
ਪੰਜਾਬ ਦੀ ਆਪ ਸਰਕਾਰ ਵੱਲੋਂ ਕਿਸਾਨਾਂ ਦੀ ਬਾਂਹ ਫੜਨ ਦੇ ਦਾਅਵੇ ਝੂਠੇ: ਰਾਜੇਵਾਲ
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਤੇ ਹੋਰ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਅੱਜ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਪਰੈਲ:
ਪੰਜਾਬ ਵਿੱਚ ਪਿਛਲੇ ਦਿਨਾਂ ਦੌਰਾਨ ਬੇਮੌਸਮੀ ਬਾਰਸ਼ ਅਤੇ ਗੜੇਮਾਰੀ ਨਾਲ ਨੁਕਸਾਨੀਆਂ ਗਈਆਂ ਫ਼ਸਲਾਂ ਦੇ ਯੋਗ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਅਤੇ ਹੋਰ ਕਿਸਾਨ ਜਥੇਬੰਦੀਆਂ ਵੱਲੋਂ ਭਲਕੇ ਮੰਗਲਵਾਰ ਨੂੰ ਮੁਹਾਲੀ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਅੱਜ ਧਰਨੇ ਵਾਲੀ ਥਾਂ ਦਾ ਦੌਰਾ ਕਰਨ ਪਹੁੰਚੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਫ਼ਸਲਾਂ ਦੇ ਨੁਕਸਾਨ ਨਾਲ ਕਿਸਾਨਾਂ ਦਾ ਲੱਕ ਟੁੱਟ ਗਿਆ ਹੈ ਅਤੇ ਅੰਨਦਾਤਾ ਨੂੰ ਦੋਹਰੀ ਮਾਰ ਪਈ ਹੈ।
ਪੰਜਾਬ ਦੀ ਆਪ ਸਰਕਾਰ ਵੱਲੋਂ ਪੀੜਤ ਕਿਸਾਨਾਂ ਦੀ ਬਾਂਹ ਫੜਨ ਦੇ ਵਾਅਦਿਆਂ ਨੂੰ ਨਿਰਾ ਝੂਠ ਦੱਸਦਿਆਂ ਰਾਜੇਵਾਲ ਨੇ ਕਿਹਾ ਕਿ ਗਿਰਦਾਵਰੀ ਦੇ ਨਾਂ ’ਤੇ ਸਰਕਾਰ ਕਿਸਾਨਾਂ ਨੂੰ ਗੁਮਰਾਹ ਕਰ ਰਹੀ ਹੈ ਜਦੋਂਕਿ ਸਚਾਈ ਇਹ ਹੈ ਕਿ ਏਡੀਓ ਅਤੇ ਪਟਵਾਰੀਆਂ ਦੀਆਂ ਲਗਪਗ 75 ਫੀਸਦੀ ਅਸਾਮੀਆਂ ਖਾਲੀ ਪਈਆਂ ਹਨ। ਮੁਆਵਜ਼ਾ ਦੇਣ ਦੇ ਮਾਮਲੇ ਵਿੱਚ ਸਰਕਾਰ ਦੀ ਬੇਈਮਾਨੀ ਸਾਫ਼ ਝਲਕ ਰਹੀ ਹੈ ਕਿਉਂਕਿ ਸਰਕਾਰ ਵੱਲੋਂ ਸਰਵੇ ਟੀਮਾਂ ਨੂੰ ਸਪੱਸ਼ਟ ਆਦੇਸ਼ ਦਿੱਤੇ ਹਨ ਕਿ 25 ਫੀਸਦੀ ਤੋਂ ਵੱਧ ਨੁਕਸਾਨ ਨਾ ਲਿਖਿਆ ਜਾਵੇ।
ਸ੍ਰੀ ਰਾਜੇਵਾਲ ਨੇ ਕਿਹਾ ਕਿ ਬੇਮੌਸਮੀ ਬਾਰਸ਼ ਕਾਰਨ ਪੰਜਾਬ ਵਿੱਚ ਕਣਕ ਦੀ ਫ਼ਸਲ 90 ਤੋਂ 95 ਫੀਸਦੀ ਨੁਕਸਾਨੀ ਗਈ ਹੈ। ਇਸ ਤੋਂ ਇਲਾਵਾ ਹਰਾ ਚਾਰਾ ਅਤੇ ਸਬਜ਼ੀਆਂ ਵੀ ਨੁਕਸਾਨੀਆਂ ਗਈਆਂ ਹਨ। ਸਰਹੱਦੀ ਇਲਾਕਿਆਂ ਵਿੱਚ ਤੇਜ ਤੂਫ਼ਾਨ ਕਾਰਨ ਲੋਕਾਂ ਦੇ ਘਰਾਂ ਨੂੰ ਨੁਕਸਾਨ ਪੁੱਜਾ ਹੈ ਪ੍ਰੰਤੂ ਸਰਕਾਰ ਸਿਰਫ਼ ਝੂਠੇ ਲਾਰੇ ਲਗਾ ਕੇ ਡੰਗ ਟਪਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁਆਵਜ਼ੇ ਦੀਆਂ ਸਲੈਬਾਂ ਨੂੰ ਚਾਰ ਤੋਂ ਘਟਾ ਕੇ ਤਿੰਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਅਣਦੇਖੀ ਦੇ ਮੱਦੇਨਜ਼ਰ ਸਮੇਤ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਅਤੇ ਕਿਸਾਨਾਂ ਦੀ ਫ਼ਸਲ ਦੀ ਬਰਬਾਦੀ ਦੇ ਮੁੱਦੇ ’ਤੇ ਭਲਕੇ 11 ਅਪਰੈਲ ਨੂੰ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਵਿਰੁੱਧ ਮੁਹਾਲੀ ਵਿੱਚ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਇੰਚਾਰਜ ਪਰਮਦੀਪ ਸਿੰਘ ਬੈਦਵਾਨ ਨੇ ਦੱਸਿਆ ਕਿ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਭਲਕੇ ਰਾਜੇਵਾਲ ਦੀ ਅਗਵਾਈ ਹੇਠ ਕੀਤੇ ਜਾਣ ਵਾਲੇ ਸੂਬਾ ਪੱਧਰੀ ਰੋਸ ਮੁਜ਼ਾਹਰੇ ਲਈ ਪਿੰਡਾਂ ਵਿੱਚ ਕਿਸਾਨਾਂ ਦੀ ਲਾਮਬੰਦੀ ਕੀਤੀ ਗਈ ਹੈ। ਪੰਜ ਕਿਸਾਨ ਜਥੇਬੰਦੀਆਂ ਵੱਲੋਂ ਰੈਲੀ ਕੀਤੀ ਜਾਣ ਵਾਲੀ ਇਸ ਰੈਲੀ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ਕਿਸਾਨ ਵੱਡੇ ਕਾਫ਼ਲਿਆਂ ਦੇ ਰੂਪ ਵਿੱਚ ਮੁਹਾਲੀ ਪਹੁੰਚਣਗੇ। ਉਨ੍ਹਾਂ ਕਿਹਾ ਕਿ ਪਾਣੀ ਦਾ ਮਸਲਾ ਸਟੇਟ ਸਬਜੈਕਟ ਹੈ। ਇਸ ਸਬੰਧੀ ਰਾਜੇਵਾਲ ਵੱਲੋਂ ਪਹਿਲਾਂ ਵੀ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਸੀ ਕਿ ਕੇਂਦਰ ਸਰਕਾਰ ਨੇ ਡੈਮ ਸੇਫਟੀ ਐਕਟ ਬਣਾ ਕੇ ਡੈੱਮਾਂ ਉੱਤੇ ਕਬਜ਼ਾ ਕਰ ਲਿਆ ਹੈ ਅਤੇ ਇਸ ਨਾਲ ਪਾਣੀ ਦਾ ਪ੍ਰਬੰਧ ਕੇਂਦਰ ਕੋਲ ਚਲਾ ਜਾਵੇਗਾ। ਉਨ੍ਹਾਂ ਕਿਹਾ ਕਿ ਭਲਕੇ ਰੋਸ ਪ੍ਰਦਰਸ਼ਨ ਤੋਂ ਬਾਅਦ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਜਾਵੇਗਾ। ਜੇ ਜਲਦੀ ਕੋਈ ਹੱਲ ਨਾ ਨਿਕਲਿਆ ਤਾਂ ਵੱਡੇ ਪੱਧਰ ’ਤੇ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ, ਲਾਲ ਸਿੰਘ ਕੰਗ, ਚੰਨੀ ਮਟੌਰ ਹਾਜ਼ਰ ਸਨ।