nabaz-e-punjab.com

ਬਾਰ੍ਹਵੀਂ ਸ਼੍ਰੇਣੀ ਦੇ ਅੰਗਰੇਜ਼ੀ ਵਿਸ਼ੇ ਦਾ ਪੇਪਰ ਲੀਕ, ਸਿੱਖਿਆ ਬੋਰਡ ਵੱਲੋਂ ਐਨ ਮੌਕੇ ਪ੍ਰੀਖਿਆ ਮੁਲਤਵੀ

ਬੋਰਡ ਦੇ ਵਾਈਸ ਚੇਅਰਮੈਨ ਨੇ ਮੁਹਾਲੀ ਦੇ ਐਸਐਸਪੀ ਰਾਹੀਂ ਸਟੇਟ ਸਾਈਬਰ ਕ੍ਰਾਈਮ ਨੂੰ ਭੇਜੀ ਸ਼ਿਕਾਇਤ

ਸਿੱਖਿਆ ਮੰਤਰੀ ਬੈਂਸ ਵੱਲੋਂ ਉੱਚ ਪੱਧਰੀ ਜਾਂਚ ਦੇ ਹੁਕਮ, ਕਸੂਰਵਾਰ ਅਧਿਕਾਰੀ ਤੇ ਕਰਮਚਾਰੀ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ: ਬੈਂਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਫਰਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਕਰਵਾਈ ਜਾਣ ਵਾਲੀ ਬਾਰ੍ਹਵੀਂ ਜਮਾਤ ਦੇ ਅੰਗਰੇਜ਼ੀ ਲਾਜ਼ਮੀ ਵਿਸ਼ੇ ਦੀ ਪ੍ਰੀਖਿਆ ਸਬੰਧੀ ਪੇਪਰ ਲੀਕ ਹੋਣ ਕਾਰਨ ਬੋਰਡ ਮੈਨੇਜਮੈਂਟ ਨੂੰ ਐਨ ਮੌਕੇ ਪ੍ਰੀਖਿਆ ਮੁਲਤਵੀ ਕਰਨੀ ਪੈ ਗਈ। ਪ੍ਰੀਖਿਆ ਮੁਲਤਵੀ ਕਰਨ ਦੀ ਪੁਸ਼ਟੀ ਸਕੂਲ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇ.ਆਰ. ਮਹਿਰੋਕ ਨੇ ਕੀਤੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਹੋਣ ਵਾਲਾ ਬਾਰ੍ਹਵੀਂ ਜਮਾਤ ਦਾ ਅੰਗਰੇਜ਼ੀ ਵਿਸ਼ੇ ਦਾ ਪੇਪਰ ਪ੍ਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਹੀ ਲੀਕ ਹੋ ਗਿਆ। ਜਿਸ ਕਾਰਨ ਬੋਰਡ ਮੈਨੇਜਮੈਂਟ ਵੱਲੋਂ ਪ੍ਰੀਖਿਆ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ।
ਬੋਰਡ ਅਧਿਕਾਰੀ ਮਹਿਰੋਕ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ 2 ਵਜੇ ਤੋਂ ਸ਼ਾਮ ਸਵਾ 5 ਵਜੇ ਤੱਕ ਕਰਵਾਈ ਜਾਣ ਵਾਲੀ ਬਾਰ੍ਹਵੀਂ ਸ਼੍ਰੇਣੀ ਦੇ ਅੰਗਰੇਜ਼ੀ ਲਾਜ਼ਮੀ ਵਿਸ਼ੇ ਦੀ ਪ੍ਰੀਖਿਆ ਕੁੱਝ ਪ੍ਰਸ਼ਾਸਨਿਕ ਕਾਰਨਾਂ ਕਰਕੇ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ। ਇਸ ਵਿਸ਼ੇ ਦੀ ਮੁੜ ਪ੍ਰੀਖਿਆ ਸਬੰਧੀ ਅਗਲੀ ਤਰੀਕ ਬਾਰੇ ਸਬੰਧਤ ਵਿਦਿਆਰਥੀਆਂ ਅਤੇ ਪ੍ਰੀਖਿਆ ਅਮਲੇ ਨੂੰ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਸਿੱਖਿਆ ਬੋਰਡ ਵੱਲੋਂ ਸਾਲਾਨਾ ਪ੍ਰੀਖਿਆਵਾਂ ਸਬੰਧੀ ਪ੍ਰਸ਼ਨ-ਪੱਤਰ ਵੱਖ-ਵੱਖ ਬੈਂਕਾਂ ਵਿੱਚ ਸੁਰੱਖਿਅਤ ਰੱਖੇ ਗਏ ਹਨ ਅਤੇ ਪ੍ਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਬੰਧਤ ਵਿਸ਼ੇ ਦੀ ਪ੍ਰੀਖਿਆ ਬਾਬਤ ਪ੍ਰਸ਼ਨ-ਪੱਤਰ ਬੈਂਕ ’ਚੋਂ ਕੱਢ ਕੇ ਪ੍ਰੀਖਿਆ ਕੇਂਦਰ ਵਿੱਚ ਲਿਆਂਦੇ ਜਾਂਦੇ ਹਨ ਪ੍ਰੰਤੂ ਅੱਜ ਹੋਣ ਵਾਲਾ ਪੇਪਰ ਪ੍ਰੀਖਿਆ ਤੋਂ ਪਹਿਲਾਂ ਹੀ ਲੀਕ ਹੋ ਗਿਆ। ਜਿਸ ਨੂੰ ਕਿਸੇ ਵਿਅਕਤੀ ਵੱਲੋਂ ਆਪਣੀ ਫੇਸਬੁੱਕ ’ਤੇ ਅਪਲੋਡ ਕਰ ਦਿੱਤਾ। ਜਿਸ ਕਾਰਨ ਸਿੱਖਿਆ ਵਿਭਾਗ ਅਤੇ ਬੋਰਡ ਮੈਨੇਜਮੈਂਟ ਨੂੰ ਭਾਜੜਾਂ ਪੈ ਗਈਆਂ।
