ਅਕਾਲੀ ਦਲ ਨੂੰ ਕਲੀਨ ਚਿੱਟ ਮਿਲਣ ਨਾਲ ਕਾਂਗਰਸ ਤੇ ਆਪ ਦਾ ਝੂਠ ਬੇਨਕਾਬ ਹੋਇਆ: ਐਨਕੇ ਸ਼ਰਮਾ

ਦੂਸ਼ਣਬਾਜ਼ੀ ਕਰਨ ਵਾਲੇ ਕਾਂਗਰਸ ਤੇ ਆਪ ਆਗੂਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰੇਗਾ ਅਕਾਲੀ ਦਲ:

ਬੇਅਦਬੀ ਸਬੰਧੀ ਅਕਾਲੀ ਦਲ ਖ਼ਿਲਾਫ਼ ਕੀਤੀ ਸਾਜ਼ਿਸ਼ ਦੇ ਮਾਮਲੇ ਵਿੱਚ ਪੰਜਾਬੀਆਂ ਤੋਂ ਮੁਆਫ਼ੀ ਮੰਗਣ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜੁਲਾਈ:
ਪੰਜਾਬ ਪੁਲੀਸ ਦੀ ਸਿੱਟ ਵੱਲੋਂ ਆਪਣੀ ਜਾਂਚ ਰਿਪੋਰਟ ਵਿੱਚ ਬੇਅਦਬੀ ਮਾਮਲੇ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੂੰ ਕਲੀਨ ਚਿੱਟ ਦੇਣ ਨਾਲ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦਾ ਝੂਠ ਬੇਨਕਾਬ ਹੋਇਆ ਹੈ। ਇਸ ਸਬੰਧੀ ਕਾਂਗਰਸ ਅਤੇ ਆਪ ਲੀਡਰਸ਼ਿਪ ਨੂੰ ਹੁਣ ਸਮੁੱਚੇ ਪੰਜਾਬੀਆਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਐਨਕੇ ਸ਼ਰਮਾ ਨੇ ਕਿਹਾ ਕਿ ਉਕਤ ਦੋਵੇਂ ਪਾਰਟੀਆਂ ਨੇ ਸੌੜੀ ਰਾਜਨੀਤੀ ਦੇ ਚੱਲਦਿਆਂ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਤਹਿਤ ਪੰਜਾਬੀਆਂ ਨੂੰ ਗੁਰੂ ਦੇ ਨਾਂ ’ਤੇ ਗੁਮਰਾਹ ਕੀਤਾ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਤਰਜ਼ੀਹ ਦਿੱਤੀ ਹੈ ਅਤੇ ਪੰਜਾਬ ਦੇ ਵਡੇਰੇ ਹਿੱਤਾਂ ਲਈ ਡਟ ਕੇ ਲੋਹਾ ਲਿਆ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲੇ ਵਿੱਚ ਦੂਸ਼ਣਬਾਜ਼ੀ ਕਰਨ ਵਾਲੇ ਕਾਂਗਰਸ ਅਤੇ ਆਪ ਆਗੂਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਲਈ ਚਾਰਾਜੋਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪਿਛਲੇ 5 ਸਾਲ ਕਾਂਗਰਸ ਸਰਕਾਰ ਨੇ ਪੂਰਾ ਡਰਾਮਾ ਕੀਤਾ ਅਤੇ ਕੁੰਵਰ ਵਿਜੈ ਪ੍ਰਤਾਪ ਨੂੰ ਅੱਗੇ ਕਰਕੇ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਈ ਕਸਰ ਨਹੀਂ ਛੱਡੀ। ਇਸ ਮਾਮਲੇ ਵਿੱਚ ਚਾਰ ਐਸਆਈਟੀ ਬਣਾਈਆਂ ਗਈਆਂ ਅਤੇ ਹਾਈ ਕੋਰਟ ਵਿੱਚ ਮਾਮਲਾ ਗਿਆ। ਪੰਜ ਸਾਲ ਬਾਅਦ ਸਰਕਾਰ ਬਦਲ ਗਈ। ਹੁਣ ਆਪ ਨੇ ਵੀ ਜਾਂਚ ਪੂਰੀ ਕਰ ਲਈ ਹੈ ਅਤੇ ਕਾਂਗਰਸੀ ਹੁਣ ਕਹਿਣ ਲੱਗ ਪਏ ਕਿ ਆਪ ਨੇ ਕੁੱਝ ਨਹੀਂ ਕੀਤਾ।
ਇਸ ਮੌਕੇ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ, ਰਣਜੀਤ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਕੰਗ, ਸਾਬਕਾ ਕੌਂਸਲਰ ਮਨਮੋਹਨ ਕੌਰ, ਸਰਕਲ ਪ੍ਰਧਾਨ ਅਵਤਾਰ ਸਿੰਘ ਗੋਸਲ, ਅਕਾਲੀ ਆਗੂ ਜਸਪਾਲ ਸਿੰਘ, ਹਰਪ੍ਰੀਤ ਸਿੰਘ ਸਵਾੜਾ, ਗੁਰਪ੍ਰੀਤ ਸਿੰਘ ਸਿੱਧੂ, ਸਰਬਜੀਤ ਸਿੰਘ ਕਾਦੀਮਾਜਰਾ ਸਮੇਤ ਹੋਰ ਆਗੂ ਹਾਜ਼ਰ ਸਨ।

(ਬਾਕਸ ਆਈਟਮ)
ਐਨਕੇ ਸ਼ਰਮਾ ਨੇ ਕਿਹਾ ਕਿ ਆਪ ਸਰਕਾਰ ਨੇ 3 ਮਹੀਨੇ ਵਿੱਚ ਹੀ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ। ਸਰਕਾਰ ਨੇ 15-16 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ ਹੈ ਅਤੇ ਵੱਖ-ਵੱਖ ਸੂਬਿਆਂ ਵਿੱਚ ਕਰੋੜਾਂ ਰੁਪਏ ਇਸ਼ਤਿਹਾਰ ’ਤੇ ਖ਼ਰਚ ਕਰਕੇ ਫੋਕੀ ਸ਼ੋਹਰਤ ਖੱਟੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਪੰਜਾਬ ਦੇ ਵਿੱਤੀ ਸਰੋਤਾਂ ਨੂੰ ਹਰਿਆਣਾ, ਹਿਮਾਚਲ, ਗੁਜਰਾਤ ਵਿੱਚ ਆਪਣੇ ਨਿੱਜੀ ਹਿੱਤਾਂ ਲਈ ਵਰਤ ਰਹੀ ਹੈ। ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਬਣੀ ਹੋਈ ਹੈ, ਕਤਲ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਾਰੋਬਾਰੀ, ਵਪਾਰੀ ਵਰਗ ਅਤੇ ਗਾਇਕਾਂ ਤੋਂ ਸ਼ਰ੍ਹੇਆਮ ਗੈਂਗਸਟਰਾਂ ਵੱਲੋਂ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …