Nabaz-e-punjab.com

ਸਰਕਾਰੀ ਸਕੂਲਾਂ ਦੇ ਦਸਵੀਂ ਤੇ ਬਾਰ੍ਹਵੀਂ ਦੇ ਸ਼ਾਨਦਾਰ ਨਤੀਜਿਆਂ ਨੇ ਨਵਾਂ ਇਤਿਹਾਸ ਸਿਰਜਿਆ: ਓਪੀ ਸੋਨੀ

ਮੰਤਰੀ ਨੇ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੀ ਕਾਰਗੁਜ਼ਾਰੀ ਦੀ ਵੀ ਰੱਜ ਕੇ ਕੀਤੀ ਤਾਰੀਫ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਮਈ:
ਇਸ ਵਾਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਸਖ਼ਤ ਮਿਹਨਤ ਕਰਕੇ ਜਿਸ ਤਰੀਕੇ ਨਾਲ ਦਸਵੀਂ ਅਤੇ ਬਾਰ੍ਹਵੀਂ ਦੇ ਸ਼ਾਨਦਾਰ ਨਤੀਜੇ ਦੇ ਕੇ ਨਵਾਂ ਇਤਿਹਾਸ ਸਿਰਜਿਆ ਹੈ, ਉੱਥੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ ’ਚੋਂ ਦੂਜੇ ਨੰਬਰ ਦਾ ਰਾਜ ਹੋਣ ਦਾ ਮਾਣ ਹਾਸਲ ਹੋਇਆ ਹੈ। ਇਹ ਪੰਜਾਬ ਅਤੇ ਸਿੱਖਿਆ ਵਿਭਾਗ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਸਿੱਖਿਆ ਮੰਤਰੀ ਓਪੀ ਸੋਨੀ ਨੇ ਸ਼ੁੱਕਰਵਾਰ ਨੂੰ ਮੁਹਾਲੀ ਵਿੱਚ ਅਧਿਆਪਕਾਂ ਦੇ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਮੰਤਰੀ ਨੇ ਆਪਣੇ ਜੱਦੀ ਜ਼ਿਲ੍ਹਾ ਅੰਮ੍ਰਿਤਸਰ ਦੇ 125, ਤਰਨਤਾਰਨ ਦੇ 51 ਅਤੇ ਜਲੰਧਰ ਦੇ 152 ਸਕੂਲ ਮੁਖੀਆਂ ਨੂੰ ਵਧੀਆ ਨਤੀਜੇ ਦੇਣ ਲਈ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਸਮਾਜ ਵਿੱਚ ਅਧਿਆਪਕ ਦਾ ਦਰਜਾ ਗੁਰੂ ਦੇ ਬਰਾਬਰ ਹੈ। ਉਨ੍ਹਾਂ ਨੇ ਕਿਹਾ ਕਿ ਅਧਿਆਪਕਾਂ ਨੇ ਇਸ ਵਾਰ ਜੀਅ ਜਾਨ ਨਾਲ ਬਹੁਤ ਮਿਹਨਤ ਕੀਤੀ ਹੈ। ਜਿਸ ਸਦਕਾ ਪਿਛਲੇ ਸਾਲ ਅਤੇ ਇਸ ਸਾਲ ਦੇ ਨਤੀਜਿਆਂ ਵਿੱਚ ਪਾਸ ਪ੍ਰਤੀਸ਼ਤ ਦੀ ਦਰ ਬੋਰਡ ਦੇ ਇਤਿਹਾਸ ਵਿੱਚ ਪਹਿਲੀ ਵਾਰ ਏਨੀ ਉੱਪਰ ਗਈ ਹੈ।
ਸਿੱਖਿਆ ਮੰਤਰੀ ਨੇ ਮੰਨਿਆਂ ਕਿ ਪਿਛਲੇ ਸਾਲ ਮੁੱਖ ਮੰਤਰੀ ਸਕੂਲ ਬੋਰਡ ਦੇ ਦਸਵੀਂ ਅਤੇ ਬਾਰ੍ਹਵੀਂ ਦੇ ਸਾਲਾਨਾ ਨਤੀਜਿਆਂ ਬਾਰੇ ਬਹੁਤ ਚਿੰਤਤ ਸਨ ਪਰ ਉਨ੍ਹਾਂ ਨੇ ਭਰੋਸਾ ਦਿੱਤਾ ਸੀ ਕਿ ਐਤਕੀਂ ਬੋਰਡ ਦੇ ਬਿਹਤਰ ਨਤੀਜਿਆਂ ਵਿੱਚ ਬਿਹਤਰ ਸੁਧਾਰ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਵਿੱਚ ਅਧਿਆਪਕਾਂ ਅਤੇ ਸਿੱਖਿਆ ਵਿਭਾਗ ਦੇ ਸਾਰੇ ਅਧਿਕਾਰੀਆਂ ਨੇ ਮਿਹਨਤ ਅਤੇ ਲਗਨ ਨਾਲ ਬਹੁਤ ਹੀ ਸ਼ਾਨਦਾਰ ਨਤੀਜੇ ਦਿੱਤੇ ਹਨ।
ਸ੍ਰੀ ਓ.ਪੀ.ਸੋਨੀ ਨੇ ਕਿਹਾ ਕਿ ਜਦੋਂ ਨੇਕ ਨੀਤੀ ਨਾਲ ਮਿਹਨਤ ਕੀਤੀ ਜਾਂਦੀ ਹੈ ਤਾਂ ਪ੍ਰਮਾਤਮਾ ਵੀ ਸਹਾਇਤਾ ਕਰਦਾ ਹੈ। ਉਨ੍ਹਾਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਾਡੇ ਅਧਿਆਪਕ ਪ੍ਰਾਈਵੇਟ ਸੰਸਥਾਵਾਂ ਦੇ ਅਧਿਆਪਕਾਂ ਨਾਲ਼ੋਂ ਵੱਧ ਸਿੱਖਿਅਤ ਅਤੇ ਮਿਹਨਤੀ ਹਨ। ਸਿੱਖਿਆ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਇਹ ਵੀ ਕਿਹਾ ਕਿ ਪਿਛਲੇ ਸਾਲ ਸਾਨੂੰ ਨਕਲ ਰੋਕਣ ਦੀ ਖ਼ੁਸ਼ੀ ਹੋਈ ਸੀ ਅਤੇ ਇਸ ਵਾਰ ਬਿਹਤਰ ਨਤੀਜਿਆਂ ਦੀ ਆਮਦ ਕਰਕੇ ਉਸ ਤੋਂ ਵੀ ਵੱਧ ਖ਼ੁਸ਼ੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਇਨਸਾਨ ਚਾਹੇ ਕਿਸੇ ਵੀ ਉੱਚੇ ਮੁਕਾਮ ‘ਤੇ ਪਹੁੰਚ ਜਾਵੇ ਕਦੇ ਵੀ ਆਪਣੇ ਸਕੂਲ ਅਤੇ ਅਧਿਆਪਕ ਨੂੰ ਨਹੀਂ ਭੁੱਲਦਾ। ਉਨ੍ਹਾਂ ਅਧਿਆਪਕਾਂ ਦੀ ਲਗਨ ਅਤੇ ਮਿਹਨਤ ਦੀ ਤਾਰੀਫ਼ ਕਰਦਿਆਂ ਕਿਹਾ ਕਿ ਤੁਸੀਂ ਆਪਣਾ ਫਰਜ਼ ਸਮਝ ਕੇ ਅਸੰਭਵ ਨੂੰ ਸੰਭਵ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰੀ ਸਕੂਲ ਨੂੰ ਫੰਡਾਂ ਦੀ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਅਧਿਆਪਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਅਧਾਰ ਤੇ ਹੱਲ ਕੀਤੀਆਂ ਜਾਣਗੀਆਂ।
ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਿੱਖਿਆ ਮੰਤਰੀ ਅਤੇ ਤਿੰਨਾਂ ਜ਼ਿਲ੍ਹਿਆਂ ਤੋਂ ਆਏ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਉੱਪ-ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਪ੍ਰਿੰਸੀਪਲ ਡਾਈਟ, ਜ਼ਿਲ੍ਹਾ ਸਿੱਖਿਆ ਸੁਧਾਰ ਟੀਮਾਂ ਅਤੇ ਸਮੂਹ ਸਕੂਲ ਮੁਖੀਆਂ ਨੂੰ ਜੀ ਆਇਆਂ ਕਹਿੰਦਿਆਂ ਕਿਹਾ ਕਿ ਇਸ ਵਾਰ ਛੇ ਸਰਹੱਦੀ ਜ਼ਿਲ੍ਹਿਆਂ ਦੇ ਨਤੀਜੇ ਸ਼ਾਨਦਾਰ ਆਏ ਹਨ ਅਤੇ ਉਸ ਖ਼ਿੱਤੇ ’ਚੋਂ ਨਕਲ ਦਾ ਮੁਕੰਮਲ ਸਫ਼ਾਇਆ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਪੜ੍ਹਾਈ ਦਾ ਸੁਖਾਵਾਂ ਮਾਹੌਲ ਬਣਿਆ ਹੋਇਆ ਹੈ ਅਤੇ ਅਧਿਆਪਕ ਹਰ ਥਾਂ ਵਿਦਿਆਰਥੀਆਂ ਦੀ ਪੜ੍ਹਾਈ ਸਬੰਧੀ ਗੱਲ ਕਰਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਮਾਜ ਨੂੰ ਸਾਡੇ ਅਧਿਆਪਕਾਂ ਤੋਂ ਬਹੁਤ ਵੱਡੀਆਂ ਆਸਾਂ ਹਨ। ਇਸ ਸਾਲ ਚੰਗੇ ਨਤੀਜੇ ਆਉਣ ਨਾਲ ਅਗਲੇ ਸਾਲ ਲਈ ਅਧਿਆਪਕਾਂ ਦੀ ਜ਼ਿੰਮੇਵਾਰੀ ਹੋਰ ਵੱਧ ਗਈ ਹੈ।
ਸਨਮਾਨ ਸਮਾਰੋਹ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਅੰਮ੍ਰਿਤਸਰ ਸਲਵਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਜਲੰਧਰ ਹਰਵਿੰਦਰਪਾਲ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨ ਤਾਰਨ ਨਿਰਮਲ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਡੀਪੀਆਈ ਇੰਦਰਜੀਤ ਸਿੰਘ, ਸਕੂਲ ਬੋਰਡ ਦੇ ਵਾਇਸ ਚੇਅਰਮੈਨ ਡਾ. ਬਲਦੇਵ ਸਚਦੇਵਾ, ਡਾ. ਦਵਿੰਦਰ ਸਿੰਘ ਬੋਹਾ ਸਮੇਤ ਸਿੱਖਿਆ ਵਿਭਾਗ ਅਤੇ ਸਕੂਲ ਬੋਰਡ ਦੇ ਉੱਚ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…