
ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਨੇ ਬੈੱਸਟੈਕ ਮਾਲ ਦੀ ਚੌਥੀ ਮੰਜ਼ਲ ਤੋਂ ਛਾਲ ਮਾਰੀ, ਮੌਤ
ਨਬਜ਼-ਏ-ਪੰਜਾਬ, ਮੁਹਾਲੀ, 5 ਅਪਰੈਲ:
ਅਜੋਕੇ ਸਮੇਂ ਵਿੱਚ ਜਿੱਥੇ ਹਰ ਕੋਈ ਵਿਅਕਤੀ ਆਪਣੇ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਧਰ ਉਧਰ ਹੱਥ ਪੈਰ ਮਾਰਦਾ ਹੈ ਅਤੇ ਵਿਦਿਆਰਥੀ ਵੀ ਪੂਰੀ ਸ਼ਿੱਦਤ ਨਾਲ ਪੜ੍ਹਾਈ ਕਰਦੇ ਹਨ ਪ੍ਰੰਤੂ ਨਾਲ ਇਹ ਵੀ ਇੱਕ ਕੌੜਾ ਸੱਚ ਹੈ ਕਿ ਨੌਜਵਾਨ ਡਿਪਰੈਸ਼ਨ ਦਾ ਵੀ ਸ਼ਿਕਾਰ ਹੋ ਰਹੇ ਹਨ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਮੁਹਾਲੀ ਵਿੱਚ ਸਾਹਮਣੇ ਆਇਆ ਹੈ। ਜਿੱਥੇ ਇੱਕ ਨੌਜਵਾਨ ਨੇ ਅੱਜ ਸੈਕਟਰ-66 ਸਥਿਤ ਬੈੱਸਟੈਕ ਮਾਲ ਦੀ ਚੌਥੀ ਮੰਜ਼ਲ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਅਭਿਜੀਤ ਸਿੰਘ (17) ਪੁੱਤਰ ਮਨਮੋਹਨ ਸਿੰਘ ਵਾਸੀ ਫੇਜ਼-11, ਮੁਹਾਲੀ ਵਜੋਂ ਹੋਈ ਹੈ। ਉਹ ਸ਼ਹਿਰ ਦੇ ਇੱਕ ਨਾਮੀ ਪ੍ਰਾਈਵੇਟ ਸਕੂਲ ਵਿੱਚ ਬਾਰ੍ਹਵੀਂ ਜਮਾਤ ਵਿੱਚ ਪੜ੍ਹਦਾ ਸੀ ਅਤੇ ਮਾਪਿਆਂ ਨੂੰ ਉਸ ਤੋਂ ਬਹੁਤ ਵੱਡੀਆਂ ਉਮੀਦਾਂ ਸਨ।
ਫੇਜ਼-11 ਥਾਣੇ ਦੇ ਐਸਐਚਓ ਇੰਸਪੈਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਅੱਜ ਬੈੱਸਟੈਕ ਮਾਲ ਵਿੱਚ ਆਇਆ ਸੀ ਅਤੇ ਉਸ ਨੇ ਅਚਾਨਕ ਚੌਥੀ ਮੰਜ਼ਲ ਤੋਂ ਛਾਲ ਮਾਰ ਦਿੱਤੀ। ਸੂਚਨਾ ਮਿਲਦੇ ਹੀ ਪੁਲੀਸ ਕਰਮਚਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ ਅਤੇ ਨੌਜਵਾਨ ਨੂੰ ਸਰਕਾਰੀ ਹਸਪਤਾਲ ਫੇਜ਼-6 ਵਿੱਚ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਮਨਮੋਹਨ ਸਿੰਘ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਡੀਡੀਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਪਿਆਂ ਦਾ ਕਹਿਣਾ ਹੈ ਕਿ ਉਹ ਕੁੱਝ ਸਮੇਂ ਤੋਂ ਡਿਪਰੈਸ਼ਨ ਵਿੱਚ ਸੀ। ਜਿਸ ਦੇ ਚੱਲਦਿਆਂ ਉਸ ਨੇ ਇਹ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲ ਵਿੱਚ ਪੋਸਟ ਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਪੁਲੀਸ ਨੇ ਬੈੱਸਟੈਕ ਮਾਲ ਦਾ ਦੌਰਾ ਕਰਕੇ ਫੂਡ ਕੋਟ ਦੇ ਸਟਾਫ਼ ਕੋਲੋਂ ਵੀ ਪੁੱਛਗਿੱਛ ਕੀਤੀ ਗਈ ਹੈ ਅਤੇ ਮਾਪਿਆਂ ਦੇ ਵੀ ਬਿਆਨ ਦਰਜ ਕੀਤੇ ਗਏ ਹਨ। ਫਿਲਹਾਲ ਮਾਪਿਆਂ ਨੇ ਕਿਸੇ ’ਤੇ ਕੋਈ ਸ਼ੱਕ ਜਾਹਰ ਨਹੀਂ ਕੀਤਾ ਹੈ, ਪੁਲੀਸ ਅਨੁਸਾਰ ਅਭਿਜੀਤ ਦੇ ਮਾਪਿਆਂ ਨੂੰ ਉਸ ਦੇ ਡਿਪਰੈਸ਼ਨ ਵਿੱਚ ਰਹਿਣ ਬਾਰੇ ਪਹਿਲਾਂ ਤੋਂ ਹੀ ਜਾਣਕਾਰੀ ਸੀ।