Nabaz-e-punjab.com

ਸਫ਼ਾਈ ਕਮਿਸ਼ਨ ਵੱਲੋਂ ਸਫ਼ਾਈ ਸੇਵਕਾਂ ਨੂੰ ਘੱਟ ਤਨਖ਼ਾਹ ਦੇਣ ਵਾਲੇ ਠੇਕੇਦਾਰਾਂ ਖ਼ਿਲਾਫ਼ ਕਾਰਵਾਈ ਦੇ ਹੁਕਮ

ਸਫ਼ਾਈ ਸੇਵਕਾਂ ਲਈ ਠੇਕੇਦਾਰੀ ਪ੍ਰਣਾਲੀ ਕੈਂਸਰ ਸਿੱਧ ਹੋਈ: ਚੇਅਰਮੈਨ ਗੇਜਾ ਰਾਮ

ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਨੇ ਸਫ਼ਾਈ ਸੇਵਕਾਂ ਦੀਆਂ ਮੁਸ਼ਕਲਾਂ ਸੁਣੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਦਸੰਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਸਫ਼ਾਈ ਕਰਮਚਾਰੀਆਂ ਨੂੰ ਸਰਕਾਰੀ ਨੇਮਾਂ ਦੇ ਉਲਟ ਘੱਟ ਤਨਖ਼ਾਹ ਦੇਣ ਵਾਲੇ ਸਫ਼ਾਈ ਠੇਕੇਦਾਰਾਂ ਦੀ ਹੁਣ ਖ਼ੈਰ ਨਹੀਂ ਹੈ। ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਾਲਮੀਕ ਨੇ ਮੁਹਾਲੀ ਨਗਰ ਨਿਗਮ ਅਤੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਜਾਰੀ ਕੀਤੇ ਹਨ ਕਿ ਸਫ਼ਾਈ ਸੇਵਕਾਂ ਨੂੰ ਘੱਟ ਤਨਖ਼ਾਹ ਦੇਣ ਵਾਲੇ ਠੇਕੇਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਠੇਕੇਦਾਰ ਸਰਕਾਰ ਤੋਂ ਮੁਲਾਜ਼ਮਾਂ ਦੀ ਪੂਰੀ ਤਨਖ਼ਾਹ ਲੈਂਦੇ ਹਨ ਜਦੋਂਕਿ ਸਫ਼ਾਈ ਸੇਵਕਾਂ ਨੂੰ ਪੂਰੀ ਉਜਰਤ ਨਹੀਂ ਦਿੱਤੀ ਜਾਂਦੀ ਹੈ।
ਅੱਜ ਇੱਥੇ ਨਗਰ ਨਿਗਮ ਦਫ਼ਤਰ ਵਿੱਚ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਸਫ਼ਾਈ ਸੇਵਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਲਈ ਠੇਕਾ ਪ੍ਰਣਾਲੀ ਕੈਂਸਰ ਵਾਂਗ ਹੈ, ਜਿਸ ਨੂੰ ਖ਼ਤਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬਰਾਬਰ ਕੰਮ, ਬਰਾਬਰ ਤਨਖ਼ਾਹ ਦਾ ਫੈਸਲਾ ਸਫ਼ਾਈ ਕਰਮਚਾਰੀਆਂ ਉੱਤੇ ਵੀ ਲਾਗੂ ਹੋਣਾ ਚਾਹੀਦਾ ਹੈ। ਉਨ੍ਹਾਂ ਸਾਰੇ ਸਰਕਾਰੀ ਵਿਭਾਗਾਂ ਅਤੇ ਬੈਂਕਾਂ ਨੂੰ ਹਦਾਇਤ ਕੀਤੀ ਕਿ ਜਿੱਥੇ ਵੀ ਸਫ਼ਾਈ ਸੇਵਕਾਂ ਦੀਆਂ ਅਸਾਮੀਆਂ ਖ਼ਾਲੀ ਹਨ, ਉਨ੍ਹਾਂ ਨੂੰ ਭਰਿਆ ਜਾਵੇ ਅਤੇ ਸਫ਼ਾਈ ਸੇਵਕਾਂ ਦੀਆਂ ਖ਼ਾਲੀ ਅਸਾਮੀਆਂ ਬਾਰੇ 15 ਦਿਨਾਂ ਵਿੱਚ ਕਮਿਸ਼ਨ ਨੂੰ ਰਿਪੋਰਟ ਦਿੱਤੀ ਜਾਵੇ।