ਉਧਰ, ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਹੋਣ ਵਾਲੀ ਬਾਰ੍ਹਵੀਂ ਦੇ ਅੰਗਰੇਜ਼ੀ ਵਿਸ਼ੇ ਦੀ ਪ੍ਰੀਖਿਆ ਦਾ ਪੇਪਰ ਲੀਕ ਹੋਣ ਦਾ ਗੰਭੀਰ ਨੋਟਿਸ ਲਿਆ ਹੈ। ਸ੍ਰੀ ਬੈਂਸ ਨੇ ਦੱਸਿਆ ਕਿ ਕਿ ਬਾਰ੍ਹਵੀਂ ਜਮਾਤ ਦਾ ਅੱਜ ਹੋਣ ਵਾਲਾ ਪਰਚਾ ਲੀਕ ਹੋਣ ਸਬੰਧੀ ਉਨ੍ਹਾਂ ਨੂੰ ਸੂਚਨਾ ਮਿਲੀ ਸੀ। ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਅੱਜ ਹੋਣ ਵਾਲਾ 12ਵੀਂ ਜਮਾਤ ਦਾ ਅੰਗਰੇਜ਼ੀ ਵਿਸ਼ੇ ਦਾ ਪੇਪਰ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਨੇ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਖ਼ਿਲਾਫ਼ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਮਿਲੀ ਜਾਣਕਾਰੀ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਨੇ ਡਾ. ਵਰਿੰਦਰ ਭਾਟੀਆ ਨੇ ਮਾਮਲੇ ਦੀ ਤੈਅ ਤੱਕ ਲਈ ਮੁਹਾਲੀ ਦੇ ਐੱਸਐੱਸਪੀ ਰਾਹੀਂ ਸਟੇਟ ਸਾਈਬਰ ਕ੍ਰਾਈਮ ਨੂੰ ਉੱਚ ਪੱਧਰੀ ਜਾਂਚ ਲਈ ਲਿਖਤੀ ਸ਼ਿਕਾਇਤ ਭੇਜੀ ਗਈ। ਉਂਜ ਬੋਰਡ ਮੈਨੇਜਮੈਂਟ ਆਪਣੇ ਪੱਧਰ’ਤੇ ਵੀ ਪੇਪਰ ਲੀਕ ਮਾਮਲੇ ਦੀ ਜਾਂਚ ਵਿੱਚ ਜੁੱਟ ਗਿਆ ਹੈ। ਬੋਰਡ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਿਭਾਗੀ ਜਾਂਚ ਅਤੇ ਸਾਈਬਰ ਸੈੱਲ ਦੀ ਜਾਂਚ ਮੁਕੰਮਲ ਹੋਣ ’ਤੇ ਜ਼ਿੰਮੇਵਾਰ ਅਮਲੇ ਖ਼ਿਲਾਫ਼ ਸਖ਼ਤ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਾਸਪੁਰ ਨੇ ਬੋਰਡ ਮੈਨੇਜਮੈਂਟ ਨੂੰ ਦੱਸਿਆ ਗਿਆ ਕਿ ਅੱਜ ਬਾਰ੍ਹਵੀਂ ਜਮਾਤ ਦਾ ਹੋਣ ਵਾਲਾ ਅੰਗਰੇਜ਼ੀ ਦਾ ਪੇਪਰ ਲੀਕ ਹੋ ਗਿਆ ਹੈ। ਇਸ ਸਬੰਧੀ ਸੋਸ਼ਲ ਮੀਡੀਆ ’ਤੇ ਪੋਸਟ ਅਪਲੋਡ ਕੀਤੀ ਗਈ ਹੈ।

Load More Related Articles
Load More By Nabaz-e-Punjab
Load More In General News

Check Also

Gian Jyoti announces scholarships for African students

Gian Jyoti announces scholarships for African students Nabaz-e-Punjab, Mohali, March 2, 20…