ਸਫ਼ਾਈ ਵਿਵਸਥਾ: ਟੈਂਡਰ ਪ੍ਰਕਿਰਿਆ ਮੁਕੰਮਲ ਕਰਕੇ ਮਕੈਨੀਕਲ ਸਫ਼ਾਈ ਫੌਰੀ ਸ਼ੁਰੂ ਕਰਵਾਉਣ ਦੇ ਆਦੇਸ਼

ਮੁਹਾਲੀ ਦੀ ਸਫ਼ਾਈ ਵਿਵਸਥਾ ਨੂੰ ਲੈ ਕੇ ਮੇਅਰ ਜੀਤੀ ਸਿੱਧੂ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਨਬਜ਼-ਏ-ਪੰਜਾਬ, ਮੁਹਾਲੀ, 27 ਅਕਤੂਬਰ:
ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਚੁਸਤ-ਦਰੁਸਤ ਕਰਨ ਲਈ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਜਿਸ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਕਮਿਸ਼ਨਰ ਨਵਜੋਤ ਕੌਰ ਵੀ ਹਾਜ਼ਰ ਸਨ। ਮੇਅਰ ਜੀਤੀ ਸਿੱਧੂ ਨੇ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਲੈ ਕੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਦੀਵਾਲੀ ਤੋਂ ਪਹਿਲਾਂ-ਪਹਿਲਾਂ ਸਫ਼ਾਈ ਪੱਖੋਂ ਸ਼ਹਿਰ ਦੀ ਕਾਇਆ-ਕਲਪ ਕਰਨ ਲਈ ਕਿਹਾ।
ਮੇਅਰ ਨੇ ਕਿਹਾ ਕਿ ਮਕੈਨੀਕਲ ਸਫ਼ਾਈ ਸ਼ੁਰੂ ਨਾ ਹੋਣ ਕਾਰਨ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਦੀ ਹਾਲਤ ਮਾੜੀ ਹੋਈ ਪਈ ਹੈ। ਅੰਦਰੂਨੀ ਸੜਕਾਂ ਦੀ ਸਫ਼ਾਈ ਕਰਨ ਵਾਲੇ ਕਰਮਚਾਰੀ ਮੁੱਖ ਸੜਕਾਂ ’ਤੇ ਲਗਾਏ ਗਏ ਹਨ। ਉਨ੍ਹਾਂ ਮਕੈਨੀਕਲ ਸਫ਼ਾਈ ਲਈ ਗਠਿਤ ਵਿਸ਼ੇਸ਼ ਕਮੇਟੀ ਨੂੰ ਟੈਂਡਰ ਖੋਲ੍ਹਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਇਸ ਕੰਮ ਨੂੰ ਛੇਤੀ ਨੇਪਰੇ ਚਾੜ੍ਹਿਆ ਜਾ ਸਕੇ। ਜ਼ਿਕਰਯੋਗ ਹੈ ਕਿ ਮਕੈਨੀਕਲ ਸਫ਼ਾਈ ਦਾ ਕੰਮ ਕਾਫ਼ੀ ਸਮੇਂ ਤੋਂ ਬੰਦ ਪਿਆ ਹੈ। ਨਵੇਂ ਟੈਂਡਰ ਨਾ ਹੋਣ ਕਾਰਨ ਇਹ ਕੰਮ ਹਾਲੇ ਸ਼ੁਰੂ ਨਹੀਂ ਹੋ ਸਕਿਆ।
ਇਸ ਸਬੰਧੀ ਸੈਨੇਟਰੀ ਵਿਭਾਗ ਦੀ ਰਿਪੋਰਟ ਮਕੈਨੀਕਲ ਸਫ਼ਾਈ ਨੂੰ ਠੇਕੇ ’ਤੇ ਦਿੱਤੇ ਜਾਣ ਸਬੰਧੀ 9 ਮੈਂਬਰੀ ਕਮੇਟੀ ਨੂੰ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਨਾਲ ਕਿਸੇ ਵੀ ਤਰ੍ਹਾਂ ਸਮਝੌਤਾ ਨਹੀਂ ਕੀਤਾ ਜਾ ਸਕਦਾ ਅਤੇ ਲਾਪਰਵਾਹੀ ਅਤੇ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸੈਨੇਟਰੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਵਾਧੂ ਕਰਮਚਾਰੀ ਲਗਾ ਕੇ ਦੀਵਾਲੀ ਤੱਕ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਠੀਕ ਕੀਤੀ ਜਾਵੇ ਅਤੇ ਸ਼ਹਿਰ ਵਿੱਚ ਥਾਂ-ਥਾਂ ’ਤੇ ਲੱਗੇ ਗੰਦਗੀ ਦੇ ਢੇਰ ਤੁਰੰਤ ਚੁਕਵਾਏ ਜਾਣ। ਉਨ੍ਹਾਂ ਕਮਿਸ਼ਨਰ ਨੂੰ ਮਕੈਨੀਕਲ ਸਫ਼ਾਈ ਲਈ ਟੈਂਡਰ ਪ੍ਰਕਿਰਿਆ ਮੁਕੰਮਲ ਕਰਕੇ ਇਹ ਕੰਮ ਫੌਰੀ ਸ਼ੁਰੂ ਕਰਵਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ।
ਮੀਟਿੰਗ ਵਿੱਚ ਕੌਂਸਲਰ ਕਮਲਪ੍ਰੀਤ ਸਿੰਘ ਬੰਨੀ, ਰੁਪਿੰਦਰ ਕੌਰ ਰੀਨਾ, ਸੁੱਚਾ ਸਿੰਘ ਕਲੌੜ, ਪਰਮਜੀਤ ਸਿੰਘ ਹੈਪੀ, ਸੰਯੁਕਤ ਕਮਿਸ਼ਨਰ ਕਿਰਨ ਸ਼ਰਮਾ, ਐਸਈ ਨਰੇਸ਼ ਬੱਤਾ, ਸਹਾਇਕ ਕਮਿਸ਼ਨਰ ਰੰਜੀਵ ਕੁਮਾਰ, ਸਿਹਤ ਅਫ਼ਸਰ ਡਾ. ਸੰਜੀਵ ਕੰਬੋਜ ਸਮੇਤ ਸੈਨੇਟਰੀ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…