ਚੇਅਰਮੈਨ ਨੇ ਹਦਾਇਤ ਕੀਤੀ ਕਿ ਸਫ਼ਾਈ ਸੇਵਕਾਂ ਦੀ ਮੌਤ ਹੋਣ ਮਗਰੋਂ ਐਕਸ ਗਰੇਸ਼ੀਆ ਗਰਾਂਟ ਭੋਗ ਵਾਲੇ ਦਿਨ ਦੇਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਸਫ਼ਾਈ ਸੇਵਕਾਂ ਤੋਂ ਸਫ਼ਾਈ ਤੋਂ ਬਿਨਾਂ ਹੋਰ ਕੋਈ ਵਾਧੂ ਕੰਮ ਨਾ ਲਿਆ ਜਾਵੇ। ਨਾਲ ਹੀ ਉਨ੍ਹਾਂ ਸਫ਼ਾਈ ਸੇਵਕਾਂ/ ਸਰਵਿਸਮੈਨ ਦਾ ਸੁਪਰਵਾਈਜ਼ਰ/ਜਮਾਦਾਰ ਨੂੰ ਯੋਗਤਾ ਮੁਤਾਬਕ ਤਰੱਕੀ ਦੇਣ ਲਈ ਵੀ ਆਖਿਆ। ਸ੍ਰੀ ਗੇਜਾ ਰਾਮ ਨੇ ਕਿਹਾ ਕਿ ਜਿਨ੍ਹਾਂ ਸਫ਼ਾਈ ਸੇਵਕਾਂ ਦੀ ਨੌਕਰੀ ਦੌਰਾਨ ਮੌਤ ਹੋਈ ਹੈ, ਉਨ੍ਹਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਜਲਦੀ ਦੇਣੀ ਯਕੀਨੀ ਬਣਾਈ ਜਾਵੇ।
ਇਸ ਮੌਕੇ ਕਮਿਸ਼ਨ ਦੇ ਮੈਂਬਰ ਇੰਦਰਜੀਤ ਸਿੰਘ ਨੇ ਕਿਹਾ ਕਿ ਸਫ਼ਾਈ ਸੇਵਕਾਂ ਦਾ ਹਰ ਤਿੰਨ ਮਹੀਨੇ ਬਾਅਦ ਮੈਡੀਕਲ ਕਰਵਾਇਆ ਜਾਵੇ ਅਤੇ ਉਨ੍ਹਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਜਿਵੇਂ ਕਿ ਵਰਦੀ, ਸਾਬਣ, ਤੇਲ ਅਤੇ ਗੁੜ ਮੁਹੱਈਆ ਕੀਤਾ ਜਾਵੇ। ਕਮਿਸ਼ਨ ਦੇ ਵਾਈਸ ਚੇਅਰਮੈਨ ਰਾਮ ਸਿੰਘ ਨੇ ਸਫ਼ਾਈ ਸੇਵਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਕਦੇ ਵੀ ਕੋਈ ਲੋੜ ਪੈਂਦੀ ਹੈ ਤਾਂ ਉਹ ਤੁਰੰਤ ਵਣ ਭਵਨ ਸੈਕਟਰ-68 ਸਥਿਤ ਕਮਿਸ਼ਨ ਦੇ ਦਫ਼ਤਰ ਵਿੱਚ ਸੰਪਰਕ ਕਰ ਸਕਦੇ ਹਨ। ਮੀਟਿੰਗ ਵਿੱਚ ਏਡੀਸੀ (ਡੀ) ਸ੍ਰੀਮਤੀ ਆਸ਼ਿਕਾ ਜੈਨ, ਨਗਰ ਨਿਗਮ ਦੇ ਕਮਿਸ਼ਨਰ ਕਮਲ ਗਰਗ, ਸੰਯੁਕਤ ਕਮਿਸ਼ਨਰ ਡਾ. ਕਨੂੰ ਥਿੰਦ, ਜ਼ਿਲ੍ਹਾ ਮਾਲ ਅਫ਼ਸਰ ਮੇਜਰ ਗੁਰਜਿੰਦਰ ਸਿੰਘ ਬੈਨੀਪਾਲ, ਡੀਐਸਪੀ ਦੀਪ ਕਮਲ, ਜ਼ਿਲ੍ਹਾ ਭਲਾਈ ਅਫ਼ਸਰ ਸੁੱਖਸਾਗਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…