟ੍ਰੇਸ਼ਨ ਫ਼ੀਸ ਅਤੇ ਕੰਟੀਨਿਊਏਸ਼ਨ ਫ਼ੀਸ ਵਿੱਚ ਕੀਤੇ ਵਾਧੇ ਅਤੇ ਭਾਰੀ ਜੁਰਮਾਨਿਆਂ ਨੂੰ ਨਾਜਾਇਜ਼ ਕਰਾਰ ਦਿੰਦਿਆਂ ਮੰਗ ਕੀਤੀ ਕਿ ਉਕਤ ਫ਼ੈਸਲਾ ਵਾਪਸ ਲਿਆ ਜਾਵੇ ਅਤੇ ਜੁਰਮਾਨੇ ਦੀ ਰਾਸ਼ੀ ਕਿਸੇ ਵੀ ਹਾਲਤ ਵਿੱਚ ਫ਼ੀਸ ਤੋਂ ਵੱਧ ਨਾ ਰੱਖੀ ਜਾਵੇ।
ਡੀਟੀਐੱਫ਼ ਦੇ ਮੀਤ ਪ੍ਰਧਾਨ ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਬੇਅੰਤ ਫੂਲੇਵਾਲ, ਰਘਵੀਰ ਭਵਾਨੀਗੜ੍ਹ ਅਤੇ ਜਸਵਿੰਦਰ ਅੌਜਲਾ, ਸੰਯੁਕਤ ਸਕੱਤਰ ਹਰਜਿੰਦਰ ਵਡਾਲਾ ਬਾਂਗਰ, ਕੁਲਵਿੰਦਰ ਜੋਸ਼ਨ, ਪ੍ਰੈੱਸ ਸਕੱਤਰ ਪਵਨ ਕੁਮਾਰ ਮੁਕਤਸਰ, ਜਥੇਬੰਦਕ ਸਕੱਤਰ ਮਹਿੰਦਰ ਕੌੜਿਆਂਵਾਲੀ, ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ, ਰੁਪਿੰਦਰ ਗਿੱਲ, ਸਹਾਇਕ ਵਿੱਤ ਸਕੱਤਰ ਤੇਜਿੰਦਰ ਸਿੰਘ ਕਪੂਰਥਲਾ ਨੇ ਕਿਹਾ ਕਿ ਪ੍ਰਯੋਗੀ ਪ੍ਰੀਖਿਆਵਾਂ ਸਕੂਲ ਪੱਧਰ ’ਤੇ ਅਧਿਆਪਕਾਂ ਵੱਲੋਂ ਲਏ ਜਾਣ ਕਾਰਨ ਵਿਦਿਆਰਥੀਆਂ ਤੋਂ ਪ੍ਰਯੋਗੀ ਫ਼ੀਸ ਪੂਰੀ ਤਰ੍ਹਾਂ ਤਰਕਹੀਣ ਹੈ।
ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਅਤੇ ਜਨਰਲ ਸਕੱਤਰ ਹਰਦੀਪ ਟੋਡਰਪੁਰ ਸਮੇਤ ਡੀਟੀਐੱਫ਼ ਦੇ ਰਮਨਜੀਤ ਸੰਧੂ, ਇੰਦਰ ਸੁਖਦੀਪ ਸਿੰਘ, ਗਿਆਨ ਚੰਦ, ਪਰਮਿੰਦਰ ਮਾਨਸਾ, ਲਖਵਿੰਦਰ ਸਿੰਘ, ਦਲਜੀਤ ਸਫ਼ੀਪੁਰ, ਹਰਵਿੰਦਰ ਅੱਲੂਵਾਲ, ਅਤਿੰਦਰਪਾਲ ਸਿੰਘ ਘੱਗਾ, ਸੁਖਵਿੰਦਰ ਗਿਰ, ਗੁਰਬਿੰਦਰ ਖਹਿਰਾ ਨੇ ਕਿਹਾ ਕਿ ਬੋਰਡ ਨੇ ਆਨਲਾਈਨ ਪੋਰਟਲ ਰਾਹੀਂ ਆਪਣਾ ਕੰਮ ਘਟਾ ਲਿਆ ਹੈ, ਪ੍ਰੰਤੂ ਅਧਿਆਪਕਾਂ ਨੂੰ ਡਾਟਾ ਐਂਟਰੀ ਅਪਰੇਟਰ ਬਣਾ ਕੇ ਜਿੱਥੇ ਪੜ੍ਹਾਉਣ ਦੇ ਮੁੱਖ ਕਾਰਜ ਤੋਂ ਦੂਰ ਕੀਤਾ ਹੈ, ਉੱਥੇ ਡਾਟਾ ਐਂਟਰੀ ਦੇ ਕੰਮ ਵਿੱਚ ਗਲਤੀਆਂ ਅਤੇ ਮਾਮੂਲੀ ਦੇਰੀ ਲਈ ਅਧਿਆਪਕਾਂ ਨੂੰ ਜੁਰਮਾਨੇ ਕੀਤੇ ਜਾ ਰਹੇ ਹਨ। ਇਸ ਲਈ ਸਰਕਾਰ ਨੂੰ ਸਕੂਲਾਂ ਵਿੱਚ ਡਾਟਾ ਐਂਟਰੀ ਅਪਰੇਟਰਾਂ ਦੀ ਭਰਤੀ ਕਰਕੇ ਅਧਿਆਪਕਾਂ ਨੂੰ ਅਜਿਹੇ ਗੈਰ ਵਿੱਦਿਅਕ ਕੰਮ ਤੋਂ ਛੁਟਕਾਰਾ ਦੇਣਾ ਬਣਦਾ ਹੈ।
ਸਿੱਖਿਆ ਬੋਰਡ ਮੁਲਾਜ਼ਮ ਜਥੇਬੰਦੀ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਨੇ ਬੋਰਡ ਦੀ ਵਿੱਤੀ ਹਾਲਤ ਅਤੇ ਪੰਜਾਬ ਸਰਕਾਰ ਦੀ ਨਾਕਾਮੀਆਂ ਤੋਂ ਜਾਣੂ ਕਰਵਾਇਆ। ਰੋਸ ਪ੍ਰਦਰਸ਼ਨ ਨੂੰ ਦੇਖਦਿਆਂ ਪੰਜਾਬ ਬੋਰਡ ਦੇ ਉਪ ਸਕੱਤਰ ਗੁਰਤੇਜ ਸਿੰਘ ਨੇ 11 ਅਕਤੂਬਰ ਨੂੰ ਡੈਮੋਕ੍ਰੇਟਿਕ ਟੀਚਰਜ਼ ਫਰੰਟ ਨਾਲ ਮੀਟਿੰਗ ਕਰਨ ਦੀ ਜਾਣਕਾਰੀ ਦਿੰਦਿਆਂ ਉਕਤ ਮਸਲਿਆਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮਗਰੋਂ ਧਰਨਾ ਖ਼ਤਮ ਕੀਤਾ ਗਿਆ।
ਮਿਡ-ਡੇਅ-ਮੀਲ ਵਰਕਰਜ਼ ਯੂਨੀਅਨ ਦੇ ਲਖਵਿੰਦਰ ਕੌਰ, ਪੰਜਾਬ ਸਟੂਡੈਂਟਸ ਯੂਨੀਅਨ ਦੇ ਖੁਸ਼ਵਿੰਦਰ ਰਵੀ, ਪੇਂਡੂ ਮਜ਼ਦੂਰ ਯੂਨੀਅਨ ਦੇ ਬਗੀਚਾ ਸਿੰਘ, ਇਫਟੂ ਕਸ਼ਮੀਰ ਬਿੱਲਾ, ਟੀਐੱਸਯੂ ਦੇ ਗੁਰਚਰਨ ਸਿੰਘ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਅੰਗਰੇਜ਼ ਸਿੰਘ, ਡੀਐੱਮਐੱਫ਼ ਦੇ ਮਲਾਗਰ ਸਿੰਘ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…